5 Dariya News

ਸਰਕਾਰ ਦੀਆਂ ਪ੍ਰਾਪਤੀਆਂ ਨੂੰ ਸੋਸ਼ਲ ਮੀਡੀਆ ਰਾਹੀਂ ਪ੍ਰਚਾਰਨ ਦੀ ਲੋੜ: ਅਨਿੰਦਿਤਾ ਮਿੱਤਰਾ

5 Dariya News

ਚੰਡੀਗੜ੍ਹ 11-Aug-2021

ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੂੰ ਨਵੇਂ ਯੁੱਗ ਦੇ ਪ੍ਰਚਾਰ ਸਾਧਨ ਸੋਸ਼ਲ ਮੀਡੀਆ ਦੀ ਵੱਧ ਤੋਂ ਵੱਧ ਵਰਤੋਂ ਕਰਨੀ ਚਾਹੀਦੀ ਹੈ। ਉਕਤ ਪ੍ਰਗਟਾਵਾ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਅਨਿੰਦਿਤਾ ਮਿੱਤਰਾ ਨੇ ਅੱਜ ਇੱਥੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ।ਸ੍ਰੀਮਤੀ ਮਿੱਤਰਾ ਨੇ ਕਿਹਾ ਕਿ ਸੂਚਨਾ ਤੇ ਲੋਕ ਸੰਪਰਕ ਵਿਭਾਗ ਸਰਕਾਰ ਅਤੇ ਲੋਕਾਂ ਵਿਚਕਾਰ ਪੁੱਲ ਦਾ ਕੰਮ ਕਰਦਾ ਹੈ ਜੋ ਕਿ ਸਰਕਾਰ ਦੀਆਂ ਲੋਕ-ਭਲਾਈ ਸਕੀਮਾਂ ਅਤੇ ਸਰਕਾਰ ਵੱਲੋਂ ਲੋਕ-ਹਿੱਤ ਵਿੱਚ ਲਏ ਫ਼ੈਸਲਿਆਂ ਅਖ਼ਬਾਰਾਂ, ਟੀ.ਵੀ., ਰੇਡੀਓ ਰਾਹੀਂ ਪ੍ਰਚਾਰ ਕਰਦੇ ਆ ਰਹੇ ਹਨ। ਪਰੰਤੂ ਹੁਣ ਦਿਨੋਂ- ਦਿਨ ਸੂਚਨਾ ਤਕਨਾਲੋਜੀ ਸਦਕੇ ਪ੍ਰਚਾਰ ਸਾਧਨਾਂ ਵਿੱਚ ਆ ਰਹੀਆਂ ਤਬਦੀਲੀਆਂ ਨੂੰ ਦੇਖਦੇ ਹੋਏ ਸਮੇਂ ਦੀ ਮੰਗ ਅਨੁਸਾਰ ਸਰਕਾਰ ਦੇ ਕਾਰਜਾਂ ਦਾ ਪ੍ਰਚਾਰ ਸੋਸ਼ਲ ਮੀਡੀਆ ਰਾਹੀਂ ਵੀ ਕੀਤਾ ਜਾਣਾ ਚਾਹੀਦਾ ਹੈ। ਉਹਨਾਂ  ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਲੋਕਾਂ ਦੀਆਂ ਸਮੱਸਿਆਵਾਂ ਬਾਰੇ ਫੀਡਬੈਕ ਤੁਰੰਤ ਵਿਭਾਗ ਨੂੰ ਦੇਣ ਤਾਂ ਜੋ ਸਰਕਾਰ ਇਹਨਾਂ ਸਮੱਸਿਆਵਾਂ ਨੂੰ ਜਲਦ ਦੂਰ ਕਰ ਸਕੇ। 

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕ-ਪੱਖੀ ਨੀਤੀਆਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ 100 ਤੋਂ ਵੱਧ ਵੱਖ-ਵੱਖ ਸਥਾਨਾਂ ‘ਤੇ ਐਲ.ਐਫ.ਡੀ. ਸਥਾਪਤ ਕੀਤੀਆਂ ਗਈਆਂ ਹਨ। ਇਹ ਐਲ.ਐਫ.ਡੀਜ਼. ਸਥਾਪਤ ਕਰਨ ਦਾ ਕਾਰਜ ਅਗਸਤ ਮਹੀਨੇ ਦੇ ਅੰਤ ਤੱਕ ਮੁਕੰਮਲ ਕਰ ਦਿੱਤਾ ਜਾਵੇਗਾ।ਵਧੀਕ ਸਕੱਤਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਸੇਨੂੰ ਦੁੱਗਲ, ਆਈ.ਏ.ਐਸ., ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ  ਕਿਹਾ ਕਿ ਵਿਭਾਗ ਦੇ ਅਧਿਕਾਰੀਆਂ ਵਲੋਂ  ਕੋਵਿਡ-19 ਕਾਰਨ ਪੈਦਾ ਹੋਈ ਸਥਿਤੀ ਵਿੱਚ ਸਰਕਾਰ ਵੱਲੋਂ ਇਸ ਮਹਾਮਾਰੀ ਨਾਲ ਨਜਿੱਠਣ ਲਈ ਸਮੇਂ-ਸਮੇਂ ‘ਤੇ ਜਾਰੀ ਹਦਾਇਤਾਂ ਅਤੇ ਐਡਵਾਇਜ਼ਰੀਆਂ ਨੂੰ ਸੋਸ਼ਲ ਮੀਡੀਆ ਰਾਹੀਂ ਹੀ ਘੱਟ ਤੋਂ ਘੱਟ ਸਮੇਂ ਵਿੱਚ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣਾ ਸੰਭਵ ਹੋ ਸਕਿਆ। ਮੀਟਿੰਗ ਵਿੱਚ ਵਿਸ਼ੇਸ਼ ਤੌਰ ‘ਤੇ  ਵਧੀਕ ਡਾਇਰੈਕਟਰ ਓਪਿੰਦਰ ਸਿੰਘ ਲਾਂਬਾ, ਜੁਆਇੰਟ ਡਾਇਰੈਕਟਰ ਅਜੀਤ ਕੰਵਲ ਸਿੰਘ ਹਮਦਰਦ, ਜੁਆਇੰਟ ਡਾਇਰੈਕਟਰ ਰਣਦੀਪ ਸਿੰਘ ਆਹਲੂਵਾਲੀਆ, ਜੁਆਇੰਟ ਡਾਇਰੈਕਟਰ ਹਰਜੀਤ ਸਿੰਘ ਗਰੇਵਾਲ, ਡਿਪਟੀ ਡਾਇਰੈਕਟਰ ਪੀ.ਐਸ. ਕਾਲੜਾ, ਡਿਪਟੀ ਡਾਇਰੈਕਟਰ ਇਸ਼ਵਿੰਦਰ ਸਿੰਘ ਗਰੇਵਾਲ, ਡੀ.ਸੀ.ਐਫ.ਏ. ਗਗਨਦੀਪ ਬੱਸੀ ਅਤੇ ਸਮੂਹ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ  ਅਤੇ ਹੈੱਡ ਆਫ਼ਿਸ ਵਿਖੇ ਤਾਇਨਾਤ ਲੋਕ ਸੰਪਰਕ ਅਧਿਕਾਰੀ ਹਾਜ਼ਰ ਸਨ।