5 Dariya News

‘ਖੇਡਾਂ ਵਤਨ ਪੰਜਾਬ ਦੀਆਂ-2023’ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦਾ ਹੋਇਆ ਸ਼ਾਨਦਾਰ ਆਗਾਜ਼

ਕੈਬਨਿਟ ਮੰਤਰੀ ਜਿੰਪਾ ਨੇ ਹੁਸ਼ਿਆਰਪੁਰ, ਡਿਪਟੀ ਸਪੀਕਰ ਰੌੜੀ ਨੇ ਮਾਹਿਲਪੁਰ ਅਤੇ ਵਿਧਾਇਕ ਉੜਮੁੜ ਰਾਜਾ ਗਿੱਲ ਨੇ ਟਾਂਡਾ ’ਚ ਕਰਵਾਈ ਖੇਡ ਮੁਕਾਬਲਿਆਂ ਦੀ ਸ਼ੁਰੂਆਤ

5 Dariya News

ਹੁਸ਼ਿਆਰਪੁਰ 29-Sep-2023

‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੀ ਹੁਸ਼ਿਆਰਪੁਰ ਵਿਚ ਸ਼ੁਰੂਆਤ ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਵਲੋਂ ਲਾਜਵੰਤੀ ਸਟੇਡੀਅਮ ਵਿਚ ਕੀਤੀ ਗਈ, ਜਦਕਿ ਫੁੱਟਬਾਲ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਮਾਹਿਲਪੁਰ ਅਤੇ ਅਥਲੈਟਿਕਸ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ ਵਲੋਂ ਟਾਂਡਾ ਵਿਖੇ ਕੀਤੀ ਗਈ।

ਲਾਜਵੰਤੀ ਸਟੇਡੀਅਮ ਵਿਚ ਹਿੱਸਾ ਲੈਣ ਵਾਲੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਖੇਡ ਸੱਭਿਆਚਾਰ ਨੂੰ ਨਵੀਂ ਦਿਸ਼ਾ ਦੇਣ ਵਾਲੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਖੇਡ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਦੇ ਨੌਜਵਾਨਾਂ ਵਿਚ ਜੋ ਊਰਜਾ ਭਰੀ ਹੈ, ਉਸ ਦੇ ਸਾਰਥਕ ਨਤੀਜੇ ਕੁਝ ਹੀ ਸਾਲਾਂ ਵਿਚ ਸਾਡੇ ਸਾਹਮਣੇ ਆਉਣਗੇ, ਜਦ ਪੰਜਾਬ ਦੇ ਨੌਜਵਾਨ ਅੰਤਰਰਾਸ਼ਟਰੀ ਪੱਧਰ ’ਤੇ ਪੰਜਾਬ ਦਾ ਨਾਮ ਪੂਰੇ ਵਿਸ਼ਵ ਵਿਚ ਰੋਸ਼ਨ ਕਰਨਗੇ। 

ਉਨ੍ਹਾਂ ਕਿਹਾ ਕਿ 2022 ਵਿਚ ਪੰਜਾਬ ਵਿਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ‘ਖੇਡਾਂ ਵਤਨ ਪੰਜਾਬ ਦੀਆਂ’ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਕੀਤੀ ਗਈ ਸੀ ਅਤੇ ਇਸੇ ਲੜੀ ਵਿਚ ਇਸ ਵਾਰ ਫਿਰ ਇਹ ਮੁਕਾਬਲੇ ਕਰਵਾਏ ਜਾ ਰਹੇ ਹਨ, ਜਿਸ ਵਿਚ ਭਾਗੀਦਾਰਾਂ ਦੀ ਗਿਣਤੀ ਪਿਛਲੇ ਸਾਲ ਦੇ ਮੁਕਾਬਲੇ ਹੋਰ ਵੱਧ ਹੋ ਗਈ ਹੈ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਐਸ. ਪੀ (ਹੈਡਕੁਆਟਰ) ਮਨਜੀਤ ਕੌਰ, ਐਸ.ਡੀ.ਐਮ ਪ੍ਰੀਤਇੰਦਰ ਸਿੰਘ ਬੈਂਸ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ, ਸਤਵੰਤ ਸਿੰਘ ਸਿਆਣ, ਸੁਮੇਸ਼ ਸੋਨੀ, ਵਰਿੰਦਰ ਦੱਤ ਵੈਦ, ਮੁਨੀਸ਼ ਸ਼ਰਮਾ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

ਮਾਹਿਲਪੁਰ ਵਿਖੇ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਜ਼ਿਲ੍ਹੇ ਵਿਚ ਖਿਡਾਰੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਯਤਨ ਕੀਤੇ ਜਾਂਦੇ ਰਹਿਣਗੇ।ਇਸ ਦੌਰਾਨ ਉਨ੍ਹਾਂ ਨੇ ਖਿਡਾਰੀਆਂ ਨਾਲ ਮੁਲਾਕਾਤ ਕਰਦੇ ਹੋਏ ਉਨ੍ਹਾਂ ਨੂੰ ਖੇਡਾਂ ਵਿਚ ਹੋਰ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ। 

ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਰਾਹੀਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਇਕ ਇਸ ਤਰ੍ਹਾਂ ਦਾ ਮੰਚ ਮੁਹੱਈਆ ਕਰਵਾਇਆ ਗਿਆ ਹੈ, ਜਿਸ ਰਾਹੀਂ ਉਹ ਆਪਣੇ ਆਪ ਨੂੰ ਅਗਲੇ ਪੱਧਰ ਦੇ ਮੁਕਾਬਲਿਆਂ ਲਈ ਤਿਆਰ ਕਰ ਸਕਣਗੇ। ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਪੰਜਾਬ ਨੇ ਦੇਸ਼ ਨੂੰ ਕਈ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖਿਡਾਰੀ ਦਿੱਤੇ ਹਨ ਅਤੇ ਉਸੇ ਲੜੀ ਨੂੰ ਬਰਕਰਾਰ ਰੱਖਣ ਅਤੇ ਹੋਰ ਅੱਗੇ ਵੱਧਣ ਵਿਚ ‘ਖੇਡਾਂ ਵਤਨ ਪੰਜਾਬ ਦੀਆਂ’ ਖੇਡ ਮੁਕਾਬਲੇ ਕਾਫ਼ੀ ਸਹਾਇਕ ਸਾਬਤ ਹੋਣਗੇ। 

ਉਨ੍ਹਾਂ ਖਿਡਾਰੀਆਂ ਨੂੰ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਖਿਡਾਰੀਆਂ ਨੂੰ ਹਰ ਸੰਭਵ ਮਦਦ ਦੇਣ ਲਈ ਵਚਨਬੱਧ ਹੈ।