5 Dariya News

ਸ਼ਹੀਦ-ਏ-ਆਜ਼ਮ ਦੇ ਜਨਮ ਦਿਵਸ ਮੌਕੇ ਹੋਵੇਗੀ ਕਿਸਾਨ ਵਿਰੋਧੀ ਨੀਤੀਆਂ ਖਿਲਾਫ਼ ਲੰਬੀ ਲੜਾਈ ਦੀ ਸ਼ੁਰੂਆਤ-ਚੰਨੀ, ਅਰੋੜਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਹਰੀਸ਼ ਰਾਵਤ, ਸੁਨੀਲ ਜਾਖੜ ਅਤੇ ਸਮੁੱਚੀ ਲੀਡਰਸ਼ਿਪ ਖਟਕੜ ਕਲਾਂ ਵਿਖੇ ਸ਼ਹੀਦ ਨੂੰ ਕਰੇਗੀ ਸ਼ਰਧਾ ਸੁਮਨ ਅਰਪਿਤ

5 Dariya News

ਬੰਗਾ/ਨਵਾਂਸ਼ਹਿਰ 27-Sep-2020

ਪੰਜਾਬ ਸਰਕਾਰ ਵੱਲੋਂ ਕਿਸਾਨੀ ਨੂੰ ਖ਼ਤਮ ਕਰਨ ਦੇ ਮਨਸੂਬੇ ਘੜ ਰਹੀ ਕੇਂਦਰ ਸਰਕਾਰ ਖਿਲਾਫ਼ ਲੰਬੀ ਲੜਾਈ ਦੀ ਸ਼ੁਰੂਆਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਭਲਕੇ 28 ਸਤੰਬਰ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਤੋਂ ਕੀਤੀ ਜਾਵੇਗੀ। ਇਹ ਪ੍ਰਗਟਾਵਾ ਅੱਜ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੁੰਦਰ ਸ਼ਾਮ ਅਰੋੜਾ ਨੇ ਭਲਕੇ  ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕਰਵਾਏ ਜਾ ਰਹੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਉਨਾਂ ਕਿਹਾ ਕਿ ਭਲਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ, ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਸ਼ਹੀਦ ਨੂੰ ਨਮਨ ਕਰਨ ਲਈ ਖਟਕੜ ਕਲਾਂ ਪਹੁੰਚ ਰਹੇ ਹਨ। ਉਨਾਂ ਦੱਸਿਆ ਕਿ ਇਸ ਮੌਕੇ ਐਮ. ਪੀਜ਼, ਕੈਬਨਿਟ ਮੰਤਰੀ ਅਤੇ ਵਿਧਾਇਕ ਸਾਹਿਬਾਨ ਵੀ ਮੌਜੂਦ ਰਹਿਣਗੇ। ਉਨਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾ ਸੁਮਨ ਅਰਪਿਤ ਕਰਨ ਉਪਰੰਤ ਮੁੱਖ ਮੰਤਰੀ ਦੀ ਅਗਵਾਈ ਹੇਠ ਸਮੁੱਚੀ ਲੀਡਰਸ਼ਿਪ ਕੇਂਦਰ ਦੇ ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ਖਿਲਾਫ਼ ਧਰਨੇ ’ਤੇ ਬੈਠੇਗੀ। ਉਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਇਕ ਸੋਚੀ ਸਮਝੀ ਸਾਜਿਸ਼ ਤਹਿਤ ਪੰਜਾਬ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਪਰੰਤੂ ਉਸ ਦੇ ਭੈੜੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਕੇਂਦਰ ਵੱਲੋਂ ਲਿਆਂਦੇ ਇਨਾਂ ਕਾਲੇ ਕਾਨੂੰਨਾਂ ਨੂੰ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਭਲਕੇ ਲੰਬੇ ਸੰਘਰਸ਼ ਦਾ ਬਿਗਲ ਵਜਾਇਆ ਜਾਵੇਗਾ। ਇਸ ਮੌਕੇ ਹਲਕਾ ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ, ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਵੀਰ ਸਿੰਘ ਪੱਲੀਝਿੱਕੀ, ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ, ਐਸ. ਐਸ. ਪੀ ਅਲਕਾ ਮੀਨਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਰਬਜੀਤ ਸਿੰਘ ਵਾਲੀਆ, ਐਸ. ਡੀ. ਐਮ ਬੰਗਾ ਵਿਰਾਜ ਤਿੜਕੇ, ਸਹਾਇਕ ਕਮਿਸ਼ਨਰ ਦੀਪਜੋਤ ਕੌਰ ਤੇ ਹੋਰ ਅਧਿਕਾਰੀ ਹਾਜ਼ਰ ਸਨ।