5 Dariya News

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਨਗਰ ਨਿਗਮ/ਕੌਂਸਲਾਂ ਨੂੰ ਸੋਰਸ ਪੱਧਰ ’ਤੇ ਕੂੜੇ ਦੀ ਸੌ ਫੀਸਦੀ ਵੰਡ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ

ਜ਼ਿਲ੍ਹਾ ਵਾਤਾਵਰਣ ਯੋਜਨਾ ਦੀ ਪ੍ਰਗਤੀ ਦੀ ਕੀਤੀ ਸਮੀਖਿਆ, ਵਿਭਾਗਾਂ ਨੂੰ ਨਿਰਧਾਰਤ ਸਮੇਂ ਦੇ ਅੰਦਰ ਟੀਚੇ ਪ੍ਰਾਪਤ ਕਰਨ ਲਈ ਕਿਹਾ

5 Dariya News

ਜਲੰਧਰ 28-Jun-2023

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਬੁੱਧਵਾਰ ਨੂੰ ਨਗਰ ਨਿਗਮ ਅਤੇ ਨਗਰ ਕੌਂਸਲਾਂ ਦੇ ਅਧਿਕਾਰੀਆਂ ਨੂੰ ਸੋਰਸ ਪੱਧਰ 'ਤੇ ਠੋਸ ਕੂੜੇ ਦੀ ਸੌ ਫੀਸਦੀ ਵੰਡ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਜ਼ਿਲ੍ਹੇ ਵਿੱਚ ਠੋਸ ਰਹਿੰਦ-ਖੂਹੰਦ ਦੀ ਢੁੱਕਵੀਂ ਰੀਸਾਈਕਲਿੰਗ ਨੂੰ ਯਕੀਨੀ ਬਣਾਇਆ ਜਾ ਸਕੇ।

ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਵਾਤਾਵਰਣ ਯੋਜਨਾ ਦੀ ਪ੍ਰਗਤੀ ਬਾਰੇ ਵਿਚਾਰਾਂ ਕਰਨ ਲਈ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਠੋਸ ਰਹਿੰਦ-ਖੂਹੰਦ ਪ੍ਰਬੰਧਨ ਉਦੋਂ ਤੱਕ ਸੰਭਵ ਨਹੀਂ ਹੋ ਸਕਦਾ, ਜਦੋਂ ਤੱਕ ਰਹਿੰਦ-ਖੂਹੰਦ ਨੂੰ ਸਰੋਤ ਪੱਧਰ 'ਤੇ ਵੱਖ ਨਹੀਂ ਕੀਤਾ ਜਾਂਦਾ। 

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਸਮੁੱਚੀ ਠੋਸ ਰਹਿੰਦ-ਖੂਹੰਦ ਨੂੰ ਘਰੇਲੂ ਪੱਧਰ 'ਤੇ ਵੱਖ-ਵੱਖ ਕੀਤਾ ਜਾਵੇ ਤਾਂ ਜੋ ਇਸ ਦਾ ਨਿਪਟਾਰਾ/ਰੀਸਾਈਕਲਿੰਗ ਸੁਚਾਰੂ ਢੰਗ ਨਾਲ ਕੀਤੀ ਜਾ ਸਕੇ। ਇਸੇ ਤਰ੍ਹਾਂ ਉਨ੍ਹਾਂ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਕੰਪੋਸਟ ਪਿਟਸ ਦੀ ਕਾਰਜਪ੍ਰਣਾਲੀ ਦਾ ਵਿਅਕਤੀਗਤ ਤੌਰ 'ਤੇ ਨਿਰੀਖਣ ਕਰਨ ਦੇ ਨਿਰਦੇਸ਼ ਦਿੱਤੇ ਕਿਉਂਕਿ ਇਹ ਪਿਟਸ ਠੋਸ ਰਹਿੰਦ-ਖੂਹੰਦ ਦੇ ਨਿਪਟਾਰੇ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਨ।

ਸ਼੍ਰੀ ਸਾਰੰਗਲ ਨੇ ਜਲੰਧਰ ਵਿੱਚ ਚਲਾਈਆਂ ਜਾ ਰਹੀਆਂ ਵੱਖ-ਵੱਖ ਵਾਤਾਵਰਣ ਪੱਖੀ ਸਕੀਮਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਸਾਰੇ ਚੱਲ ਰਹੇ ਪ੍ਰਾਜੈਕਟਾਂ ਨੂੰ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਆਪਣੀ ਵਾਤਾਵਰਣ ਯੋਜਨਾ ਨੂੰ ਅੱਪਡੇਟ ਕਰਨ ਅਤੇ ਅੰਤਿਮ ਯੋਜਨਾ ਪ੍ਰਸ਼ਾਸਨ ਪਾਸ ਜਮ੍ਹਾ ਕਰਵਾਉਣ ਦੀ ਹਦਾਇਤ ਕੀਤੀ ਤਾਂ ਜੋ ਇਹ ਯੋਜਨਾ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੂੰ ਭੇਜੀ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਅਤੇ ਸੂਬਾ ਸਰਕਾਰ ਵੱਲੋਂ ਜਾਰੀ ਸਾਰੇ ਨਿਰਦੇਸ਼ਾਂ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇ। ਉਨ੍ਹਾਂ ਪ੍ਰਦੂਸ਼ਣ ਦੀ ਰੋਕਥਾਮ ਲਈ ਚੱਲ ਰਹੇ ਪ੍ਰਾਜੈਕਟਾਂ ਦਾ ਜਾਇਜ਼ਾ ਲੈਂਦਿਆਂ ਸਪੱਸ਼ਟ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਨੂੰ ਨੇਪਰੇ ਚਾੜ੍ਹਨ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਦੇਰੀ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

ਡਿਪਟੀ ਕਮਿਸ਼ਨਰ ਵੱਲੋਂ ਠੋਸ ਰਹਿੰਦ-ਖੂਹੰਦ ਪ੍ਰਬੰਧਨ ਪ੍ਰਾਜੈਕਟਾਂ, ਠੋਸ ਰਹਿੰਦ-ਖੂਹੰਦ ਦੀ ਬਾਇਓ ਮਾਈਨਿੰਗ, ਪਲਾਸਟਿਕ ਵੇਸਟ ਪ੍ਰਬੰਧਨ, ਈ-ਵੇਸਟ ਪ੍ਰਬੰਧਨ, ਕੰਪੋਸਟ ਪਿਟਸ ਦਾ ਨਿਰਮਾਣ, ਰੇਨ ਵਾਟਰ ਹਾਰਵੈਸਟਿੰਗ ਸਿਸਟਮ, ਇੰਡਸਟ੍ਰੀਅਲ ਵੇਸਟ ਮੈਨੇਜਮੈਂਟ, ਕੰਸਟਰਕਸ਼ਨ ਵੇਸਟ ਮੈਨੇਜਮੈਂਟ, ਸੀਵਰੇਜ ਟ੍ਰੀਟਮੈਂਟ ਪਲਾਂਟ, ਬੂਟੇ ਲਾਉਣ ਸਮੇਤ ਹਵਾ ਤੇ ਪਾਣੀ ਦੇ ਪ੍ਰਦੂਸ਼ਣ ਸਬੰਧੀ ਸਥਿਤੀ ਨੂੰ ਸੁਧਾਰਨ ਲਈ ਤਿਆਰ ਕੀਤੇ ਪ੍ਰਾਜੈਕਟਾਂ ਦਾ ਵੀ ਜਾਇਜ਼ਾ ਲਿਆ। 

ਉਨ੍ਹਾਂ ਨੇ ਪਾਣੀ ਨੂੰ ਸੋਧਣ ਅਤੇ ਸ਼ੋਰ ਪ੍ਰਦੂਸ਼ਣ ਨਾਲ ਸਬੰਧਤ ਮੁੱਦਿਆਂ ’ਤੇ ਵੀ ਵਿਚਾਰ-ਵਟਾਂਦਰਾ ਕੀਤਾ ਅਤੇ ਸਾਰੀਆਂ ਨਗਰ ਕੌਂਸਲਾਂ ਅਤੇ ਨਗਰ ਨਿਗਮ ਜਲੰਧਰ ਨੂੰ ਡੋਰ ਟੂ ਡੋਰ ਕੁਲੈਕਸ਼ਨ ਅਤੇ ਸੋਰਸ ਸੈਗਰੀਗੇਸ਼ਨ ਰਾਹੀਂ ਠੋਸ ਰਹਿੰਦ-ਖੂਹੰਦ ਦੇ ਨਿਪਟਾਰੇ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। 

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਵਰਿੰਦਰਪਾਲ ਸਿੰਘ ਬਾਜਵਾ ਤੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਐਸ.ਡੀ.ਐਮਜ਼ ਵਿਕਾਸ ਹੀਰਾ, ਬਲਬੀਰ ਰਾਜ ਸਿੰਘ, ਰਿਸ਼ਭ ਬਾਂਸਲ ਤੇ ਅਮਨ ਪਾਲ ਸਿੰਘ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਕਾਰਜਕਾਰੀ ਇੰਜਨੀਅਰ ਸੰਦੀਪ ਕੁਮਾਰ, ਭੂਮੀ ਤੇ ਜਲ ਸੰਭਾਲ ਅਫ਼ਸਰ ਲੁਪਿੰਦਰ ਕੁਮਾਰ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵੰਤ ਰਾਏ ਆਦਿ ਵੀ ਮੌਜੂਦ ਸਨ।