5 Dariya News

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਰਾਂਸਪੋਰਟਰਾਂ ਨੂੰ ਟੈਕਸ ਭਰਨ ਲਈ ਛੋਟ ਪ੍ਰਤੀ ਮਹੀਨਾ ਚਾਰ ਦਿਨ ਤੋਂ ਵਧਾ ਕੇ ਛੇ ਦਿਨ ਤੱਕ ਕਰਨ ਦਾ ਐਲਾਨ

ਸੂਬੇ ਭਰ ਦੇ ਟਰਾਂਸਪੋਰਟਰਾਂ ਨੂੰ ਰਾਹਤ ਦੇਣ ਦੇ ਮਕਸਦ ਨਾਲ ਕੀਤਾ ਫੈਸਲਾ

5 Dariya News

ਚੰਡੀਗੜ੍ਹ 30-Jun-2023

ਟਰਾਂਸਪੋਰਟਰਾਂ ਨੂੰ ਰਾਹਤ ਦੇਣ ਦੇ ਮੰਤਵ ਨਾਲ ਇਕ ਇਤਿਹਾਸਕ ਫੈਸਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਟਰਾਂਸਪੋਰਟਰਾਂ ਨੂੰ ਟੈਕਸ ਭਰਨ ਲਈ ਛੋਟ ਮੌਜੂਦਾ ਚਾਰ ਦਿਨਾਂ ਤੋਂ ਵਧਾ ਕੇ ਛੇ ਦਿਨ ਪ੍ਰਤੀ ਮਹੀਨਾ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਨੇ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿਖੇ ਟਰਾਂਸਪੋਰਟ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲਿਆ।

ਵਿਚਾਰ-ਵਟਾਂਦਰੇ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਟਰਾਂਸਪੋਰਟਰਾਂ ਨੂੰ ਸਿਰਫ਼ ਚਾਰ ਦਿਨ ਦਾ ਸਮਾਂ ਮਿਲਣ ਕਾਰਨ ਟੈਕਸ ਭਰਨ ਵਿੱਚ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਜਨਤਾ ਦੇ ਵਡੇਰੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਸੂਬਾ ਸਰਕਾਰ ਨੇ ਹੁਣ ਟੈਕਸ ਭਰਨ ਦੀ ਛੋਟ ਮੌਜੂਦਾ ਚਾਰ ਦਿਨਾਂ ਤੋਂ ਵਧਾ ਕੇ ਛੇ ਦਿਨ ਕਰਨ ਦਾ ਫੈਸਲਾ ਕੀਤਾ ਹੈ। 

ਭਗਵੰਤ ਮਾਨ ਨੇ ਉਮੀਦ ਜਤਾਈ ਕਿ ਇਸ ਨਾਲ ਸੂਬੇ ਦੇ ਟਰਾਂਸਪੋਰਟਰਾਂ ਨੂੰ ਲੋੜੀਂਦੀ ਰਾਹਤ ਮਿਲੇਗੀ ਅਤੇ ਇਸ ਨਾਲ ਖੇਤਰ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੋਰ ਹੁਲਾਰਾ ਮਿਲੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਟੇਜ ਕੈਰੇਜ਼ ਅਪਰੇਟਰਾਂ ਦੀ ਇਹ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਸੀ ਕਿਉਂਕਿ ਉਹ ਟੈਕਸ ਛੋਟ ਦੇ ਦਿਨਾਂ ਦੀ ਗਿਣਤੀ ਮੌਜੂਦਾ ਚਾਰ ਦਿਨ ਪ੍ਰਤੀ ਮਹੀਨਾ ਤੋਂ ਵਧਾ ਕੇ ਛੇ ਦਿਨ ਪ੍ਰਤੀ ਮਹੀਨਾ ਕਰਨ ਦੀ ਮੰਗ ਕਰ ਰਹੇ ਸਨ। 

ਉਨ੍ਹਾਂ ਕਿਹਾ ਕਿ ਲੋਕਾਂ ਦੀ ਇੱਛਾ ਅਨੁਸਾਰ ਕੰਮ ਕਰਨ ਵਾਲੀ ਸੂਬਾ ਸਰਕਾਰ ਨੇ ਟਰਾਂਸਪੋਰਟਰਾਂ ਦੀ ਇਹ ਮੰਗ ਮੰਨ ਲਈ ਹੈ। ਭਗਵੰਤ ਮਾਨ ਨੇ ਕਿਹਾ ਕਿ ਹੁਣ ਤੋਂ ਟੈਕਸ ਛੋਟ ਵਾਲੇ ਦਿਨਾਂ ਦੀ ਗਿਣਤੀ ਛੇ ਦਿਨ ਪ੍ਰਤੀ ਮਹੀਨਾ ਹੋਵੇਗੀ ਅਤੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਇਸ ਛੋਟ ਦਾ ਖ਼ਰਚਾ ਸਰਕਾਰ ਵੱਲੋਂ ਉਠਾਇਆ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਫੈਸਲੇ ਨਾਲ ਸੂਬੇ ਭਰ ਦੇ ਟਰਾਂਸਪੋਰਟਰਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਅਜਿਹੀ ਸਰਕਾਰ ਬਣੀ ਹੈ, ਜੋ ਸਮਾਜ ਦੇ ਹਰ ਵਰਗ ਦੇ ਹਿੱਤਾਂ ਦਾ ਧਿਆਨ ਰੱਖਦੀ ਹੈ। 

ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੂਰੀ ਤਰ੍ਹਾਂ ਲੋਕਾਂ ਦੀਆਂ ਇੱਛਾਵਾਂ ਮੁਤਾਬਕ ਕੰਮ ਕਰ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਨ੍ਹਾਂ ਨੂੰ ਸਰਕਾਰ ਦੇ ਹਰ ਕਦਮ ਦਾ ਲਾਭ ਮਿਲ ਸਕੇ।