5 Dariya News

ਸੰਭਾਵਿਤ ਹੜ੍ਹਾਂ ਦੀ ਰੋਕਥਾਮ ਸਬੰਧੀ ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਨੇ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਅਤੇ ਜਾਰੀ ਕੀਤੇ ਦਿਸ਼ਾ ਨਿਰਦੇਸ਼

ਆਮ ਲੋਕਾਂ ਦੀ ਸ਼ਿਕਾਇਤਾਂ ਦਾ ਤੁਰੰਤ ਕੀਤਾ ਜਾਵੇ ਹੱਲ: ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ

5 Dariya News

ਨਵਾਂਸ਼ਹਿਰ 11-Jun-2024

ਸੰਭਾਵਿਤ ਹੜ੍ਹਾਂ ਦੀ ਰੋਕਥਾਮ ਸਬੰਧੀ ਕੀਤੇ ਜਾਣ ਵਾਲੇ ਅਗੇਤੇ ਪ੍ਰਬੰਧਾਂ ਲਈ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਨਵਾਂਸ਼ਹਿਰ ਦੇ ਮੀਟਿੰਗ ਹਾਲ ਵਿਖੇ ਇੱਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਾਗਰ ਸੇਤੀਆ, ਸਹਾਇਕ ਕਮਿਸ਼ਨਰ ਜਨਰਲ ਡਾ. ਗੁਰਲੀਨ ਕੌਰ, ਐਸ.ਡੀ.ਐਮ. ਬਲਾਚੌਰ ਰਵਿੰਦਰ ਬੰਸਲ, ਸਿਵਲ ਸਰਜਨ ਜਸਪ੍ਰੀਤ ਕੌਰ, ਪੰਜਾਬ ਪੁਲਿਸ ਦੇ ਅਧਿਕਾਰੀ ਅਤੇ ਹੋਰ ਸਬੰਧਤ ਵਿਭਾਗੀ ਦੇ ਜ਼ਿਲ੍ਹਾ ਅਧਿਕਾਰੀ ਹਾਜਰ ਸਨ।

ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਉਂਣ ਵਾਲੇ ਦਿਨ੍ਹਾਂ ਵਿੱਚ ਬਾਰਿਸ਼ ਦਾ ਮੋਸਮ ਸ਼ੁਰੂ ਹੋ ਜਾਵੇਗਾ ਅਤੇ ਜ਼ਿਲ੍ਹਾ ਦੇ ਕੁੱਝ ਖੇਤਰ ਦਰਿਆਵਾਂ ਦੇ ਕਿਨਾਰੇ ਤੇ ਸਥਿਤ ਹੋਣ ਕਰਕੇ ਇਨ੍ਹਾਂ ਪਿੰਡਾਂ ਅੰਦਰ ਸੰਭਾਵਿਤ ਹੜ੍ਹਾਂ ਦੀ ਸੰਭਾਵਨਾ ਬਣੀ ਰਹਿੰਦੀ ਹੈ। ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕਿਸੇ ਵੀ ਅਜਿਹੀ ਸਥਿਤੀ ਲਈ ਪੂਰੀ ਤਰ੍ਹਾਂ ਨਾਲ ਤਿਆਰ ਰਿਹਾ ਜਾਵੇ। 

ਉਨ੍ਹਾਂ ਕਿਹਾ ਕਿ ਸੰਭਾਵਿਤ ਹੜ੍ਹਾਂ ਨੂੰ ਲੈ ਕੇ ਹਰੇਕ ਅਧਿਕਾਰੀ ਸੂਚੇਤ ਰਹੇਗਾ ਤਾਂ ਜੋ ਲੋੜ ਪੈਣ ਤੇ ਉਹ ਆਪਣੇ ਕਾਰਜ ਨੂੰ ਪੂਰੀ ਇਮਾਨਦਾਰੀ ਅਤੇ ਜਿਮ੍ਹੇਵਾਰੀ ਨਾਲ ਪੂਰਾ ਕਰ ਸਕੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸੰਭਾਵਿਤ ਹੜ੍ਹਾਂ ਦੀ ਰੋਕਥਾਮ ਨੂੰ ਲੈ ਕੇ ਜਿਲ੍ਹੇ ਅੰਦਰ ਜੋ ਵੀ ਸਮਾਨ ਜਿਵੈਂ ਵੋਟਸ, ਇੰਜਣ, ਲਾਈਫ ਜੈਕਿਟ ਆਦਿ ਸਮਾਨ ਨੂੰ ਤਿਆਰ ਕਰਕੇ ਰੱਖਿਆ ਜਾਵੇ ਤਾਂ ਜੋ ਲੋੜ ਪੈਣ ਤੇ ਜਰੂਰਤ ਨੂੰ ਪੂਰਾ ਕੀਤਾ ਜਾ ਸਕੇ। 

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਦਰਿਆ ਦੇ ਨਜਦੀਕ ਲਗਦੇ ਪਿੰਡਾਂ ਅਤੇ ਸੰਭਾਵਿਤ ਹੜ੍ਹਾਂ ਦੀ ਮਾਰ ਹੇਠ ਆਉਂਣ ਵਾਲੇ ਪਿੰਡਾਂ ਨੂੰ ਲੈ ਕੇ ਪੂਰੀ ਤਰ੍ਹਾਂ ਨਾਲ ਤਿਆਰ ਰਿਹਾ ਜਾਵੇ। ਉਨ੍ਹਾਂ ਸਿਹਤ ਵਿਭਾਗ ਨੂੰ ਵੀ ਹਦਾਇਤ ਕਰਦਿਆਂ ਕਿਹਾ ਕਿ ਪਹਿਲਾ ਤੋਂ ਹੀ ਦਵਾਈਆਂ ਦਾ ਸਟਾਕ ਅਤੇ ਮੈਡੀਕਲ ਟੀਮਾਂ ਬਣਾ ਕੇ ਤਿਆਰ ਰੱਖੀਆਂ ਜਾਣ।

ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗ ਨੂੰ ਵੀ ਹਦਾਇਤ ਕਰਦਿਆਂ ਕਿਹਾ ਕਿ ਸੰਭਾਵਿਤ ਹੜ੍ਹਾਂ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹੇ ਅੰਦਰ ਰਲੀਵ ਕੈਂਪ ਬਣਾਉਂਣ ਲਈ ਤਿਆਰੀਆਂ ਅਧੀਨ ਰਹਿੰਦੇ ਕੰਮ ਮੁਕੰਮਲ ਕਰ ਲਏ ਜਾਣ ਅਤੇ ਤਾਂ ਜੋ ਲੋੜ ਪੈਣ ਤੇ ਬਣਾਏ ਜਾਣ ਵਾਲੇ ਰਲੀਵ ਕੈਂਪਾਂ ਅੰਦਰ ਬਿਜਲੀ, ਪਾਣੀ, ਪਖਾਨਿਆਂ ਆਦਿ ਦੀ ਵਿਵਸਥਾਂ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਜਿਲ੍ਹੇ ਅੰਦਰ ਕੰਟਰੋਲ ਰੂਮ ਵੀ ਸਥਾਪਤ ਕੀਤੇ ਜਾ ਰਹੇ ਹਨ ਅਤੇ ਇਸ ਤੋਂ ਇਲਾਵਾ ਸੰਭਾਵਿਤ ਹੜ ਪ੍ਰਭਾਵਿਤ ਖੇਤਰਾਂ ਅੰਦਰ ਵੀ ਕੰਟਰੋਲ ਰੂਮ ਸਥਾਪਤ ਕੀਤੇ ਜਾਣਗੇ।

ਉਨ੍ਹਾਂ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਅਤੇ ਬੀ.ਡੀ.ਪੀ.ਓਜ਼ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਸਮਾਂ ਰਹਿੰਦਿਆਂ ਹੀ ਸ਼ਹਿਰ ਅਤੇ ਪਿੰਡਾਂ ਵਿੱਚ ਨਾਲਿਆਂ, ਡਰੇਨਾਂ ਆਦਿ ਸਫਾਈ ਕਰਵਾ ਲੈਣ ਤਾਂ ਜੋ ਬਾਰਿਸ ਦੇ ਦਿਨਾਂ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਨੂੰ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਪਸ਼ੂਆਂ ਦੀ ਵੈਕਸੀਨੇਸ਼ਨ ਕਰ ਦਿੱਤੀ ਗਈ। ਡਿਪਟੀ ਕਮਿਸ਼ਨਰ ਨੇ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਡ੍ਰੇਨਜ ਦੀ ਸਾਫ਼ ਸਫ਼ਾਈ ਨੂੰ ਯਕੀਨੀ ਬਣਾਉਣ ਅਤੇ ਸੰਭਾਵਿਤ ਹੜ੍ਹਾਂ ਦੀ ਰੋਕਥਾਮ ਸਬੰਧੀ ਅਗੇਤੇ ਪ੍ਰਬੰਧ ਮੁਕੰਮਲ ਕਰ ਲੈਣ।

ਇਸ ਤੋਂ ਪਹਿਲਾ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਵੱਖ-ਵੱਖ ਵਿਭਾਗ ਨਾਲ ਸਬੰਧਤ ਆਮ ਪਬਲਿਕ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਮੀਟਿੰਗ ਕੀਤੀ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਮ ਲੋਕਾਂ ਦੀਆਂ ਲੰਬਿਤ ਪਈਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਕੇ ਰਿਪੋਰਟ ਉਨ੍ਹਾਂ ਦੇ ਦਫ਼ਤਰ ਨੂ਼ੰ ਭੇਜਣੀ ਯਕੀਨੀ ਬਣਾਉਣ।