5 Dariya News

ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਪ੍ਰਸ਼ਾਸਨ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਜੰਗੀ ਪੱਧਰ ’ਤੇ ਰਾਹਤ ਕਾਰਜ ਜਾਰੀ

ਲੋੜ ਪੈਣ ’ਤੇ ਹੈਲਪ ਲਾਈਨ ਨੰਬਰ 1800-180-1852 ਜਾਂ 112 ’ਤੇ ਸੰਪਰਕ ਕੀਤਾ ਜਾ ਸਕਦਾ ਹੈ

5 Dariya News

ਬਟਾਲਾ 17-Aug-2023

ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਪ੍ਰਸ਼ਾਸਨ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਤੱਕ ਪਹੁੰਚ ਕਰਕੇ ਉਨਾਂ ਨੂੰ ਰਾਹਤ ਪਹੁੰਚਾਈ ਜਾ ਰਹੀ ਹੈ ਅਤੇ ਹੜ੍ਹ ਨਾਲ ਪ੍ਰਭਾਵਿਤ ਪਿੰਡਾਂ ਵਿੱਚ ਜੰਗੀ ਪੱਧਰ ਤੇ ਰਾਹਤ ਕਾਰਜ ਜਾਰੀ ਹਨ। ਇਹ ਜਾਣਕਾਰੀ ਦਿੰਦਿਆਂ ਡਾ. ਸ਼ਾਇਰੀ ਭੰਡਾਰੀ, ਐਸ.ਡੀ.ਐਮ ਬਟਾਲਾ ਨੇ ਦੱਸਿਆ ਕਿ ਬਿਆਸ ਦਰਿਆ ਨੇੜਲੇ ਖੇਤਰ ਜਿਵੇਂ ਸ੍ਰੀ ਹਰਗੋਬਿੰਦਪੁਰ ਸਾਹਿਬ, ਕਾਹਨੂੰਵਾਨ ਅਤੇ ਪੁਰਾਣਾ ਸਾਲਾ ਨੇੜਲੇ ਕੁਝ ਪਿੰਡ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ ਪਰ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰੇਦਸ਼ਾਂ ਹੇਠ ਹੜ੍ਹ ਪ੍ਰਭਾਵਤ ਖੇਤਰਾਂ ਨੂੰ 4 ਸੈਕਟਰਾਂ ਵਿੱਚ ਵੰਡ ਕੇ ਵੱਖ-ਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ, ਜੋ ਦਿਨ ਰਾਤ ਰਾਹਤ ਕੰਮ ਵਿੱਚ ਲੱਗੀਆਂ ਹਨ।

ਉਨਾਂ ਅੱਗੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਖੁਦ ਕੀਤੇ ਜਾ ਰਹੇ ਕਾਰਜਾਂ ਤੇ ਨਿਗਰਾਨੀ ਰੱਖੀ ਜਾ ਰਹੀ ਹੈ। ਉਨਾਂ ਦੱਸਿਆ ਕਿ ਧੁੱਸੀ ਬੰਨ ਵਿੱਚ ਪਏ ਪਾੜਾਂ ਨੂੰ ਭਰਨ ਦਾ ਕੰਮ ਵੀ ਜੰਗੀ ਪੱਧਰ ’ਤੇ ਜਾਰੀ ਹੈ। ਇਸਦੇ ਨਾਲ ਹੀ ਧੁੱਸੀ ਬੰਨ ਦੇ ਜਿਹੜੇ ਹਿੱਸੇ ਕਮਜ਼ੋਰ ਹਨ ਉਨ੍ਹਾਂ ਨੂੰ ਵੀ ਠੀਕ ਕੀਤਾ ਜਾ ਰਿਹਾ ਹੈ। 

ਇਸ ਤੋਂ ਇਲਾਵਾ ਪਿਛਲੇ ਤਿੰਨ ਦਿਨਾਂ ਤੋਂ ਹੜ੍ਹ ਪ੍ਰਭਾਵਤ ਖੇਤਰ ਵਿੱਚ ਫਸੇ ਲੋਕਾਂ ਨੂੰ ਮੈਡੀਕਲ ਸਹਾਇਤਾ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਮੈਡੀਕਲ ਟੀਮਾਂ ਨੇ ਕਿਸ਼ਤੀਆਂ ਰਾਹੀਂ ਘਰ-ਘਰ ਜਾ ਕੇ ਮੈਡੀਕਲ ਸੇਵਾ ਦੇਣੀ ਸ਼ੁਰੂ ਕਰ ਦਿੱਤੀ ਹੈ। ਐਸ.ਡੀ.ਐਮ ਬਟਾਲਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਰਾਣਾ ਸ਼ਾਲਾ ਦੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿੱਚ ਰਾਹਤ ਕੈਂਪ ਸਥਾਪਤ ਕੀਤਾ ਗਿਆ ਹੈ, ਜਿਥੇ ਮੈਡੀਕਲ, ਵੈਟਨਰੀ ਵਿਭਾਗਾਂ ਸਮੇਤ ਸਾਰੀਆਂ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ। 

ਉਨ੍ਹਾਂ ਕਿਹਾ ਕਿ ਲੋੜ ਪੈਣ ’ਤੇ ਹੈਲਪ ਲਾਈਨ ਨੰਬਰ 1800-180-1852 ਜਾਂ 112 ਨੰਬਰ ਤੇ ਕਾਲ ਕੀਤੀ ਜਾ ਸਕਦੀ ਹੈ।