5 Dariya News

‘ਆਪ’ ਸਰਕਾਰ ਦੀ ਮੁਫ਼ਤ ਬਿਜਲੀ ਸਕੀਮ ਦੇਸ਼ ਦੇ ਇਤਿਹਾਸ ’ਚ ਸਭ ਤੋਂ ਵੱਡਾ ਲੋਕ ਹਿਤੈਸ਼ੀ ਫ਼ੈਸਲਾ: ਅਮਨ ਅਰੋੜਾ

ਕੇਵਲ ਇੱਕ ਮਹੀਨੇ ਵਿੱਚ ‘ਆਪ’ ਸਰਕਾਰ ਨੇ ਆਪਣਾ ਸਭ ਤੋਂ ਵੱਡਾ ਚੋਣਾਵੀਂ ਵਾਅਦਾ ਪੂਰਾ ਕੀਤਾ: ਅਮਨ ਅਰੋੜਾ

5 Dariya News

ਚੰਡੀਗੜ੍ਹ 16-Apr-2022

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਜਲੀ ਦੀਆਂ 300 ਯੂਨਿਟਾਂ ਪ੍ਰਤੀ ਮਹੀਨਾ ਮੁਫ਼ਤ ਦੇਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਆਮ ਆਦਮੀ ਪਾਰਟੀ (ਆਪ) ਨੇ ਇਸ ਫ਼ੈਸਲੇ ਨੂੰ ਦੇਸ਼ ਦੇ ਇਤਿਹਾਸ ਦਾ ਸਭ ਤੋਂ ਵੱਡਾ ਲੋਕ ਹਿਤੈਸ਼ੀ ਫ਼ੈਸਲਾ ਕਰਾਰ ਦਿੱਤਾ ਹੈ। ਪਾਰਟੀ ਦਾ ਕਹਿਣਾ ਕਿ ਦੇਸ਼ ਦੀਆਂ ਹੋਰਨਾਂ ਰਾਜਨੀਤਿਕ ਪਾਰਟੀਆਂ ਨੂੰ ਅਰਵਿੰਦ ਕੇਜਰੀਵਾਲ ਤੋਂ ਸਿੱਖਿਆ ਲੈਣੀ ਚਾਹੀਦੀ ਹੈ ਕਿ ਕਿਵੇਂ ਇਮਾਨਦਾਰੀ ਨਾਲ ਸਰਕਾਰ ਚਲਾ ਕੇ ਲੋਕਾਂ ਨੂੰ ਮੁਫ਼ਤ ਸਹੂਲਤਾਂ ਦਿੱਤੀਆਂ ਜਾ ਸਕਦੀਆਂ ਹਨ। ਸ਼ਨੀਵਾਰ ਨੂੰ ਪਾਰਟੀ ਮੁੱਖ ਦਫ਼ਤਰ ’ਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਿਜਲੀ ਯੂਨਿਟਾਂ ਮੁਫ਼ਤ ਦੇਣ ਦੇ ਫ਼ੈਸਲੇ ਪ੍ਰਤੀ ਧੰਨਵਾਦ ਪ੍ਰਗਟ ਕੀਤਾ ਅਤੇ ਦਾਅਵਾ ਕੀਤਾ ਕਿ ਕੇਵਲ ਇੱਕ ਮਹੀਨੇ ਦੇ ਅੰਦਰ ਹੀ ‘ਆਪ’ ਦੀ ਸਰਕਾਰ ਨੇ ਵਿਧਾਨ ਸਭਾ ਚੋਣਾ ਦੌਰਾਨ ਲੋਕਾਂ ਨਾਲ ਕੀਤਾ ਆਪਣਾ ਸਭ ਤੋਂ ਵੱਡਾ ਵਾਅਦਾ ਪੂਰਾ ਕਰ ਦਿੱਤਾ ਹੈ। ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਬੁਲਾਰੇ ਨੀਲ ਗਰਗ ਅਤੇ ਡਾ. ਸੰਨੀ ਆਹਲੂਵਾਲੀਆ ਵੀ ਹਾਜ਼ਰ ਸਨ। 

ਅਮਨ ਅਰੋੜਾ ਨੇ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਦੀ ਅਲੋਚਨਾ ਕਰਦਿਆਂ ਕਿਹਾ ਕਿ ਇਨਾਂ ਪਾਰਟੀਆਂ ਦੀ ਸਰਕਾਰਾਂ ਦੇ ਮੁੱਖ ਮੰਤਰੀ ਪੌਣੇ ਪੰਜ ਸਾਲ ਸੁੱਤੇ ਰਹਿੰਦੇ ਸਨ ਅਤੇ ਜਦੋਂ ਚੋਣਾ ਨੇੜੇ ਆਉਂਦੀਆਂ ਸਨ ਤਾਂ ਲੋਕਾਂ ਨੂੰ ਬੇਵਕੂਫ਼ ਬਣਾਉਣ ਲਈ ਕੁੱਝ ਲੋਕ ਲੁਭਾਵਣੇ ਕੰਮ ਕਰਕੇ ਵੋਟਾਂ ਬਟੋਰ ਲੈਂਦੇ ਸਨ। ਪਰ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਸੁਪਰੀਮੋਂ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਲੋਕਾਂ ਨੂੰ ਦਿੱਤੀ ਮੁਫ਼ਤ ਬਿਜਲੀ ਦੀ ਗਰੰਟੀ ਪੂਰੀ ਕਰਕੇ ਦੇਸ਼ ’ਚ ਇੱਕ ਨਵੀਂ ਅਤੇ ਇਮਾਨਦਾਰ ਰਾਜਨੀਤਿਕ ਪ੍ਰੰਪਰਾ ਸ਼ੁਰੂ ਕੀਤੀ ਹੈ। ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਾਸੀਆਂ ਨੂੰ ਮੁਫ਼ਤ ਬਿਜਲੀ ਸਹੂਲਤ ਦੇਣ ਦਾ ਫ਼ੈਸਲਾ ਬਹੁਤ ਵੱਡਾ ਹੈ, ਕਿਉਂਕਿ ਅੱਜ ਤੱਕ ਦੇਸ਼ ’ਚ ਕਿਸੇ ਵੀ ਸਰਕਾਰ ਨੇ ਐਨੀ ਵੱਡੀ ਗਿਣਤੀ ਖਪਤਕਾਰਾਂ ਨੂੰ ਮੁਫ਼ਤ ਬਿਜਲੀ  ਦੇਣ ਦਾ ਫ਼ੈਸਲਾ ਨਹੀਂ ਕੀਤਾ। ਇਸ ਫ਼ੈਸਲੇ ਨਾਲ ਪੰਜਾਬ ਦੇ ਕਰੀਬ 80 ਫ਼ੀਸਦੀ ਪਰਿਵਾਰਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਮਿਲੇਗੀ। ਪੰਜਾਬ ’ਚ ਕਰੀਬ 73 ਲੱਖ ਘਰੇਲੂ ਬਿਜਲੀ ਖਪਤਕਾਰ ਹਨ, ਜਿਨ੍ਹਾਂ ਵਿਚੋਂ ਕਰੀਬ 61 ਲੱਖ ਖਪਤਕਾਰਾਂ ਨੂੰ ਇਸ ਦਾ ਸਿੱਧਾ ਲਾਭ ਮਿਲੇਗਾ।

 ਉਨ੍ਹਾਂ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ’ਤੇ ਪੂਰੀ ਤਰ੍ਹਾਂ ਖਰੇ ਉਤਰ ਰਹੇ ਹਨ ਅਤੇ ‘ਆਪ’ ਦੀ ਸਰਕਾਰ ਆਪਣਾ ਇੱਕ ਇੱਕ ਵਾਅਦਾ ਪੂਰਾ ਕਰੇਗੀ ਤਾਂ ਜੋ ਪੰਜਾਬ ਨੂੰ ਫਿਰ ਤੋਂ ਖੁਸ਼ਹਾਲ ਬਣਾਇਆ ਜਾ ਸਕੇ ।ਅਮਨ ਅਰੋੜਾ ਨੇ ਆਮ ਵਰਗ ਦੇ ਲੋਕਾਂ ਨੂੰ ਇਸ ਸਕੀਮ ਦਾ ਪੂਰਾ ਲਾਭ ਨਾ ਮਿਲਣ ਦੀਆਂ ਸ਼ੰਕਾਵਾਂ ਨੂੰ ਦਰਕਿਨਾਰ ਕਰਦਿਆਂ ਕਿਹਾ ਕਿ ਬਿਜਲੀ ਦੀ ਬਰਬਾਦੀ ਨਾ ਹੋਵੇ ਅਤੇ ਸਹੀ ਉਪਯੋਗ ਹੋਵੇ ਅਜਿਹੀਆਂ ਗੱਲਾਂ ਨੂੰ ਧਿਆਨ ਵਿੱਚ ਰੱਖ ਕੇ ਇਹ ਫ਼ੈਸਲਾ ਕੀਤਾ ਗਿਆ ਹੈ, ਕਿਉਂਕਿ ਜੇ ਬਿਜਲੀ ਪੂਰੀ ਤਰ੍ਹਾਂ ਮੁਫ਼ਤ ਹੋ ਗਈ ਤਾਂ ਗੈਰਜ਼ਰੂਰੀ ਵਰਤੋਂ ਨਾਲ ਬਿਜਲੀ ਦੀ ਬਰਬਾਦੀ ਹੋਵੇਗੀ। ਉਨ੍ਹਾਂ ਕਿਹਾ ਕਿ ਸਿਰਫ਼ ਸਖ਼ਤ ਗਰਮੀ ਵਾਲੇ 3-4 ਮਹੀਨਿਆਂ ’ਚ ਹੀ ਏ.ਸੀ., ਕੂਲਰ ਅਤੇ ਪੱਖੇ ਆਦਿ ਚੱਲਣ ਕਾਰਨ ਕੁੱਝ ਫੀਸਦੀ ਲੋਕਾਂ ਨੂੰ ਇਸ ਸਕੀਮ ਦਾ ਪੂਰਾ ਲਾਭ ਨਹੀਂ ਮਿਲੇਗਾ, ਪਰ ਬਾਕੀ 8-9 ਮਹੀਨੇ ਮੁਫ਼ਤ ਬਿਜਲੀ ਦਾ ਪੂਰਾ ਲਾਭ ਸਾਰੇ ਪਰਿਵਾਰਾਂ ਨੂੰ ਮਿਲੇਗਾ।