5 Dariya News

ਸਿਵਲ ਸਰਜਨ ਵੱਲੋਂ ਵਿਸ਼ਵ ਮਲੇਰੀਆ ਦਿਵਸ ਨੂੰ ਸਮਰਪਿਤ ਜਾਗਰੂਕਤਾ ਪੋਸਟਰ ਜਾਰੀ

5 Dariya News

ਸੰਗਰੂਰ 24-Apr-2023

ਭਲਕੇ ਮਨਾਏ ਜਾ ਰਹੇ ਵਿਸ਼ਵ ਮਲੇਰੀਆ ਦਿਵਸ ਨੂੰ ਸਮਰਪਿਤ ਜਾਗਰੂਕਤਾ ਪੋਸਟਰ ਤੇ ਬੈਨਰ ਅੱਜ ਸਿਵਲ ਸਰਜਨ ਡਾ. ਪਰਮਿੰਦਰ ਕੌਰ ਵੱਲੋਂ ਜਾਰੀ ਕੀਤੇ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿ ਮਲੇਰੀਆ ਜਾਂ ਡੇਂਗੂ ਬੁਖਾਰ ਤੋਂ ਬਚਣ ਦਾ ਸਭ ਤੋਂ ਸੌਖਾ ਤਰੀਕਾ ਜਾਗਰੂਕਤਾ ਹੀ ਹੈ। ਉਨ੍ਹਾਂ ਮੌਜੂਦ ਸਹਾਇਕ ਮਲੇਰੀਆ ਅਧਿਕਾਰੀਆਂ ਤੇ ਐਮ.ਪੀ.ਐਸ. ਨੂੰ ਕਿਹਾ ਕਿ ਉਹ ਇਸ ਸਬੰਧੀ ਬਲਾਕਾਂ ਜਾਂ ਸੈਕਟਰ ਵਾਈਜ਼ ਟੀਮਾਂ ਦਾ ਗਠਨ ਕਰਨ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਮਲੇਰੀਆ ਬਾਰੇ ਜਾਗਰੂਕ ਕੀਤਾ ਜਾ ਸਕੇ। 

ਉਨ੍ਹਾਂ ਦੱਸਿਆ ਕਿ ਮਲੇਰੀਆ ਬੁਖਾਰ ਮਾਦਾ ਅਨਾਫੀਲਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਅਤੇ ਠੰਢ ਤੇ ਕਾਂਬੇ ਨਾਲ ਤੇਜ਼ ਬੁਖਾਰ, ਸਿਰ ਦਰਦ, ਬੁਖਾਰ ਉਤਰਨ ਤੋਂ ਬਾਅਦ ਥਕਾਵਟ ਤੇ ਪਸੀਨਾ ਆਉਣਾ ਮਲੇਰੀਆ ਦੇ ਮੁੱਖ ਲੱਛਣ ਹਨ। ਉਨ੍ਹਾਂ ਦੱਸਿਆ ਕਿ ਮਲੇਰੀਆ ਤੋਂ ਬਚਣ ਲਈ ਘਰਾਂ ਵਿੱਚ ਅਤੇ ਆਲੇ ਦੁਆਲੇ ਪਾਣੀ ਇਕੱਠਾ ਨਹੀਂ ਹੋਣ ਦੇਣਾ ਚਾਹੀਦਾ ਅਤੇ ਨਾਲੀਆਂ ਤੇ ਛੱਪੜਾਂ ਵਿੱਚ ਕਾਲੇ ਤੇਲ ਦਾ ਛਿੜਕਾਅ ਕਰਨਾ ਚਾਹੀਦਾ ਹੈ। 

ਉਨ੍ਹਾਂ ਕਿਹਾ ਕਿ ਅਜਿਹੇ ਕੱਪੜੇ ਪਾਉਣੇ ਚਾਹੀਦੇ ਹਨ, ਜਿਨ੍ਹਾਂ ਨਾਲ ਪੂਰਾ ਸਰੀਰ ਢਕਿਆ ਹੋਵੇ ਤਾਂ ਜੋ ਮੱਛਰ ਨਾ ਕੱਟ ਸਕੇ। ਰਾਤ ਨੂੰ ਸੌਣ ਵੇਲੇ ਮੱਛਰਦਾਨੀ ਅਤੇ ਮੱਛਰ ਰੋਕੂ ਕਰੀਮਾਂ ਤੇ ਯੰਤਰਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਮੌਕੇ ਜ਼ਿਲ੍ਹਾ ਸਿਹਤ ਅਫਸਰ ਡਾ. ਬਲਜੀਤ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਅੰਜੂ ਸਿੰਗਲਾ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਇੰਦਰਜੀਤ ਸਿੰਗਲਾ, ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਉਪਾਸਨਾ ਬਿੰਦਰਾ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਬਲਜਿੰਦਰ ਸਿੰਘ ਤੇ ਸਰੋਜ ਰਾਣੀ, ਏ.ਐਮ.ਓ ਮਲਕੀਤ ਸਿੰਘ, ਜਗਤਾਰ ਸਿੰਘ ਤੇ ਹਰਦੇਵ ਸਿੰਘ ਹਾਜ਼ਰ ਸਨ।