5 Dariya News

ਕੈਬਨਿਟ ਮੰਤਰੀ ਓ.ਪੀ. ਸੋਨੀ ਵਲੋਂ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚਾਉਣ ਦੇ ਨਿਰਦੇਸ਼

ਜਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ, ਵਿਧਾਇਕ ਰਾਣਾ ਗੁਰਜੀਤ ਸਿੰਘ ਵਲੋਂ ਕੂੜੇ ਦੇ ਯੋਗ ਪ੍ਰਬੰਧ ਦੀ ਲੋੜ ’ਤੇ ਜ਼ੋਰ

5 Dariya News

ਕਪੂਰਥਲਾ 05-Apr-2021

ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਓ.ਪੀ. ਸੋਨੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਲੋਕ ਭਲਾਈ ਦੀਆਂ ਯੋਜਨਾਵਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਤਾਂ ਜੋ ਵੱਧ ਤੋਂ ਵੱਧ ਲੋਕ ਇਨ੍ਹਾਂ ਦਾ ਲਾਹਾ ਲੈ ਸਕਣ।ਅੱਜ ਇੱਥੇ ਸਥਾਨਕ ਜਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਵਿਖੇ ਜਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ ਕਿ ਕਣਕ ਦੀ ਵੰਡ, ਸ਼ਗਨ ਸਕੀਮ, ਸਿਹਤ ਬੀਮਾ ਕਾਰਡ, ਪੈਨਸ਼ਨਾਂ ਆਦਿ ਵਰਗੀਆਂ ਦਾ ਯੋਜਨਾਵਾਂ ਦਾ ਲਾਭ ਹਰ ਲਾਭਪਾਤਰੀ ਤੱਕ ਪੁੱਜਦਾ ਕੀਤਾ ਜਾਣਾ ਚਾਹੀਦਾ ਹੈ। ਮੀਟਿੰਗ ਦੌਰਾਨ ਕਪੂਰਥਲਾ ਤੋਂ  ਵਿਧਾਇਕ ਰਾਣਾ ਗੁਰਜੀਤ ਸਿੰਘ, ਸੁਲਾਤਨਪੁਰ ਲੋਧੀ  ਤੋਂ ਵਿਧਾਇਕ  ਸ. ਨਵਤੇਜ ਸਿੰਘ ਚੀਮਾ, ਫਗਵਾੜਾ ਤੋਂ ਵਿਧਾਇਕ ਸ. ਬਲਵਿੰਦਰ ਸਿੰਘ ਧਾਲੀਵਾਲ, ਪੰਜਾਬ ਐਗਰੋ ਇੰਡਸਟਰੀਜ਼ ਦੇ ਚੇਅਰਮੈਨ ਸ. ਜੋਗਿੰਦਰ ਸਿੰਘ ਮਾਨ, ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ, ਐਸ.ਐਸ.ਪੀ. ਕੰਵਰਦੀਪ ਕੌਰ,  ਸੀਨੀਅਰ ਕਾਂਗਰਸੀ ਆਗੂ ਗੋਰਾ ਗਿੱਲ ਵੀ ਹਾਜ਼ਰ ਸਨ।ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਸ਼ਹਿਰਾਂ ਅੰਦਰ ਕੂੜੇ ਕਰਕਟ ਦੀ ਸਮੱਸਿਆ ਨੂੰ ਹੱਲ ਕਰਨ ਲਈ ਠੋਸ ਯੋਜਨਾਬੰਦੀ ਕੀਤੀ ਜਾਣੀ ਚਾਹੀਦੀ ਹੈ। ਇਸ ਲਈ ਸ਼ਹਿਰ ਤੋਂ ਬਾਹਰਵਾਰ ਜ਼ਮੀਨ ਦਾ ਪ੍ਰਬੰਧ ਕੀਤਾ ਜਾਣਾ ਚਾਹੀਦਾ ਹੈ। 

ਜੋਗਿੰਦਰ ਸਿੰਘ ਮਾਨ ਨੇ ਕਿਹਾ ਕਿ ਪੈਲੇਸਾਂ ਵਾਲਿਆਂ ਵਲੋਂ ਸਮਾਗਮਾਂ ਪਿੱਛੋਂ ਰਹਿੰਦ-ਖੂੰਹਦ ਸੜਕਾਂ ਦੇ ਕਿਨਾਰੇ ਸੁੱਟ ਦਿੱਤੀ ਜਾਂਦੀ ਹੈ, ਜਿਸ ਸਬੰਧੀ ਸਖਤ ਕਾਰਵਾਈ ਕੀਤੇ ਜਾਣ ਦੀ ਲੋੜ ਹੈ। ਸ਼੍ਰੀ ਸੋਨੀ ਨੇ ਨਗਰ ਨਿਗਮ ਫਗਵਾੜਾ ਤੇ ਨਗਰ ਨਿਗਮ ਕਪੂਰਥਲਾ ਦੇ ਕਮਿਸ਼ਨਰਾਂ ਨੂੰ ਕਿਹਾ ਕਿ ਉਹ ਇਸ ਸਬੰਧੀ ਵਿਆਪਕ ਯੋਜਨਾਬੰਦੀ ਕਰਨ।ਡਿਪਟੀ ਕਮਿਸ਼ਨਰ ਕਪੂਰਥਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਆਨਲਾਇਨ ਸ਼ਿਕਾਇਤ ਦਰਜ ਕਰਵਾਉਣ ਲਈ ਪੋਰਟਲ ਵੀ ਸ਼ੁਰੂ ਕੀਤੇ ਗਏ ਹਨ, ਜਿਸ ਉੱਪਰ ਸਮਾਂਬੱਧ ਤਰੀਕੇ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਂਦਾ ਹੈ। ਸ਼ਿਕਾਇਤ ਨਿਵਾਰਨ ਕਮੇਟੀ ਦੇ ਮੈਂਬਰਾਂ ਵਲੋਂ ਮੁਹੱਲਾ ਬਸੰਤ ਨਗਰ ਤੇ ਗੌਰਮਿੰਟ ਲੇਬਰ ਕਲੋਨਾ ਜੇ.ਸੀ.ਟੀ. ਮਿੱਲ ਸਾਹਮਣੇ ਕੂੜੇ ਦੇ ਢੇਰਾਂ, ਬੇਘਰੇ ਲੋਕਾਂ ਨੂੰ 5-5 ਮਰਲੇ ਦੇ ਪਲਾਟ ਦੇਣ ਬਾਰੇ, ਪਿੰਡ ਦਿਆਲਪੁਰ ਤੇ ਬੂਲਪੁਰ ਨਾਲ ਸਬੰਧਿਤ ਸ਼ਿਕਾਇਤਾਂ, ਫਗਵਾੜਾ ਵਿਖੇ ਫੈਕਟਰੀਆਂ ਵਲੋਂ ਫੈਲਾਏ ਜਾ ਰਹੇ ਪ੍ਰਦੂਸ਼ਣ ਸਬੰਧੀ ਮਸਲੇ ਚੁੱਕੇ ਗਏ, ਜਿਸ ਬਾਰੇ ਕੈਬਨਿਟ ਮੰਤਰੀ ਸ੍ਰੀ ਸੋਨੀ ਵਲੋਂ ਇਨ੍ਹਾਂ ਸਬੰਧੀ ਵਿਭਾਗੀ ਰਿਪੋਰਟਾਂ ਸਹੀ ਪਾਏ ਜਾਣ ’ਤੇ ਦਾਖਲ ਦਫਤਰ ਕਰਨ ਦੇ ਹੁਕਮ ਦਿੱਤੇ ਗਏ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਰਾਜੀਵ ਵਰਮਾ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐਸ.ਪੀ.ਆਂਗਰਾ,  ਸਮੂਹ ਐਸ.ਡੀ.ਐਮਜ਼ ਤੇ ਸਿਆਸੀ ਪਾਰਟੀਆਂ ਦੇ ਆਗੂ ਵੀ ਹਾਜ਼ਰ ਸਨ।