5 Dariya News

ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨ ਰੱਦ ਕਰਵਾ ਕੇ ਹੀ ਦਮ ਲਵਾਂਗੇ : ਵਿਧਾਇਕ ਅੰਗਦ ਸਿੰਘ

ਸੈਂਕੜੇ ਸਾਥੀਆਂ ਸਮੇਤ ਸ਼ੰਭੂ ਬਾਰਡਰ ’ਤੇ ਕਿਸਾਨਾਂ ਦੇ ਹੱਕ ’ਚ ਲਗਾਏ ਵਿਸ਼ਾਲ ਧਰਨੇ ’ਚ ਕੀਤੀ ਸ਼ਿਰਕਤ

5 Dariya News

ਸ਼ੰਭੂ ਬਾਰਡਰ 14-Dec-2020

ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਵੱਲੋਂ ਵਿੱਢੇ ਅੰਦੋਲਨ ਦੇ ਹੱਕ ਵਿਚ ਅੱਜ ਪੰਜਾਬ ਕਾਂਗਰਸ ਵੱਲੋਂ ਸ਼ੰਭੂ ਬਾਰਡਰ ’ਤੇ ਲਗਾਏ ਗਏ ਵਿਸ਼ਾਲ ਧਰਨੇ ਵਿਚ ਹਲਕਾ ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ ਵੱਲੋਂ ਸੈਂਕੜੇ ਸਾਥੀਆਂ ਸਮੇਤ ਸ਼ਿਰਕਤ ਕੀਤੀ ਗਈ। ਇਸ ਮੌਕੇ ਕਿਸਾਨਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰਦਿਆਂ ਵਿਧਾਇਕ ਅੰਗਦ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਦਮ ਲਿਆ ਜਾਵੇਗਾ। ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਜ਼ੋਰਦਾਰ ਤਰੀਕੇ ਨਾਲ ਕੇਂਦਰ ਦੇ ਕਾਲੇ ਕਾਨੂੰਨਾਂ ਦਾ ਸੱਚ ਲੋਕਾਂ ਸਾਹਮਣੇ ਰੱਖਣ ਨਾਲ ਕਿਸਾਨਾਂ ਦੇ ਅੰਦੋਲਨ ਨੂੰ ਬਲ ਮਿਲਿਆ ਹੈ। ਉਨਾਂ ਕਿਹਾ ਕਿ ਕੇਂਦਰ ਵੱਲੋਂ ਲਿਆਂਦੇ ਗਏ ਇਹ ਕਾਲੇ ਖੇਤੀ ਕਾਨੂੰਨ ਨੋਟਬੰਦੀ ਵਾਂਗ ਹੀ ਦੇਸ਼ ਦੀ ਆਰਥਿਕਤਾ ਲਈ ਘਾਤਕ ਸਿੱਧ ਹੋਣਗੇ। ਉਨਾਂ ਕਿਹਾ ਕਿ ਦੇਸ਼ ਦਾ ਅੰਨਦਾਤਾ ਇਸ ਵੇਲੇ ਕੜਾਕੇ ਦੀ ਠੰਢ ਵਿਚ ਸੜਕਾਂ ’ਤੇ ਰਾਤਾਂ ਕੱਟ ਰਿਹਾ ਹੈ ਪਰੰਤੂ ਕੇਂਦਰ ਸਰਕਾਰ ਦੇ ਕੰਨਾਂ ’ਤੇ ਜੂੰ ਤੱਕ ਨਹੀਂ ਸਰਕ ਰਹੀ, ਜੋ ਕਿ ਬੇਹੱਦ ਸ਼ਰਮਨਾਕ ਗੱਲ ਹੈ। ਉਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ’ਤੇ ਤੁਰੰਤ ਗੌਰ ਕਰ ਕੇ ਇਨਾਂ ਕਾਨੂੰਨਾਂ ਨੂੰ ਰੱਦ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਪੰਜਾਬ ਕਾਂਗਰਸ ਹਮੇਸ਼ਾ ਤੋਂ ਹੀ ਕਿਸਾਨ ਹਿਤੈਸ਼ੀ ਰਹੀ ਹੈ ਅਤੇ ਇਸ ਸੰਘਰਸ਼ ਵਿਚ ਵੀ ਉਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਚਮਨ ਸਿੰਘ ਭਾਨਮਾਜਰਾ, ਜੋਗਿੰਦਰ ਸਿੰਘ ਭਗੌਰਾਂ, ਅਜੀਤ ਸਿੰਘ ਸੋਇਤਾ, ਕਰਨੈਲ, ਗੁਰਬਚਨ ਸਿੰਘ, ਬੰਟੀ ਸੰਘਾ, ਸਰਬਜੀਤ ਸ਼ੋਕਰਾਂ, ਸੁਰੇਸ਼ ਰਾਣਾ, ਸਤਨਾਮ ਕਾਹਮਾ, ਪ੍ਰੇਮ ਸਿੰਘ, ਸੰਦੀਪ ਕੁਮਾਰ, ਰਣਜੀਤ ਰਾਣਾ, ਰਾਜੇਸ਼ ਗਾਬਾ, ਸਤਨਾਮ ਸਿੰਘ ਲਾਡੀਆਂ, ਹੁਕਮ ਚੰਦ, ਯਾਦਵਿੰਦਰ ਸਿੰਘ, ਜਿੰਦਰ ਜਫ਼ਰਪੁਰ, ਰਾਕੇਸ਼ ਕੁਮਾਰ ਵਿੱਕੀ, ਹੈਪੀ ਸ਼ੋਕਰਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਰਕਰ ਉਨਾਂ ਦੇ ਨਾਲ ਸਨ।