5 Dariya News

ਸਰਕਾਰ ਦੀਆਂ ਨੀਤੀਆਂ ਦਾ ਜ਼ਮੀਨੀ ਪੱਧਰ 'ਤੇ ਪ੍ਰਚਾਰ ਯਕੀਨੀ ਬਣਾਇਆ ਜਾਵੇ : ਅਮਨ ਅਰੋੜਾ

ਸੂਚਨਾ ਤੇ ਲੋਕ ਸੰਪਰਕ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਕੀਤੀ ਪ੍ਰਧਾਨਗੀ

5 Dariya News

ਚੰਡੀਗੜ੍ਹ 11-Jul-2022

ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨਾਲ ਆਪਣੀ ਪਹਿਲੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕੀਤੀ ਅਤੇ ਬਦਲਦੇ ਸਮੇਂ ਨਾਲ ਇਸ ਵਿੱਚ ਹੋਰ ਸੁਧਾਰਾਂ ਲਈ ਵੀ ਚਰਚਾ ਕੀਤੀ।  ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ ਵੱਲੋਂ ਮੰਤਰੀ ਨੂੰ ਵਿਭਾਗ ਦੇ ਵੱਖ-ਵੱਖ ਸੈਕਸ਼ਨਾਂ ਜਿਵੇਂ ਪ੍ਰੈੱਸ ਸਾਖ਼ਾ, ਇਸ਼ਤਿਹਾਰ ਸਾਖ਼ਾ ਅਤੇ ਪਨਮੀਡੀਆ ਸੋਸਾਇਟੀ ਆਦਿ ਬਾਰੇ ਜਾਣੂ ਕਰਵਾਇਆ ਗਿਆ। 

ਸਕੱਤਰ ਨੇ ਅੱਗੇ ਕਿਹਾ ਕਿ ਅਧਿਕਾਰੀਆਂ ਦੀ ਮਿਹਨਤੀ ਅਤੇ ਸਮਰਪਿਤ ਟੀਮ ਜ਼ਮੀਨੀ ਪੱਧਰ 'ਤੇ ਸਰਕਾਰ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਦਾ ਪ੍ਰਚਾਰ ਕਰਨ ਵਿੱਚ ਪੂਰੀ ਤਨਦੇਹੀ ਨਾਲ ਲੱਗੀ ਹੋਈ ਹੈ। ਇਸ ਤੋਂ ਇਲਾਵਾ ਨਵੇਂ ਉੱਭਰ ਰਹੇ ਰੁਝਾਨਾਂ ਦੇ ਹਾਣੀ ਬਣਨ ਲਈ ਸੋਸ਼ਲ ਮੀਡੀਆ ਦੇ ਪਹਿਲੂ 'ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। 

ਮੰਤਰੀ ਨੇ ਅਧਿਕਾਰੀਆਂ ਨੂੰ ਇੱਕ ਟੀਮ ਦੇ ਰੂਪ ਵਿੱਚ ਇੱਕਜੁਟ ਹੋ ਕੇ ਕੰਮ ਕਰਨ ਅਤੇ ਸਰਕਾਰ ਤੇ ਲੋਕਾਂ ਦਰਮਿਆਨ ਇੱਕ ਕੜੀ ਵਜੋਂ ਕੰਮ ਕਰਨ ਲਈ ਯਤਨ ਜਾਰੀ ਰੱਖਣ ਵਾਸਤੇ ਪ੍ਰੇਰਿਤ ਕੀਤਾ ਤਾਂ ਜੋ ਉਹਨਾਂ ਨੂੰ ਸੂਬਾ ਸਰਕਾਰ ਦੀਆਂ ਪ੍ਰਗਤੀ ਸਬੰਧੀ ਨੀਤੀਆਂ ਤੋਂ ਜਾਣੂੰ ਕਰਵਾਇਆ ਜਾ ਸਕੇ। ਮੰਤਰੀ ਨੇ ਅੱਗੇ ਕਿਹਾ, "ਫ਼ਰਜ਼ ਨਿਭਾਉਣ ਵਿੱਚ ਢਿੱਲ-ਮੱਠ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।"

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਡਾਇਰੈਕਟਰ ਸ੍ਰੀਮਤੀ ਸੋਨਾਲੀ ਗਿਰਿ, ਮੁੱਖ ਮੰਤਰੀ ਦੇ ਸੰਯੁਕਤ ਪ੍ਰਮੁੱਖ ਸਕੱਤਰ ਅਤੇ ਵਧੀਕ ਡਾਇਰੈਕਟਰ ਸੰਦੀਪ ਸਿੰਘ ਗੜ੍ਹਾ, ਵਧੀਕ ਡਾਇਰੈਕਟਰ ਡਾ. ਓਪਿੰਦਰ ਸਿੰਘ ਲਾਂਬਾ, ਜੁਆਇੰਟ ਡਾਇਰੈਕਟਰ ਰਣਦੀਪ ਸਿੰਘ ਆਹਲੂਵਾਲੀਆ ਅਤੇ ਹਰਜੀਤ ਸਿੰਘ ਗਰੇਵਾਲ, ਡਿਪਟੀ ਡਾਇਰੈਕਟਰ ਇਸ਼ਵਿੰਦਰ ਸਿੰਘ ਗਰੇਵਾਲ ਅਤੇ ਮਨਵਿੰਦਰ ਸਿੰਘ ਹਾਜ਼ਰ ਸਨ।