5 Dariya News

ਸਪੈਸ਼ਲ ਆਬਜ਼ਰਵਰ ਨੇ ਚੋਣ ਤਿਆਰੀਆਂ ਦਾ ਲਿਆ ਜਾਇਜ਼ਾ

ਪੂਰੀ ਗੰਭੀਰਤਾ ਨਾਲ ਵੋਟ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਿਆ ਜਾਵੇ : ਦੀਪਕ ਮਿਸ਼ਰਾ

5 Dariya News

ਪਟਿਆਲਾ 29-May-2024

ਭਾਰਤ ਚੋਣ ਕਮਿਸ਼ਨ ਵੱਲੋਂ ਪਟਿਆਲਾ ਲੋਕ ਸਭਾ-13 ਲਈ ਤਾਇਨਾਤ ਕੀਤੇ ਗਏ ਸਪੈਸ਼ਲ ਪੁਲਿਸ ਆਬਜ਼ਰਵਰ ਦੀਪਕ ਮਿਸ਼ਰਾ ਤੇ ਸਪੈਸ਼ਲ ਖਰਚਾ ਅਬਜ਼ਰਵਰ ਬੀ.ਆਰ ਬਾਲਾਕ੍ਰਿਸ਼ਨਨ ਨੇ ਪਟਿਆਲਾ ਲੋਕ ਸਭਾ ਚੋਣਾਂ ਲਈ ਪਹਿਲਾਂ ਤੋਂ ਤਾਇਨਾਤ ਜਨਰਲ ਆਬਜ਼ਰਵਰ ਓਮ ਪ੍ਰਕਾਸ਼ ਬਕੋੜੀਆ, ਪੁਲਿਸ ਆਬਜ਼ਰਵਰ ਆਮਿਦ ਜਾਵੇਦ, ਖ਼ਰਚਾ ਆਬਜ਼ਰਵਰ ਮੀਤੂ ਅਗਰਵਾਲ, ਪਟਿਆਲਾ ਜ਼ਿਲ੍ਹੇ ਦੇ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ, ਐਸ.ਐਸ.ਪੀ. ਵਰੁਣ ਸ਼ਰਮਾ ਨਾਲ ਇਕ ਉਚ ਪੱਧਰੀ ਮੀਟਿੰਗ ਕਰਕੇ 1 ਜੂਨ 2024 ਨੂੰ ਪੈਣ ਵਾਲੀਆਂ ਵੋਟਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।

ਸਪੈਸ਼ਲ ਪੁਲਿਸ ਆਬਜ਼ਰਵਰ ਦੀਪਕ ਮਿਸ਼ਰਾ ਨੇ ਸਮੁੱਚੇ ਚੋਣ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਹਦਾਇਤ ਕੀਤੀ ਕਿ ਵੋਟਾਂ ਵਿੱਚ ਹੁਣ ਕੁਝ ਘੰਟੇ ਹੀ ਬਾਕੀ ਰਹਿ ਗਏ ਹਨ, ਇਸ ਲਈ ਪਿਛਲੇ ਤਕਰੀਬਨ ਦੋ ਮਹੀਨੇ ਤੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਨੂੰ ਅਮਲੀਜਾਮਾ ਪਹਿਨਾਉਣ ਲਈ ਪੂਰੀ ਗੰਭੀਰਤਾ ਦਿਖਾਈ ਜਾਵੇ, ਤਾਂ ਜੋ ਵੋਟਰ ਬਿਨ੍ਹਾਂ ਕਿਸੇ ਡਰ ਅਤੇ ਭੈਅ ਤੋਂ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰ ਸਕਣ। ਉਨ੍ਹਾਂ ਆਬਕਾਰੀ ਤੇ ਕਰ ਵਿਭਾਗ ਅਤੇ ਜੀ.ਐਸ.ਟੀ. ਵਿੰਗ ਵੱਲੋਂ ਕੀਤੀ ਕਾਰਵਾਈ ਦਾ ਜਾਇਜ਼ਾ ਲੈਂਦਿਆਂ ਹਦਾਇਤ ਕੀਤੀ ਕਿ ਵੋਟਾਂ ਦੇ ਆਖਰੀ 72 ਘੰਟਿਆਂ ਵਿੱਚ ਸ਼ਰਾਬ ਅਤੇ ਪੈਸੇ ਦੇ ਲੈਣ ਦੇਣ 'ਤੇ ਪੈਨੀ ਨਜ਼ਰ ਰੱਖੀ ਜਾਵੇ। 

ਉਨ੍ਹਾਂ ਪੁਲਿਸ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਭੈਅ ਮੁਕਤ ਅਤੇ ਨਿਰਪੱਖ ਚੋਣਾਂ ਕਰਵਾਉਣ ਵਿੱਚ ਪੁਲਿਸ ਦੀ ਅਹਿਮ ਭੂਮਿਕਾ ਹੁੰਦੀ ਹੈ, ਇਸ ਲਈ ਪੁਲਿਸ ਵਿਭਾਗ ਪੂਰੀ ਮੁਸਤੈਦੀ ਨਾਲ ਚੋਣ ਅਮਲ ਨੂੰ ਨੇਪਰੇ ਚੜ੍ਹਾਉਣਾ ਯਕੀਨੀ ਬਣਾਏ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਵਿੱਚ ਜੁੜੇ ਹਰੇਕ ਅਧਿਕਾਰੀ ਅਤੇ ਕਰਮਚਾਰੀ ਦਾ ਯੋਗਦਾਨ ਅਹਿਮ ਹੋਵੇਗਾ, ਇਸ ਲਈ ਅਮਲੇ ਦਾ ਹਰੇਕ ਮੁਲਾਜ਼ਮ ਆਪਣੀ ਪੂਰੀ ਸਮਰੱਥਾ ਨਾਲ ਕੰਮ ਕਰਨਾ ਯਕੀਨੀ ਬਣਾਵੇ।

ਮੀਟਿੰਗ ਦੌਰਾਨ ਸਪੈਸ਼ਲ ਆਬਜ਼ਰਵਰ ਦੀਪਕ ਮਿਸ਼ਰਾ ਨੇ ਮੀਡੀਆ ਸਰਟੀਫਿਕੇਸ਼ਨ ਮੋਨੀਟਰਿੰਗ ਕਮੇਟੀ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਪ੍ਰਿੰਟ ਅਤੇ ਇਲੈਕਟਰੋਨਿਕ ਮੀਡੀਆ ਦੇ ਨਾਲ ਨਾਲ ਸੋਸ਼ਲ ਮੀਡੀਆ 'ਤੇ ਵੀ ਤਿੱਖੀ ਨਜ਼ਰ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ 'ਤੇ ਫੈਲੀ ਕੋਈ ਵੀ ਗਲਤ ਅਫਵਾਹ ਵੋਟਰਾਂ ਅੰਦਰ ਭਰਮ ਪੈਦਾ ਕਰ ਸਕਦੀ ਹੈ, ਇਸ ਲਈ ਗੰਭੀਰਤਾ ਨਾਲ ਇਸ ਦੀ ਮੋਨੀਟਰਿੰਗ ਕਰਨੀ ਯਕੀਨੀ ਬਣਾਈ ਜਾਵੇ। 

ਉਨ੍ਹਾਂ ਕਿਹਾ ਕਿ ਵੋਟਰਾਂ ਨੂੰ ਵੀ ਸੋਸ਼ਲ ਮੀਡੀਆ 'ਤੇ ਚੱਲ ਰਹੀਆਂ ਗਲਤ ਅਫਵਾਹਾਂ ਸਬੰਧੀ ਤੁਰੰਤ ਸੁਚੇਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਦੌਰਾਨ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ ਅਤੇ ਵੋਟਰਾਂ ਨੂੰ ਪੋਲਿੰਗ ਬੂਥ 'ਤੇ ਗਰਮੀ ਤੋਂ ਬਚਾਅ ਲਈ ਲੋੜੀਂਦੇ ਪ੍ਰਬੰਧ ਕਰਨ ਸਮੇਤ ਬਜ਼ੁਰਗਾਂ ਲਈ ਵੀਲ ਚੇਅਰ ਦਾ ਪ੍ਰਬੰਧ ਯਕੀਨੀ ਬਣਾਇਆ ਜਾਵੇ। 

ਉਨ੍ਹਾਂ ਕਿਹਾ ਕਿ ਪੋਲਿੰਗ ਬੂਥ ਅੰਦਰ ਮੋਬਾਇਲ ਲਿਜਾਣ 'ਤੇ ਰੋਕ ਸਬੰਧੀ ਵੀ ਵੋਟਰਾਂ ਨੂੰ ਪਹਿਲਾਂ ਹੀ ਜਾਗਰੂਕ ਕੀਤਾ ਜਾਵੇ, ਤਾਂ ਜੋ ਵੋਟਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਲਈ ਕੋਈ ਵੀ ਵਿਅਕਤੀ ਸੀ-ਵਿਜ਼ਲ ਐਪ ਦੀ ਵਰਤੋਂ ਕਰ ਸਕਦਾ ਹੈ, ਇਸ ਲਈ ਇਸ ਐਪ ਰਾਹੀਂ ਪ੍ਰਾਪਤ ਹੁੰਦੀ ਸ਼ਿਕਾਇਤ ਦਾ ਸਮੇ-ਸਿਰ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ।

ਮੀਟਿੰਗ ਦੌਰਾਨ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਲੋਕ ਸਭਾ ਹਲਕਾ ਪਟਿਆਲਾ-13 ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 1 ਜੂਨ ਨੂੰ 18 ਲੱਖ 6 ਹਜ਼ਾਰ 424 ਵੋਟਰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰ ਸਕਣਗੇ। ਇਨ੍ਹਾਂ ਵੋਟਰਾਂ ਵਿੱਚ 8 ਲੱਖ 62 ਹਜ਼ਾਰ 44 ਇਸਤਰੀ, 9 ਲੱਖ 44 ਹਜ਼ਾਰ 300 ਮਰਦ ਅਤੇ 80 ਥਰਡ ਜੈਂਡਰ ਵੋਟਰ ਹਨ। 

ਉਨ੍ਹਾਂ ਦੱਸਿਆ ਕਿ ਵੋਟਾਂ ਲਈ ਲੋਕ ਸਭਾ ਹਲਕੇ 'ਚ 2082 ਪੋਲਿੰਗ ਬੂਥ ਬਣਾਏ ਗਏ ਹਨ ਤੇ ਸੁਰੱਖਿਆ ਦੇ ਲਿਹਾਜ ਨਾਲ ਹਰ ਬੂਥ 'ਤੇ ਵੈਬ ਕਾਸਟਿੰਗ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਲੋਕ ਸਭਾ ਹਲਕੇ 'ਚ ਚੋਣ ਅਮਲ ਨੂੰ ਨੇਪਰੇ ਚੜ੍ਹਾਉਣ ਲਈ 10 ਹਜ਼ਾਰ ਦੇ ਕਰੀਬ ਕਰਮਚਾਰੀ ਤੇ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਹੈ ਅਤੇ ਅਮਲੇ ਦੀਆਂ ਤਿੰਨ ਰਿਹਰਸਲਾਂ ਸਮੇਤ ਵਿਸ਼ੇਸ਼ ਟਰੇਨਿੰਗ ਵੀ ਕਰਵਾਈ ਗਈ ਹੈ।

ਮੀਟਿੰਗ ਵਿੱਚ ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਐਸ.ਏ.ਐਸ. ਨਗਰ ਆਸ਼ਿਕਾ ਜੈਨ ਤੇ ਐਸ.ਐਸ.ਪੀ. ਸੰਦੀਪ ਗਰਗ ਆਨ ਲਾਈਨ ਸ਼ਮੂਲੀਅਤ ਕੀਤੀ। ਜਦਕਿ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਹਰਜਿੰਦਰ ਸਿੰਘ ਬੇਦੀ ਸਮੇਤ ਸਿਵਲ ਤੇ ਪੁਲਿਸ ਪ੍ਰਸਾਸ਼ਨ ਦੇ ਅਧਿਕਾਰੀ ਮੌਜੂਦ ਸਨ।