5 Dariya News

ਜ਼ਿਲ੍ਹਾ ਚੋਣ ਅਫ਼ਸਰ ਕੁਲਵੰਤ ਸਿੰਘ ਨੇ ਸਟਰਾਂਗ ਰੂਮਾਂ ਅਤੇ ਗਿਣਤੀ ਕੇਂਦਰਾਂ ਦਾ ਲਿਆ ਜਾਇਜ਼ਾ

5 Dariya News

ਮੋਗਾ 23-May-2024

ਮਤਦਾਨ ਦੀ ਮਿਤੀ (1 ਜੂਨ) ਨੇੜੇ ਆਉਣ ਦੇ ਨਾਲ, ਜ਼ਿਲ੍ਹਾ ਚੋਣ ਅਫ਼ਸਰ (ਡੀ.ਈ.ਓ) ਕਮ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੇ ਸਟਰਾਂਗ ਰੂਮਾਂ ਅਤੇ ਗਿਣਤੀ ਕੇਂਦਰਾਂ ਦਾ ਦੌਰਾ ਕੀਤਾ ਅਤੇ ਚੱਲ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸਿਵਲ ਅਤੇ ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਫਰੀਦਕੋਟ ਸੰਸਦੀ ਹਲਕੇ ਦੇ ਸਾਰੇ ਸਹਾਇਕ ਰਿਟਰਨਿੰਗ ਅਫ਼ਸਰਾਂ (ਏ.ਆਰ.ਓਜ਼) ਦੇ ਨਾਲ ਸਥਾਨਕ ਆਈ ਟੀ ਆਈ ਦੀ ਇਮਾਰਤ ਦਾ ਦੌਰਾ ਕੀਤਾ ਜਿੱਥੇ ਸਟਰਾਂਗ ਰੂਮ ਅਤੇ ਗਿਣਤੀ ਕੇਂਦਰ ਸਥਾਪਿਤ ਕੀਤੇ ਗਏ ਹਨ।

ਜ਼ਿਲ੍ਹਾ ਚੋਣ ਅਫ਼ਸਰ ਸ੍ਰ ਕੁਲਵੰਤ ਸਿੰਘ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਈ.ਵੀ.ਐਮਜ਼ ਤੇ ਸਖ਼ਤ ਨਜ਼ਰ ਰੱਖਣ। ਉਨ੍ਹਾਂ ਕਿਹਾ ਕਿ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਈ.ਵੀ.ਐਮਜ਼ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ ਅਤੇ ਮਸ਼ੀਨਾਂ ਦੀ ਨਿਰਪੱਖ ਢੰਗ ਨਾਲ ਸੁਰੱਖਿਆ ਕਰਨਾ ਸਾਡਾ ਮੁੱਖ ਫਰਜ਼ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਢੁਕਵੀਂ ਸੁਰੱਖਿਆ ਤੈਨਾਤੀ ਯੋਜਨਾ ਉਲੀਕਣ, ਤਾਂ ਜੋ ਸਟਰਾਂਗ ਰੂਮ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।

ਉਹਨਾਂ ਨੇ ਉਥੇ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਵੀ ਜਾਂਚ ਕੀਤੀ। ਉਨ੍ਹਾਂ ਹਦਾਇਤ ਕੀਤੀ ਕਿ ਕਿਸੇ ਨੂੰ ਵੀ ਸਟਰਾਂਗ ਰੂਮ ਵਾਲੇ ਖੇਤਰਾਂ ਵਿੱਚ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਅਧਿਕਾਰੀਆਂ ਦੀ ਐਂਟਰੀ ਨੂੰ ਇੱਕ ਵਿਸ਼ੇਸ਼ ਲੌਗ ਬੁੱਕ ਵਿੱਚ ਦਰਜ ਕੀਤਾ ਜਾਣਾ ਚਾਹੀਦਾ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੋਣਾਂ ਸ਼ਾਂਤੀਪੂਰਨ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਏ.ਆਰ.ਓਜ਼ ਨੂੰ ਕੁਝ ਬਦਲਾਅ ਕਰਨ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਵੀ ਦਿੱਤੇ।