5 Dariya News

ਜ਼ਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਵੱਲੋਂ ਦਿਵਿਆਂਗ ਵੋਟਰਾਂ ਨੂੰ ਵੋਟਾਂ ਵਾਲੇ ਦਿਨ ਸਹੂਲਤਾਂ ਦਾ ਲਾਭ ਲੈਣ ਲਈ 'ਸਕਸ਼ਮ ਐਪ' ਦੀ ਵਰਤੋਂ ਕਰਨ ਦੀ ਅਪੀਲ

ਪੋਲਿੰਗ ਅਤੇ ਗਿਣਤੀ ਕੇਂਦਰਾਂ ਦਾ ਕੀਤਾ ਦੌਰਾ

5 Dariya News

ਅੰਮ੍ਰਿਤਸਰ 23-May-2024

ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣਾਂ-2024 ਦੌਰਾਨ ਦਿਵਿਆਂਗਜਨਾਂ ਨੂੰ 'ਸਕਸ਼ਮ ਐਪ' ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ  ਦਿਵਿਆਂਗ ਵੋਟਰ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹਨ ਅਤੇ ਵੋਟਾਂ ਵਾਲੇ ਦਿਨ ਆਪਣੀ ਸਹੂਲਤ ਲਈ ਵ੍ਹੀਲਚੇਅਰ, ਆਵਾਜਾਈ ਅਤੇ ਵਲੰਟੀਅਰ ਵਰਗੀਆਂ ਸਹੂਲਤਾਂ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਐਪ ਨੂੰ ਗੂਗਲ ਪਲੇਅ ਸਟੋਰ ਅਤੇ ਐਪਲ ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਮ ਚੋਣਾਂ ਦੌਰਾਨ ਵੱਧ ਤੋਂ ਵੱਧ ਦਿਵਿਆਂਗਜਨਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਦਿਵਿਆਂਗਜਨ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਫਰਜ਼ ਬਣਦਾ ਹੈ ਕਿ ਚੋਣਾਂ ਦੌਰਾਨ ਉਨ੍ਹਾਂ ਨੂੰ ਸਾਰੀਆਂ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। 

ਉਨ੍ਹਾਂ ਸਾਰੇ ਸਹਾਇਕ ਰਿਟਰਨਿੰਗ ਅਫ਼ਸਰਾਂ (ਏ.ਆਰ.ਓ) ਨੂੰ ਹਦਾਇਤ ਕੀਤੀ ਕਿ ਉਹ 'ਸਕਸ਼ਮ ਐਪ' ਰਾਹੀਂ ਦਿਵਿਆਂਗਜਨ ਲਈ ਉਪਲਬਧ ਸਹੂਲਤਾਂ ਬਾਰੇ ਵੱਧ ਤੋਂ ਵੱਧ ਜਾਣਕਾਰੀ ਮੁਹੱਈਆ ਕਰਵਾਉਣ ਤਾਂ ਜੋ ਵੱਧ ਤੋਂ ਵੱਧ ਲੋੜਵੰਦ ਇਨ੍ਹਾਂ ਸਹੂਲਤਾਂ ਦਾ ਲਾਭ ਉਠਾ ਸਕਣ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਪੋਲਿੰਗ ਸਟੇਸ਼ਨਾਂ 'ਤੇ ਪੀਣ ਵਾਲੇ ਪਾਣੀ, ਸਾਫ਼-ਸਫ਼ਾਈ, ਵ੍ਹੀਲਚੇਅਰ, ਰੈਂਪ ਆਦਿ ਦੇ ਪੁਖਤਾ ਪ੍ਰਬੰਧ ਕਰਨ ਤਾਂ ਜੋ ਵੋਟਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਜਿਲ੍ਹਾ ਚੋਣ ਅਧਿਕਾਰੀ ਨੇ ਵੱਖ-ਵੱਖ ਪੋਲਿੰਗ ਬੂਥਾਂ ਅਤੇ ਗਿਣਤੀ ਕੇਂਦਰਾਂ ਦਾ ਦੌਰਾ ਕਰਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਪੋਲਿੰਗ ਬੂਥਾਂ ਤੇ ਵੋਟਿੰਗ ਮਸ਼ੀਨਾਂ ਦੀ ਕਮਿਸ਼ਨਿੰਗ ਦਾ ਕੰਮ ਸਹੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ। ਉਨਾਂ ਸਾਰੇ ਸੈਕਟਰ ਸੂਪਰਵਾਈਜ਼ਰਾਂ ਨੂੰ ਕਿਹਾ ਕਿ ਅਨੁਸ਼ਾਸ਼ਨੀ ਤਰੀਕੇ ਨਾਲ ਆਪਣੇ ਟੇਬਲਾਂ ਉੱਪਰ ਵੋਟਿੰਗ ਮਸ਼ੀਨ ਦੀ ਕਮੀਸ਼ਨਿੰਗ ਯਕੀਨੀ ਬਣਾਇਆ ਜਾਵੇ। 

ਉਨਾਂ ਕਿਹਾ ਕਿ ਅੰਮ੍ਰਿਤਸਰ ਲੋਕਸਭਾ ਹਲਕੇ ਦੀ ਚੋਣਾਂ ਦੀ ਪੋਲਿੰਗ ਅਤੇ ਗਿਣਤੀ ਲਈ 9 ਵੱਖ-ਵੱਖ ਥਾਵਾਂ ਤੇ ਗਿਣਤੀ ਕੇਂਦਰ ਬਣਾਏ ਗਏ ਹਨ ਅਤੇ ਇਨਾਂ ਕੇਂਦਰਾਂ ਤੋਂ ਹੀ ਪੋਲਿੰਗ ਪਾਰਟੀਆਂ ਨੂੰ ਰਵਾਨਾ ਕੀਤਾ ਜਾਵੇਗਾ ਅਤੇ ਵੋਟਾਂ ਦਾ ਕੰਮ ਹੋਣ ਤੋਂ ਬਾਅਦ ਇਨਾਂ ਸਥਾਨਾਂ ਤੇ ਹੀ ਸਟਰਾਂਗ ਰੂਮਾਂ ਵਿੱਚ ਮਸ਼ੀਨਾਂ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਰੱਖਿਆ ਜਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ ਨਗਰ ਨਿਗਮ ਸ੍ਰੀ ਸੁਰਿੰਦਰ ਸਿੰਘ, ਐਸ ਡੀ ਐਮ ਸ੍ਰੀਮਤੀ ਹਰਨੂਰ ਕੌਰ ਢਿਲੋ, ਚੋਣ ਕਾਨੂੰਗੋ ਸ੍ਰੀ ਸੁਰਿੰਦਰ ਸਿੰਘ, ਸ੍ਰੀ ਦਿਨੇਸ਼ ਸੂਰੀ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।