5 Dariya News

ਪਿਛਲੀਆਂ ਸਰਕਾਰਾਂ ਨੇ ਡਰੱਗ ਮਾਫੀਆ ਨੂੰ ਸਰਕਾਰੀ ਸੁਰੱਖਿਆ ਦਿੱਤੀ- ਆਪ

ਮਾਨ ਸਰਕਾਰ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਦੇ ਜਾਲ ਵਿਚੋਂ ਕੱਢਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ - ਮਲਵਿੰਦਰ ਸਿੰਘ ਕੰਗ

5 Dariya News

ਚੰਡੀਗੜ੍ਹ 19-Oct-2023

ਨਸ਼ੇ ਦੇ ਮੁੱਦੇ 'ਤੇ ਆਮ ਆਦਮੀ ਪਾਰਟੀ (ਆਪ) ਨੇ ਵਿਰੋਧੀ ਪਾਰਟੀਆਂ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ 'ਚ ਨਸ਼ੇ ਨੂੰ ਬੜਾਵਾ ਦਿੱਤਾ ਅਤੇ ਡਰੱਗ ਮਾਫੀਆ ਨੂੰ ਸਰਕਾਰੀ ਸੁਰੱਖਿਆ ਪ੍ਰਦਾਨ ਕੀਤੀ। ਉਨ੍ਹਾਂ ਨੇ ਨਸ਼ਿਆਂ ਦੇ ਕਾਰੋਬਾਰ ਨੂੰ ਇਸ ਲਈ ਉਤਸ਼ਾਹਿਤ ਕੀਤਾ ਕਿਉਂਕਿ ਉਸ ਦੇ ਇਸ ਨਾਲ ਵਿੱਤੀ ਹਿੱਤ ਜੁੜੇ ਹੋਏ ਸਨ।  ਪਾਰਟੀ ਹੈੱਡਕੁਆਰਟਰ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਉਲਟ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੇ ਜਾਲ ‘ਚੋਂ ਕੱਢਣ ਲਈ ਲਗਾਤਾਰ ਯਤਨ ਕਰ ਰਹੀ ਹੈ।  

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਇੱਕ ਸਾਜ਼ਿਸ਼ ਤਹਿਤ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਵੱਲ ਧੱਕਿਆ ਗਿਆ।  ਇਸ ਦੌਰਾਨ ਪ੍ਰੈੱਸ ਕਾਨਫਰੰਸ ਵਿੱਚ ਮੁੱਖ ਬੁਲਾਰੇ ਕੰਗ ਦੇ ਨਾਲ ਪਾਰਟੀ ਦੇ ਬੁਲਾਰੇ ਬੱਬੀ ਬਾਦਲ ਅਤੇ ਬਿਕਰਮਜੀਤ ਪਾਸੀ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਇਸ ਸਮਾਗਮ ਦਾ ਕਾਨਸੈਪਟ ਇਹ ਹੈ ਕਿ ਆਉਣ ਵਾਲੀ ਪੀੜ੍ਹੀ ਨੂੰ ਸਿਹਤਮੰਦ ਕਿਵੇਂ ਬਣਾਇਆ ਜਾਵੇ। ਇਸ ਦੇ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਕਈ ਵੱਡੇ ਕਦਮ ਚੁੱਕੇ ਹਨ।  

ਚਾਹੇ ਉਹ ਡਰੱਗ ਮਾਫੀਆ ਖਿਲਾਫ ਕਾਰਵਾਈ ਹੋਵੇ ਜਾਂ ਫਿਰ ਨਸ਼ੇ ਦੇ ਕਾਰੋਬਾਰ ਵਿਚ ਸ਼ਾਮਲ ਅਫਸਰਾਂ ਖਿਲਾਫ ਕਾਰਵਾਈ ਹੋਵੇ।  ਮਾਨ ਸਰਕਾਰ ਨੇ ਪੰਜਾਬ ਵਿੱਚੋਂ ਨਸ਼ੇ ਨੂੰ ਜੜ੍ਹੋਂ ਪੁੱਟਣ ਲਈ ਕਈ ਤਰ੍ਹਾਂ ਦੇ ਅਪਰੇਸ਼ਨ ਚਲਾਏ ਹਨ। ਵਿਰੋਧੀ ਪਾਰਟੀਆਂ ਨੂੰ ਕਰਾਰਾ ਜਵਾਬ ਦਿੰਦਿਆਂ ਕੰਗ ਨੇ ਕਿਹਾ ਕਿ ਕੁਝ ਲੋਕ ਸਰਕਾਰ ਦੇ ਇਸ ਕਦਮ ਦਾ ਵਿਰੋਧ ਕਰ ਰਹੇ ਹਨ, ਪਰ ਉਹ ਦੱਸਣ ਕਿ ਦਰਬਾਰ ਸਾਹਿਬ ਤੋਂ ਸ਼ੁਰੂ ਕਰਨ ਵਿੱਚ ਕੀ ਦਿੱਕਤ ਹੈ?  ਉਨ੍ਹਾਂ ਕਿਹਾ ਕਿ ਪੰਜਾਬੀ ਕੋਈ ਵੀ ਕੰਮ ਗੁਰੂ ਸਾਹਿਬ ਅੱਗੇ ਅਰਦਾਸ ਕਰਕੇ ਹੀ ਸ਼ੁਰੂ ਕਰਦੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਅਜਿਹਾ ਹੀ ਕੀਤਾ।

ਉਨ੍ਹਾਂ ਕਿਹਾ ਕਿ ਅਕਾਲੀ ਦਲ ਬਾਦਲ ਨੂੰ ਲੱਗਦਾ ਹੈ ਜਿਵੇਂ ਦਰਬਾਰ ਸਾਹਿਬ 'ਤੇ ਸਿਰਫ਼ ਉਨ੍ਹਾਂ ਦਾ ਹੀ ਹੱਕ ਹੈ।  ਇਸ ਵੱਡੇ ਮਿਸ਼ਨ ਦੀ ਸ਼ੁਰੂਆਤ ਦਰਬਾਰ ਸਾਹਿਬ ਤੋਂ ਕੀਤੀ ਗਈ ਸੀ ਤਾਂ ਜੋ ਪ੍ਰਮਾਤਮਾ ਇਸ ਮਿਸ਼ਨ ਨੂੰ ਕਾਮਯਾਬ ਕਰਨ ਲਈ ਸਰਕਾਰ ਨੂੰ ਹੌਸਲਾ ਤੇ ਹਿੰਮਤ ਦੇਵੇ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਵਿੱਚ ਕਈ ਧਾਰਮਿਕ ਸ਼ਖ਼ਸੀਅਤਾਂ ਨੇ ਵੀ ਸ਼ਿਰਕਤ ਕੀਤੀ ਅਤੇ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।  ਕੰਗ ਨੇ ਪੰਜਾਬ ਦੇ ਨੌਜਵਾਨਾਂ ਅਤੇ ਦੇਸ਼-ਵਿਦੇਸ਼ 'ਚ ਵੱਸਦੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਸੂਬੇ 'ਚੋਂ ਨਸ਼ੇ ਨੂੰ ਜੜ੍ਹੋਂ ਖਤਮ ਕਰਨ ਦੇ ਮਿਸ਼ਨ 'ਚ ਸਰਕਾਰ ਦਾ ਸਾਥ ਦੇਣ ਅਤੇ ਸਹਿਯੋਗ ਦੇਣ।