5 Dariya News

‘ਖੇਡਾਂ ਵਤਨ ਪੰਜਾਬ ਦੀਆਂ’ ਜ਼ਿਲ੍ਹਾ ਪੱਧਰੀ ਮੁਕਾਬਲੇ :-ਟਾਂਡਾ ’ਚ ਜ਼ਿਲ੍ਹਾ ਪੱਧਰੀ ਅਥਲੈਟਿਕਸ ਤੇ ਗੜ੍ਹਸ਼ੰਕਰ ’ਚ ਫੁੱਟਬਾਲ ਦੇ ਮੈਚਾਂ ਦੀ ਹੋਈ ਸ਼ੁਰੂਆਤ

‘ਖੇਡਾਂ ਵਤਨ ਪੰਜਾਬ ਦੀਆਂ’ ਨੇ ਕੀਤਾ ਨੌਜਵਾਨਾਂ ’ਚ ਨਵੀਂ ਊਰਜਾ ਦਾ ਸੰਚਾਰ : ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ

5 Dariya News

ਹੁਸ਼ਿਆਰਪੁਰ 13-Sep-2022

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਅੱਜ ਟਾਂਡਾ ’ਚ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਵਲੋਂ ਬਤੌਰ ਮੁੱਖ ਮਹਿਮਾਨ ਅਥਲੈਟਿਕਸ ਤੇ ਗੜ੍ਹਸ਼ੰਕਰ ਵਿਖੇ ਡਿਪਟੀ ਸਪੀਕਰ ਸ਼੍ਰੀ ਜੈ ਕ੍ਰਿਸ਼ਨ ਰੋੜੀ ਦੀ ਧਰਮ ਪਤਨੀ ਸ਼੍ਰੀਮਤੀ ਨੀਲਮ ਰੋੜੀ ਵਲੋਂ ਫੁੱਟਬਾਲ ਦੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਈ ਗਈ। ਇਸ ਦੌਰਾਨ ਉਨ੍ਹਾਂ ਖਿਡਾਰੀਆਂ ਨੂੰ ਮਿਲਦੇ ਹੋਏ ਉਨ੍ਹਾਂ ਜ਼ਿਲ੍ਹਾ ਪੱਧਰੀ ’ਤੇ ਪੂਰੀ ਰੁਚੀ ਤੇ ਜੋਸ਼ ਨਾਲ ਖੇਡਣ ਲਈ ਪ੍ਰੇਰਿਤ ਕੀਤਾ।

ਟਾਂਡਾ ’ਚ ਅਥਲੈਟਿਕਸ ਦੇ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਉਂਦੇ ਹੋਏ ਵਿਧਾਇਕ ਸ਼੍ਰੀ ਜਸਵੀਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਨੂੰ ਚੰਗੀ ਸਿਹਤ ਦੇਣ ਦੇ ਉਦੇਸ਼ ਨਾਲ ਸੂਬੇ ਵਿਚ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਇਸ ਪਹਿਲ ਨੇ ਖਿਡਾਰੀਆਂ ਵਿਚ ਨਵੀਂ ਊਰਜਾ ਦਾ ਸੰਚਾਰ ਕੀਤਾ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ  ਵਲੋਂ ਖੇਡਾਂ ਦੇ ਖੇਤਰ ਵਿਚ ਕੀਤੀ ਗਈ ਨਵੀਂ ਪਹਿਲ ਖਿਡਾਰੀਆਂ ਦੀ ਪ੍ਰਤਿਭਾ ਨਿਖਾਰਨ ਲਈ ਵੱਡੇ ਪੱਧਰ ’ਤੇ ਲਾਭਦਾਇਕ ਸਾਬਿਤ ਹੋਵੇਗੀ।ਸ਼੍ਰੀ ਜਸਵੀਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਪੰਜਾਬ ਦੇ ਖਿਡਾਰੀਆਂ ਨੇ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਪੱਧਰ ’ਤੇ ਖੇਡ ਜਗਤ ਵਿਚ ਆਪਣੀ ਵਿਲੱਖਣ ਪਹਿਚਾਣ ਬਣਾਈ ਹੈ।

ਇਸ ਪਰੰਪਰਾ ਨੂੰ ਕਾਇਮ ਰੱਖਣ ਲਈ ਰਾਜ ਸਰਕਾਰ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਵਿਸ਼ੇਸ਼ ਖੇਡ ਮੁਕਾਬਲੇ ਕਰਵਾ ਕੇ ਚੰਗੇ ਖਿਡਾਰੀਆਂ ਦੀ ਚੋਣ ਕੀਤੀ ਜਾਵੇਗੀ, ਜੋ ਕਿ ਆਉਣ ਵਾਲੇ ਸਮੇਂ ਵਿਚ ਦੇਸ਼-ਵਿਦੇਸ਼ ਵਿਚ ਪੰਜਾਬ ਦਾ ਨਾਮ ਰੌਸ਼ਨ ਕਰਨਗੇ। ਇਸ ਮੌਕੇ ਐਸ.ਪੀ. (ਹੈਡਕੁਆਟਰ) ਸ਼੍ਰੀਮਤੀ ਮਨਜੀਤ ਕੌਰ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।