5 Dariya News

659 ਆਮ ਆਦਮੀ ਕਲੀਨਿਕ ਬਣਾਕੇ ਪੰਜਾਬ ਸਰਕਾਰ ਵੱਲੋਂ ਸਿਹਤ ਸਹੂਲਤਾਂ ਦੇ ਖੇਤਰ ਵਿੱਚ ਇੱਕ ਵੱਡਾ ਮੀਲ ਪੱਥਰ ਸਥਾਪਿਤ ਕੀਤਾ -ਵਿਧਾਇਕ ਡਾ. ਚਰਨਜੀਤ ਸਿੰਘ

ਪਿੰਡ ਸੋਤਲ ਬਾਬਾ ਵਿਖੇ ਨਵੇਂ ਬਣਾਏ ਗਏ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ

5 Dariya News

ਮੋਰਿੰਡਾ/ਸ਼੍ਰੀ ਚਮਕੌਰ ਸਾਹਿਬ 14-Aug-2023

76ਵੇਂ ਆਜ਼ਾਦੀ ਦਿਵਸ ਤੇ 76 ਹੋਰ ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਅਰਪਣ ਕਰਕੇ ਡੇਢ ਸਾਲ ਦੇ ਸਮੇਂ ਵਿੱਚ ਹੀ ਪੰਜਾਬ ਸਰਕਾਰ ਨੇ ਸਿਹਤ ਸਹੂਲਤਾਂ ਦੇ ਖ਼ੇਤਰ ਵਿੱਚ ਇੱਕ ਵੱਡਾ ਮੀਲ ਪੱਥਰ ਸਥਾਪਿਤ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਦੇਣ ਦੇ ਮੰਤਵ ਨਾਲ ਡੇਢ ਸਾਲ ਦੇ ਸਮੇਂ ਵਿੱਚ ਹੀ ਪਹਿਲਾਂ 583 ਆਪ ਆਦਮੀ ਕਲੀਨਿਕ ਸ਼ੁਰੂ ਕੀਤੇ ਅਤੇ 76 ਹੋਰ ਨਵੇਂ ਆਮ ਆਦਮੀ ਕਲੀਨਿਕ ਸ਼ੁਰੂ ਕਰਨ ਨਾਲ ਇਨ੍ਹਾਂ ਦੀ ਗਿਣਤੀ 659 ਹੋ ਗਈ ਹੈ। 

ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਸ਼੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਪਿੰਡ ਸੋਤਲ ਬਾਬਾ ਵਿਖੇ ਨਵੇਂ ਬਣਾਏ ਗਏ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਦਿਆਂ ਕੀਤਾ। ਵਿਧਾਇਕ ਡਾ. ਚਰਨਜੀਤ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆਂ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਤਰੱਕੀ ਅਤੇ ਖੁਸ਼ਹਾਲੀ ਲਿਆਉਣ ਲਈ ਵਿਆਪਕ ਉਪਰਾਲੇ ਕੀਤਾ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਦੇਣ ਲਈ, ਚੰਗੀ ਸਿੱਖਿਆ ਅਤੇ ਨੌਜ਼ਵਾਨਾਂ ਨੂੰ ਰੁਜ਼ਗਾਰ ਦੇਣ ਲਈ ਲਗਾਤਾਰ ਯਤਨਸ਼ੀਲ ਹੈ। ਡਾ. ਚਰਨਜੀਤ ਸਿੰਘ ਚੰਨੀ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਹਲਕਾ ਸ਼੍ਰੀ ਚਮਕੌਰ ਸਾਹਿਬ ਦਾ ਸੱਤਵਾਂ ਅਤੇ  ਰੂਪਨਗਰ ਦਾ 21 ਵਾਂ ਆਮ ਆਦਮੀ ਕਲੀਨਿਕ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਸਹੂਲਤਾਂ ਦੇ ਨਾਲ-ਨਾਲ, ਮੁਫ਼ਤ ਬਿਜਲੀ, ਚੰਗੀ ਸਿੱਖਿਆ ਦੇਣ ਲਈ 117 ਸਕੂਲ ਆਫ਼ ਐਮੀਨੇਂਸ, ਅਤੇ ਹਰ ਵਰਗ ਨੂੰ ਯੋਗਤਾ ਅਨੁਸਾਰ ਭਲਾਈ ਸਕੀਮਾਂ ਦਾ ਲਾਭ ਦਿੱਤਾ ਜਾ ਰਿਹਾ ਹੈ, ਜਿਸ ਨਾਲ ਪੰਜਾਬ ਵਿੱਚ ਖੁਸ਼ਹਾਲੀ ਅਤੇ ਤਰੱਕੀ ਪਰਤ ਰਹੀ ਹੈ। ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਰੂਪਨਗਰ ਦਾ ਇਹ 21ਵਾਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤਾ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਉਹ ਖ਼ੁਦ ਵੀ ਸਮੇਂ-ਸਮੇਂ ਆਪ ਵੀ ਅਤੇ ਹੋਰ ਉੱਚ ਅਧਿਕਾਰੀਆਂ ਤੋਂ ਇਨ੍ਹਾਂ ਕਲੀਨਿਕਾਂ ਦੀ ਚੈਕਿੰਗ ਕਰਦੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਚੈਕਿੰਗ ਦੌਰਾਨ ਜਦੋਂ ਇਨ੍ਹਾਂ ਕਲੀਨਿਕਾਂ ਵਿੱਚ ਜਾ ਕੇ ਮਰੀਜਾਂ ਨਾਲ ਗੱਲਬਾਤ ਕੀਤੀ ਜਾਂਦੀ ਹੈ ਤਾਂ ਸਕਾਰਤਮਕ ਨਤੀਜੇ ਸਾਹਮਣੇ ਆਉਂਦੇ ਹਨ ਅਤੇ ਉਨ੍ਹਾਂ ਵੱਲੋਂ ਦੱਸਿਆ ਜਾਂਦਾ ਹੈ ਕਿ ਸਾਨੂੰ ਮੁਫ਼ਤ ਇਲਾਜ਼, ਦਵਾਈਆਂ ਅਤੇ ਟੈਸਟ ਇਨ੍ਹਾਂ ਕਲੀਨਿਕਾਂ ਵਿੱਚ ਦਿੱਤੇ ਜਾਂਦੇ ਹਨ ਜੋ ਕਿ ਲੋਕਾਂ ਲਈ ਬਹੁਤ ਸਹਾਈ ਸਿੱਧ ਹੁੰਦੇ ਹਨ।

ਇਸ ਮੌਕੇ ਸਿਵਲ ਸਰਜਨ ਡਾ. ਪਰਮਿੰਦਰ ਕੁਮਾਰ, ਐਸ.ਡੀ. ਐਮ. ਸ਼੍ਰੀ ਦੀਪਾਂਕਰ ਗਰਗ, ਐਸ.ਐਮ.ਓ. ਡਾ. ਗੋਬਿੰਦ ਟੰਡਨ, ਡਾ.ਸੁਪ੍ਰੀਤ ਕੌਰ, ਪਿੰਡ ਸੋਤਲ ਬਾਬਾ ਤੋਂ ਸਰਪੰਚ ਸ.ਦਵਿੰਦਰ ਸਿੰਘ, ਤੋਂ ਇਲਾਵਾ ਹੋਰ ਅਧਿਕਾਰੀ ਕਰਮਚਾਰੀ ਅਤੇ ਪਾਰਟੀ ਵਰਕਰ ਹਾਜਰ ਸਨ।