5 Dariya News

‘ਮਿਸ਼ਨ ਫ਼ਤਿਹ’ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਐਸ. ਐਸ. ਪੀ ਸਤਿੰਦਰ ਸਿੰਘ ਖ਼ੁਦ ਨਿੱਤਰੇ ਮੈਦਾਨ ’ਚ

ਘਰ-ਘਰ ਜਾ ਕੇ ਕੋਰੋਨਾ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਦਾ ਦਿੱਤਾ ਸੱਦਾ

5 Dariya News

ਕਪੂਰਥਲਾ 20-Jun-2020

ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਖਿਲਾਫ਼ ਜੰਗ ਵਿਚ ਫਤਿਹ ਹਾਸਲ ਕਰਨ ਲਈ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਦੇ ਸੰਦੇਸ਼ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਮਨਾਏ ਜਾ ਰਹੇ ਵਿਸ਼ੇਸ਼ ਸਪਤਾਹ ਵਿਚ ਵੱਖ-ਵੱਖ ਵਿਭਾਗਾਂ ਵੱਲੋਂ ਰੋਜ਼ਾਨਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸੇ ਤਹਿਤ ਅੱਜ ਪੁਲਿਸ ਵਿਭਾਗ ਵੱਲੋਂ ਐਸ. ਐਸ. ਪੀ ਸ੍ਰੀ ਸਤਿੰਤਰ ਸਿੰਘ ਦੀ ਅਗਵਾਈ ਵਿਚ ਸਮੁੱਚੇ ਜ਼ਿਲੇ ਦੇ ਸ਼ਹਿਰਾਂ ਅਤੇ ਪਿੰਡਾਂ ਵਿਚ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਦੌਰਾਨ ਜ਼ਿਲੇ ਦੀਆਂ ਸਮੂਹ ਸਬ-ਡਵੀਜ਼ਨਾਂ ਵਿਚ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਜ਼ਮੀਨੀ ਪੱਧਰ ’ਤੇ ਲੋਕਾਂ ਨੂੰ ਇਸ ਮਹਾਂਮਾਰੀ ਪ੍ਰਤੀ ਜਾਗਰੂਕ ਕੀਤਾ ਗਿਆ। ਇਸ ਮੁਹਿੰਮ ਦੀ ਕਮਾਨ ਖ਼ੁਦ ਜ਼ਿਲਾ ਪੁਲਿਸ ਮੁਖੀ ਸ੍ਰੀ ਸਤਿੰਦਰ ਸਿੰਘ ਨੇ ਸੰਭਾਲਦਿਆਂ ਕਪੂਰਥਲਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਅਤੇ ਬਾਜ਼ਾਰਾਂ ਵਿਚ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਾਅ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਪ੍ਰਤੀ ਜਾਗਰੂਕ ਕੀਤਾ ਗਿਆ। ਇਸ ਦੌਰਾਨ ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ ਲਈ ਕਿਹਾ, ਤਾਂ ਜੋ ਇਸ ਬਿਮਾਰੀ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਉਨਾਂ ਕਿਹਾ ਕਿ ਸਾਨੂੰ ਆਪਣੇ, ਆਪਣੇ ਪਰਿਵਾਰ ਅਤੇ ਸਮਾਜ ਦੀ ਸੁਰੱਖਿਆ ਲਈ ਸਮਾਜਿਕ ਦੂਰੀ, ਮਾਸਕ ਦੀ ਵਰਤੋਂ, ਵਾਰ-ਵਾਰ ਹੱਥ ਧੋਣ ਅਤੇ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ। ਉਨਾਂ ਅਪੀਲ ਕੀਤੀ ਕਿ ਬਿਨਾਂ ਕਿਸੇ ਲੋੜ ਤੋਂ ਘਰੋਂ ਬਾਹਰ ਨਾ ਨਿਕਲਿਆ ਜਾਵੇ। 

ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਇਸ ਮਹਾਂਮਾਰੀ ਤੋਂ ਸੁਰੱਖਿਅਤ ਰੱਖਣ ਲਈ ਹੀ ‘ਮਿਸ਼ਨ ਫ਼ਤਿਹ’ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਜ਼ਮੀਨੀ ਪੱਧਰ ’ਤੇ ਸਾਵਧਾਨੀਆਂ ਵਰਤਣ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ। ਇਸ ਦੌਰਾਨ ਲੋਕਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਜਾਰੀ ਹਦਾਇਤਾਂ ਅਤੇ ਸਾਵਧਾਨੀਆਂ ਦਾ ਪੂਰੀ ਤਰਾਂ ਪਾਲਣ ਕਰਨਗੇ। ਇਸ ਦੌਰਾਨ ਸਮੁੱਚੇ ਜ਼ਿਲੇ ਵਿਚ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਾਵਧਾਨੀਆਂ ਬਾਰੇ ਪੈਂਫਲਿਟ ਵੀ ਵੰਡੇ ਗਏ। ਇਸ ਮੌਕੇ ਐਸ. ਪੀ. ਮਨਦੀਪ ਸਿੰਘ ਗਿੱਲ, ਡੀ. ਐਸ. ਪੀ ਸੰਦੀਪ ਸਿੰਘ ਮੰਡ, ਡੀ. ਐਸ. ਪੀ ਸੁਰਿੰਦਰ ਸਿੰਘ, ਡੀ. ਐਸ. ਪੀ ਜੋਗਿੰਦਰ ਸਿੰਘ, ਟ੍ਰੈਫਿਕ ਇੰਚਾਰਜ ਦੀਪਕ ਸ਼ਰਮਾ ਹਾਜ਼ਰ ਸਨ।ਇਸੇ ਤਰਾਂ ਸਬ-ਡਵੀਜ਼ਨ ਫਗਵਾੜਾ ਵਿਖੇ ਐਸ. ਪੀ ਮਨਵਿੰਦਰ ਸਿੰਘ, ਡੀ. ਐਸ. ਪੀ ਪਰਮਜੀਤ ਸਿੰਘ ਅਤੇ ਸਮੂਹ ਥਾਣਾ ਮੁਖੀਆਂ ਵੱਲੋਂ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਸਬ-ਡਵੀਜ਼ਨ ਭੁਲੱਥ ਵਿਖੇ ਡੀ. ਐਸ. ਪੀ ਜਤਿੰਦਰਜੀਤ ਸਿੰਘ ਅਤੇ ਥਾਣਾ ਮੁਖੀਆਂ ਵੱਲੋਂ ਲੋਕਾ ਨੂੰ ਸਾਵਧਾਨੀਆਂ ਪ੍ਰਤੀ ਜਾਣੂ ਕਰਵਾਇਆ ਗਿਆ। ਇਸੇ ਤਰਾਂ ਸਬ-ਡਵੀਜ਼ਨ ਸੁਲਤਾਨਪੁਰ ਲੋਧੀ ਵਿਖੇ ਡੀ. ਐਸ. ਪੀ ਸਰਵਨ ਸਿੰਘ ਬੱਲ ਦੀ ਅਗਵਾਈ ਵਿਚ ਸਮੂਹ ਥਾਣਾ ਮੁਖੀਆਂ ਵੱਲੋਂ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸੇ ਤਰਾਂ ਜ਼ਿਲੇ ਦੇ ਸਮੂਹ ਸਾਂਝ ਕੇਂਦਰਾਂ ਵੱਲੋਂ ਵੀ ਇਸ ਮੁਹਿੰਮ ਵਿਚ ਹਿੱਸਾ ਲਿਆ ਗਿਆ ਅਤੇ ਟ੍ਰੈਫਿਕ ਪੁਲਿਸ ਦੇ ਜਵਾਨਾਂ ਨੇ ਵੀ ਪੈਂਫਲਿਟ ਵੰਡ ਕੇ ਲੋਕਾਂ ਨੂੰ ਜਾਗਰੂਕ ਕੀਤਾ।