5 Dariya News

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਕਿਹਾ, ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨੂੰ ਬਣਦਾ ਮਾਣ-ਸਨਮਾਨ ਦੇਣ ਲਈ ਪੰਜਾਬ ਸਰਕਾਰ ਵਚਨਬੱਧ

5 Dariya News

ਹੁਸ਼ਿਆਰਪੁਰ 15-Aug-2023

ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਤੋਂ ਬਾਅਦ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨਾਲ ਸਥਾਨਕ ਪੁਲਿਸ ਲਾਈਨ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ ਅਤੇ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨੂੰ ਪੂਰਾ ਮਾਣ-ਸਨਮਾਨ ਦੇਣ ਲਈ ਵਚਨਬੱਧ ਹੈ। ਇਸ ਦੌਰਾਨ ਉਨ੍ਹਾਂ ਨਾਲ ਵਿਧਾਇਕ ਸ਼ਾਮਚੁਰਾਸੀ ਡਾ. ਰਵਜੋਤ ਸਿੰਘ, ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ, ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਐਸ. ਐਸ. ਪੀ ਸਰਤਾਜ ਸਿੰਘ ਚਾਹਲ ਵੀ ਮੌਜੂਦ ਸਨ।

ਸਪੀਕਰ ਨੇ ਇਸ ਦੌਰਾਨ ਕਿਹਾ ਕਿ ਦੇਸ਼ ਦੀ ਅਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਅਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਕਿਸੇ ਵੀ ਪਰਿਵਾਰਕ ਮੈਂਬਰ ਨੂੰ ਦਿੱਕਤ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਲਈ ਆਪਣਾ ਸਭ ਕੁਝ ਵਾਰਨ ਵਾਲੇ ਸੁਤੰਤਰਤਾ ਸੰਗਰਾਮੀਆਂ ਸਦਕਾ ਹੀ ਅਸੀਂ ਅੱਜ ਆਜ਼ਾਦ ਫ਼ਿਜ਼ਾ ਵਿਚ ਸਾਹ ਲੈ ਰਹੇ ਹਾਂ ਅਤੇ ਉਨ੍ਹਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। 

ਉਨ੍ਹਾਂ ਕਿਹਾ ਕਿ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿਚ ਲਿਆਂਦਾ ਜਾਵੇ।

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬਜ਼ੁਰਗਾਂ ਵੱਲੋਂ ਲਿਖੇ ਗਏ ਪੱਤਰ ਅਤੇ ਹੋਰਨਾਂ ਦਸਤਾਵੇਜ਼ਾਂ ਨੂੰ ਜ਼ਰੂਰ ਸੰਭਾਲਣ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿਚ ਲਿਆਉਣ, ਕਿਉਂਕਿ ਉਹ ਅਣਮੁੱਲੀ ਅਮਾਨਤ ਹੈ। ਇਸ ਦੌਰਾਨ ਉਨ੍ਹਾਂ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਦੀਆ ਸਮੱਸਿਆਵਾਂ ਵੀ ਸੁਣੀਆਂ ਅਤੇ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀ ਹਰੇਕ ਜਾਇਜ਼ ਮੰਗ ਨੂੰ ਮੁੱਖ ਮੰਤਰੀ ਪੰਜਾਬ ਦੇ ਸਾਹਮਣੇ ਰੱਖਿਆ ਜਾਵੇਗਾ ਅਤੇ ਉਸ ਦਾ ਹੱਲ ਵੀ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਅਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ’ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਸੁਤੰਤਰਤਾ ਸੰਗਰਾਮੀਆਂ ਅਤੇ ਉਨਾਂ ਦੇ ਪਰਿਵਾਰਾਂ ਨੂੰ ਉਨ੍ਹਾ ਦੇ ਘਰਾਂ ਵਿਚ ਜਾ ਕੇ ਸਨਮਾਨਿਤ ਕੀਤਾ ਗਿਆ, ਜਿਹੜੇ ਕਿ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਨਹੀਂ ਪਹੁੰਚ ਸਕਦੇ ਸਨ। ਇਸ ਤੋਂ ਇਲਾਵਾ ਹੋਰਨਾਂ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਦਾ ਮੁੱਖ ਮਹਿਮਾਨ ਵੱਲੋਂ ਪੁਲਿਸ ਲਾਈਨ ਗਰਾਊਂਡ ਵਿਚ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸਨਮਾਨ ਕੀਤਾ ਗਿਆ।