5 Dariya News

ਬਰਸਾਤ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਸੰਭਾਵੀ ਹੜਾਂ ਤੋਂ ਬਚਾਅ ਲਈ ਕੀਤੇ ਜਾਣਗੇ ਲੋੜੀਂਦੇ ਪ੍ਰਬੰਧ- ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ

ਡਿਪਟੀ ਕਮਿਸ਼ਨਰ ਵੱਲੋਂ ਦਰਿਆ ਬਿਆਸ ਨਾਲ ਲੱਗਦੇ ਪਿੰਡਾਂ ਵੈਰੋਵਾਲ, ਭੈਲ ਢਾਏਵਾਲਾ, ਮੁੰਡਾ ਪਿੰਡ ਅਤੇ ਗੁਜਰਪੁਰਾ ਦਾ ਦੌਰਾ

5 Dariya News

ਤਰਨ ਤਾਰਨ 18-Apr-2023

ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਨੇ ਆਗਾਮੀ ਬਰਸਾਤ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਅੱਜ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਦਰਿਆ ਬਿਆਸ ਨਾਲ ਲੱਗਦੇ ਪਿੰਡਾਂ ਵੈਰੋਵਾਲ, ਭੈਲ ਢਾਏਵਾਲਾ, ਮੁੰਡਾ ਪਿੰਡ ਅਤੇ ਗੁਜਰਪੁਰਾ ਦਾ ਦੌਰਾ ਕੀਤਾ।ਇਸ ਮੌਕੇ ਉਹਨਾਂ ਨੇ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਿਆਂ ਅਤੇ ਹਰ ਸੰਭਵ ਮੱਦਦ ਦਾ ਭਰੋਸਾ ਦਿੱਤਾ।

ਇਸ ਮੌਕੇ ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਦੀਪਕ ਭਾਟੀਆ, ਜ਼ਿਲ੍ਹਾ ਮਾਲ ਅਫ਼ਸਰ ਤਰਨ ਤਾਰਨ ਸ੍ਰੀ ਅਦਿਤਿਆ ਗੁਪਤਾ, ਐਕਸੀਅਨ ਡਰੇਨੇਜ਼-ਕਮ-ਮਾਈਨਿੰਗ ਸ੍ਰੀ ਵਿਸ਼ਾਲ ਮਹਿਤਾ ਅਤੇ ਐੱਸ. ਡੀ. ਓ. ਮਨਪ੍ਰੀਤ ਸਿੰਘ ਤੋਂ ਇਲਾਵਾ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਵੀ ਉਹਨਾਂ ਦੇ ਨਾਲ ਸਨ।ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਪੰਚ-ਸਰਪੰਚ ਅਤੇ ਮੋਹਤਬਰ ਵਿਅਕਤੀ ਵੀ ਹਾਜ਼ਰ ਸਨ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਰਸਾਤ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਸੰਭਾਵੀ ਹੜਾਂ ਤੋਂ ਬਚਾਅ ਲਈ ਜਿਲਾ ਪ੍ਰਸ਼ਾਸਨ ਵੱਲੋਂ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ।ਉਹਨਾਂ ਕਿਹਾ ਕਿ ਬਰਸਾਤ ਤੋਂ ਪਹਿਲਾਂ-ਪਹਿਲਾਂ ਜਿੱਥੇ ਦਰਿਆ ਜ਼ਿਆਦਾ ਕੰਢੇ ਵੱਲ ਵੱਧ ਰਿਹਾ ਹੈ, ੳੱੁਥੇ ਡਰੇਨਜ਼ ਵਿਭਾਗ ਵੱਲੋਂ ਲੋੜੀਂਦੇ ਕੰਮ ਕਰਵਾਏ ਜਾਣਗੇ, ਤਾਂ ਜੋ ਜ਼ਿਆਦਾ ਮੀਂਹ ਆਉਣ ਨਾਲ ਕੰਢੇ ਨੂੰ ਖੋਰਾ ਲੱਗਣ ਤੋਂ ਬਚਾਇਆ ਜਾ ਸਕੇ।ਇਸ ਤੋਂ ਇਲਾਵਾ ਉਹਨਾਂ ਸਬੰਧਿਤ ਵਿਭਾਗਾਂ ਨੂੰ ਡਰੇਨਾਂ ਅਤੇ ਬਰਸਾਤੀ ਨਾਲਿਆਂ ਦੀ ਸਫ਼ਾਈ ਦੇ ਵੀ ਆਦੇਸ਼ ਦਿੱਤੇ।    

ਆਪਣੇ ਅੱਜ ਦੇ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਦਰਿਆ ਵੱਲੋਂ ਕੰਢੇ ਨੂੰ ਲਗਾਈ ਜਾ ਰਹੀ ਢਾਹ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਮੀਂਹ ਤੋਂ ਪਹਿਲਾਂ-ਪਹਿਲਾਂ ਇਸ ਦਾ ਸਥਾਈ ਹੱਲ ਕਰਨ ਦੀ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ। ਇਸ ਮੌਕੇ ਉਹਨਾਂ ਦਰਿਆ ਦੇ ਨਾਲ ਲੱਗਦੀ ਪਟੜੀ ਅਤੇ ਦਰਿਆ ਨੂੰ ਆਉਂਦੇ ਰਾਹਾਂ ਦੀ ਸਾਫ-ਸਫਾਈ ਕਰਨ ਦੇ ਹੁਕਮ ਵੀ ਦਿੱਤੇ, ਤਾਂ ਜੋ ਹੰਗਾਮੀ ਹਾਲਤ ਵਿਚ ਮਸ਼ੀਨਰੀ ਆਦਿ ਨੂੰ ਦਰਿਆ ਤੱਕ ਲਿਆਉਣ ਵਿਚ ਕੋਈ ਦਿੱਕਤ ਨਾ ਆਵੇ।

ਇਸ ਮੌਕੇ ਉਹਨਾਂ ਐਕਸੀਅਨ ਡਰੇਨੇਜ਼-ਕਮ-ਮਾਈਨਿੰਗ ਨੂੰ ਹਦਾਇਤ ਕੀਤੀ ਕਿ ਉਹ ਧੁੱਸੀ ਬੰਨ ਅਤੇ ਦਰਿਆ ਬਿਆਸ ਨਾਲ ਲੱਗਦੇ ਨਾਜ਼ੁਕ ਸਥਾਨਾਂ ‘ਤੇ ਹੜ ਰੋਕੂ ਕੰਮਾਂ ਨੂੰ ਜਲਦੀ ਤੋਂ ਜਲਦੀ ਮੁਕੰਮਲ ਕਰਨ ਅਤੇ ਡਰੇਨਾਂ ਦੀ ਸਫਾਈ ਨੂੰ ਵੀ ਯਕੀਨੀ ਬਣਾਇਆ ਜਾਵੇ।