5 Dariya News

ਜ਼ਿਲ੍ਹੇ ’ਚ ਬਾਰਸ਼ਾਂ ਕਾਰਨ ਖਰਾਬ ਫ਼ਸਲ ਦੀ ਸਪੈਸ਼ਲ ਗਿਰਦਾਵਰੀ ਦਾ ਕੰਮ 70 ਫ਼ੀਸਦੀ ਤੋਂ ਵੱਧ ਮੁਕੰਮਲ-ਰਿਸ਼ੀਪਾਲ ਸਿੰਘ

ਡਿਪਟੀ ਕਮਿਸ਼ਨਰ ਵੱਲੋਂ ਮਾਲ ਅਧਿਕਾਰੀਆਂ ਨੂੰ ਬੁੱਧਵਾਰ ਤੱਕ ਮੁਕੰਮਲ ਰਿਪੋਰਟ ਦੇਣ ਦੀ ਹਦਾਇਤ

5 Dariya News

ਤਰਨ ਤਾਰਨ 10-Apr-2023

ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਵੱਲੋਂ ਸਮੂਹ ਮਾਲ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਬਾਰਸ਼ਾਂ ਕਾਰਨ ਕਣਕ ਦੀ ਫ਼ਸਲ ਨੂੰ ਹੋਏ ਨੁਕਸਾਨ ਦੀ ਖਰਾਬਾ ਰਿਪੋਰਟ (ਸਪੈਸ਼ਲ ਗਿਰਦਾਵਰੀ) ਬੁੱਧਵਾਰ ਤੱਕ ਮੁਕੰਮਲ ਕਰਨ ਦੀ ਹਦਾਇਤ ਕੀਤੀ ਗਈ ਹੈ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਅੱਜ ਵਿਸ਼ੇਸ਼ ਗਿਰਦਾਵਰੀ ਦੀ ਪ੍ਰਗਤੀ ਰਿਪੋਰਟ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ’ਚ ਹੁਣ ਤੱਕ 70 ਫ਼ੀਸਦੀ ਤੋਂ ਵੱਧ ਰਕਬੇ ਦੀ ਸਪੈਸ਼ਲ ਗਿਰਦਾਵਰੀ ਹੋ ਚੁੱਕੀ ਹੈ। 

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ’ਚੋਂ ਕੋਈ ਆਪਣੇ ਖੇਤ ’ਚ ਹੋਏ ਫ਼ਸਲ ਦੇ ਖਰਾਬੇ ਦੀ ਹੁਣ ਤੱਕ ਰਿਪੋਰਟ ਨਹੀਂ ਕਰਵਾ ਸਕਿਆ, ਉਹ ਤੁਰੰਤ ਆਪਣੇ ਹਲਕੇ ਦੇ ਪਟਵਾਰੀ ਨਾਲ ਸੰਪਰਕ ਕਰੇ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ’ਚ ਸਮੂਹ ਉਪ ਮੰਡਲ ਅਫ਼ਸਰਾਂ, ਤਹਿਸੀਲਦਾਰਾਂ, ਕਾਨੂੰਨਗੋਆਂ ਅਤੇ ਮਾਲ ਪਟਵਾਰੀਆਂ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੇੇ ਆਦੇਸ਼ਾਂ ਮੁਤਾਬਕ ਪਾਰਦਰਸ਼ੀ ਢੰਗ ਨਾਲ ਵਿਸ਼ੇਸ਼ ਗਿਰਦਾਵਰੀ ਨੂੰ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਗਏ ਹਨ। 

ਉਨ੍ਹਾਂ ਦੱਸਿਆ ਕਿ ਸਰਕਾਰ ਪਾਸੋਂ ਪ੍ਰਾਪਤ ਹਦਾਇਤਾਂ ਅਨੁਸਾਰ 26 ਤੋਂ 32 ਫ਼ੀਸਦੀ ਖਰਾਬੇ ਲਈ 2000 ਰੁਪਏ ਪ੍ਰਤੀ ਏਕੜ, 33 ਤੋਂ 66 ਫ਼ੀਸਦੀ ਲਈ 6800 ਰੁਪਏ ਪ੍ਰਤੀ ਏਕੜ ਅਤੇ 66 ਫ਼ੀਸਦੀ ਤੋਂ ਉੱਪਰ ਦੇ ਖਰਾਬੇ ਲਈ 15000 ਪ੍ਰਤੀ ਏਕੜ ਦਾ ਮੁਆਵਜ਼ਾ ਦਿੱਤਾ ਜਾਣਾ ਹੈ।ਉਨ੍ਹਾਂ ਦੱਸਿਆ ਕਿ ਖਰਾਬੇ ਦੀ ਵਿਸ਼ੇਸ਼ ਗਿਰਦਾਵਰੀ ਦੀ ਪ੍ਰਗਤੀ ਜਾਣਨ ਲਈ ਅੱਜ ਵਿੱਤ ਕਮਿਸ਼ਨਰ (ਮਾਲ) ਕੇ. ਏ. ਪੀ. ਸਿਨਹਾ ਵੱਲੋਂ ਵੀਡਿਓ ਕਾਨਫ੍ਰੰਸਿੰਗ ਵੀ ਕੀਤੀ ਗਈ, ਜਿਸ ਵਿੱਚ ਉਨ੍ਹਾਂ ਨੂੰ ਜ਼ਿਲ੍ਹੇ ਦੀ ਹੁਣ ਤੱਕ ਦੀ ਪ੍ਰਗਤੀ ਤੋਂ ਜਾਣੂ ਕਰਵਾਇਆ ਗਿਆ ਹੈ।

ਇਸ ਮੌਕੇ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਦੀਪਕ ਭਾਟੀਆ ਅਤੇ ਜ਼ਿਲ੍ਹਾ ਮਾਲ ਅਫ਼ਸਰ ਤਰਨ ਤਾਰਨ ਸ੍ਰੀ ਅਦਿਤਿਆ ਗੁਪਤਾ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।