5 Dariya News

ਨਵ-ਨਿਯੁਕਤ ਸਿਵਲ ਸਰਜਨ ਡਾ. ਮਹੇਸ਼ ਕੁਮਾਰ ਆਹੂਜਾ ਵਲੋਂ ਜ਼ਿਲ੍ਹਾ ਹਸਪਤਾਲ ਦਾ ਦੌਰਾ

ਹਸਪਤਾਲ ਵਿਚਲੇ ਮੈਡੀਕਲ ਪ੍ਰਬੰਧਾਂ ਤੇ ਸਾਫ਼-ਸਫ਼ਾਈ ਦਾ ਨਿਰੀਖਣ

5 Dariya News

ਐਸ.ਏ.ਐਸ.ਨਗਰ 19-Jun-2023

ਜ਼ਿਲ੍ਹੇ ਦੇ ਨਵ-ਨਿਯੁਕਤ ਸਿਵਲ ਸਰਜਨ ਡਾ. ਮਹੇਸ਼ ਕੁਮਾਰ ਆਹੂਜਾ ਨੇ ਜ਼ਿਲ੍ਹਾ ਹਸਪਤਾਲ ਦਾ ਦੌਰਾ ਕੀਤਾ ਅਤੇ ਹਸਪਤਾਲ ਵਿਚ ਦਿਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਅਤੇ ਮੈਡੀਕਲ ਪ੍ਰਬੰਧਾਂ ਬਾਰੇ ਜਾਣਕਾਰੀ ਲਈ। ਉਨ੍ਹਾਂ ਆਖਿਆ ਕਿ ਜ਼ਿਲ੍ਹਾ ਵਾਸੀਆਂ ਦੀ ਚੰਗੀ ਸਿਹਤ ਉਨ੍ਹਾਂ ਦੀ ਮੁੱਖ ਤਰਜੀਹ ਹੈ ਅਤੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ’ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। 

ਸਿਵਲ ਸਰਜਨ ਨੇ ਵਿਸ਼ੇਸ਼ ਤੌਰ ’ਤੇ ਐਮਰਜੈਂਸੀ ਵਾਰਡ ਵਿਚ ਜਾ ਕੇ ਦਵਾਈਆਂ ਦੀ ਉਪਲਭਧਤਾ ਅਤੇ ਮੈਡੀਕਲ ਸਾਜ਼ੋ-ਸਮਾਨ ਦੀ ਜਾਂਚ ਕੀਤੀ। ਉਨ੍ਹਾਂ ਐਮਰਜੈਂਸੀ ਵਾਰਡ ਸਮੇਤ ਹਸਪਤਾਲ ਵਿਚ ਸਾਫ਼-ਸਫ਼ਾਈ ਦਾ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਹਦਾਇਤਾਂ ਦਿਤੀਆਂ ਕਿ ਸਮੁੱਚੇ ਹਸਪਤਾਲ ਨੂੰ ਪੂਰੀ ਤਰ੍ਹਾਂ ਸਾਫ਼-ਸੁਥਰਾ ਰਖਿਆ ਜਾਵੇ ਤਾਕਿ ਮਰੀਜ਼ਾਂ ਨੂੰ ਚੰਗਾ ਮਾਹੌਲ ਦਿਤਾ ਜਾ ਸਕੇ। 

ਉਨ੍ਹਾਂ ਹਸਪਤਾਲ ਵਿਚ ਦਾਖ਼ਲ ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦਾ ਹਾਲ ਜਾਣਿਆl ਸਿਵਲ ਸਰਜਨ ਨੇ ਅਧਿਕਾਰੀਆਂ ਨੂੰ ਆਖਿਆ ਕਿ ਸਰਕਾਰ ਦੀਆਂ ਸਪੱਸ਼ਟ ਹਦਾਇਤਾਂ ਹਨ ਕਿ ਮਰੀਜ਼ਾਂ ਨੂੰ ਬਾਹਰੋਂ ਦਵਾਈਆਂ ਲਿਆਉਣ ਲਈ ਕਹਿਣ ਦੀ ਬਜਾਏ ਹਸਪਤਾਲ ਵਿਚ ਹੀ ਉਪਲਭਧ ਦਵਾਈਆਂ ਦਿਤੀਆਂ ਜਾਣ। ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿਚ ਸਹੂਲਤਾਂ ਦੇਣ ਵਿਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

 ਉਨ੍ਹਾਂ ਸੂਬਾਈ ਅਤੇ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਅਤੇ ਯੋਜਨਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਤਾਕੀਦ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਦੁਆਰਾ ਦਿਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਲੋਕਾਂ ਨੂੰ ਹਰ ਹਾਲਤ ਵਿਚ ਮਿਲਣਾ ਚਾਹੀਦਾ ਹੈ ਅਤੇ ਇਸ ਮਾਮਲੇ ਵਿਚ ਕਿਸੇ ਤਰ੍ਹਾਂ ਦੀ ਅਣਗਹਿਲੀ ਨਾ ਕੀਤੀ ਜਾਵੇ। 

ਇਸ ਦੌਰਾਨ ਉਨ੍ਹਾਂ ਹਾਜ਼ਰੀ ਰਜਿਸਟਰ ਵੀ ਚੈੱਕ ਕੀਤੇ ਅਤੇ ਹਦਾਇਤ ਕੀਤੀ ਕਿ ਦਫ਼ਤਰ ਆਉਣ ਅਤੇ ਜਾਣ ਦੇ ਸਮੇਂ ’ਚ ਹਾਜ਼ਰੀ ਯਕੀਨੀ ਬਣਾਈ ਜਾਵੇ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਗਿਰੀਸ਼ ਡੋਗਰਾ, ਜ਼ਿਲ੍ਹਾ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਵਿਜੇ ਭਗਤ, ਡਾ. ਪਰਮਿੰਦਰ ਸਿੰਘ ਆਦਿ ਮੌਜੂਦ ਸਨ l