5 Dariya News

ਵਿਧਾਇਕ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 95 'ਚ ਨਵੇਂ ਟਿਊਬਵੈਲ ਦਾ ਉਦਘਾਟਨ

ਕਿਹਾ! ਬੀਤੇ 6 ਮਹੀਨਿਆਂ ਦੌਰਾਨ ਹਲਕੇ 'ਚ ਤੀਸਰਾ ਟਿਊਬਵੈਲ ਲੱਗਣ ਜਾ ਰਿਹਾ

5 Dariya News

ਲੁਧਿਆਣਾ 06-Dec-2023

ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਸਥਾਨਕ ਵਾਰਡ ਨੰਬਰ 95 ਵਿਖੇ 25 ਹਾਰਸ ਪਾਵਰ ਟਿਊਬਵੈਲ ਲਗਾਉਣ ਦੇ ਕਾਰਜ਼ਾਂ ਦੀ ਸ਼ੁਰੂਆਤ ਕੀਤੀ। ਜ਼ਿਕਰਯੋਗ ਹੈ ਕਿ ਹਲਕਾ ਉੱਤਰੀ ਵਿੱਚ ਵਿਕਾਸ ਕਾਰਜ਼ ਲਗਾਤਾਰ ਜਾਰੀ ਹਨ ਜਿਸਦੇ ਤਹਿਤ ਸਥਾਨਕ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਬੀਤੇ 6 ਮਹੀਨਿਆਂ ਦੌਰਾਨ ਹਲਕੇ ਵਿੱਚ ਇਹ ਤੀਸਰਾ ਪੀਣ ਵਾਲੇ ਪਾਣੀ ਦਾ ਟਿਊਬਵੈਲ ਲੱਗਣ ਜਾ ਰਿਹਾ ਹੈ।

ਵਿਧਾਇਕ ਬੱਗਾ ਵੱਲੋਂ ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਾਰਡ ਨੰਬਰ 95 ਦੇ ਵਸਨੀਕਾਂ ਨੂੰ ਬੀਤੇ ਸਮੇਂ ਦੌਰਾਨ ਪਾਣੀ ਦੀ ਕਾਫੀ ਕਿੱਲਤ ਸੀ ਅਤੇ ਉਨ੍ਹਾਂ ਦੀ ਚਿਰੌਕਣੀ ਮੰਗ ਨੂੰ ਪੂਰਾ ਕਰਦਿਆਂ ਕਰੀਬ 12.50 ਲੱਖ ਰੁਪਏ ਦੀ ਲਾਗਤ ਨਾਲ ਵਾਰਡ ਵਿੱਚ ਨਵਾਂ ਟਿਊਬਵੈਲ ਲਗਾਇਆ ਜਾ ਰਿਹਾ ਹੈ ਤਾਂ ਜੋ ਵਸਨੀਕਾਂ ਨੂੰ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਹੁਣ ਆਸ ਪਾਸ ਦੇ ਇਲਾਕਿਆਂ ਨੂੰ ਵੀ ਇਸਦਾ ਲਾਭ ਮਿਲੇਗਾ।

ਵਿਧਾਇਕ ਬੱਗਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸੂਬੇ ਦੇ ਵਸਨੀਕਾਂ ਨੂੰ ਆਉਣ ਵਾਲੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹੈ ਜਿਸ ਤਹਿਤ ਚੌਣਾਂ ਦੌਰਾਨ ਵੋਟਰਾਂ ਨਾਲ ਕੀਤੇ ਵਾਅਦਿਆਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ।