5 Dariya News

ਰੈੱਡ ਕਰਾਸ ਭਵਨ ਦੀ ਉਸਾਰੀ ਸਬੰਧੀ ਕਮੇਟੀ 15 ਦਿਨਾਂ ਵਿੱਚ ਦੇਵੇਗੀ ਰਿਪੋਰਟ : ਆਸ਼ਿਕਾ ਜੈਨ

ਕੁਰਾਲੀ ਵਿਖੇ ਖੋਲ੍ਹਿਆ ਜਾਵੇਗਾ ਜਨ ਔਸ਼ਧੀ ਸਟੋਰ

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ 12-Jun-2024

ਰੈੱਡ ਕਰਾਸ ਲੋਕ ਭਲਾਈ ਦੇ ਖੇਤਰ ਵਿੱਚ ਮੰਨੀ ਪ੍ਰਮੰਨੀ ਸੰਸਥਾ ਹੈ ਤੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਤਹਿਤ ਰੈੱਡ ਕਰਾਸ ਭਵਨ ਬਣਾਉਣ ਦਾ ਮਸਲਾ ਕਾਫੀ ਸਮੇਂ ਤੋਂ ਲਟਕ ਰਿਹਾ ਹੈ। ਇਸ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਠੋਸ ਕਦਮ ਚੁੱਕਦਿਆਂ ਜ਼ਿਲ੍ਹਾ ਅਧਿਕਾਰੀਆਂ ਦੀ ਇੱਕ ਕਮੇਟੀ ਬਣਾ ਕੇ ਕਮੇਟੀ ਵੱਲੋਂ ਭਵਨ ਸਬੰਧੀ 15 ਦਿਨਾਂ ਦੇ ਅੰਦਰ ਅੰਦਰ ਰਿਪੋਰਟ ਦਿੱਤੇ ਜਾਣ ਦੇ ਨਿਰਦੇਸ਼ ਦਿੱਤੇ ਹਨ।

ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੀ ਕਾਰਜਕਾਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ਼੍ਰੀਮਤੀ ਜੈਨ ਨੇ ਦੱਸਿਆ ਕਿ ਰੈੱਡ ਕਰਾਸ ਸੁਸਾਇਟੀ ਵੱਲੋਂ ਕੀਤੇ ਜਾਣ ਵਾਲ ਲੋਕ ਭਲਾਈ ਦੇ ਕਾਰਜਾਂ ਤਹਿਤ ਹੀ ਕੁਰਾਲੀ ਵਿਖੇ ਜਲਦ ਹੀ ਜਨ ਔਸ਼ਧੀ ਸਟੋਰ ਖੋਲ੍ਹਿਆ ਜਾ ਰਿਹਾ ਹੈ। ਇਹ ਕਾਰਜ ਸਰਕਾਰੀ ਹਸਪਤਾਲ ਕੁਰਾਲੀ ਦੀ ਹਦੂਦ ਅੰਦਰਲੇ ਇੱਕ ਕਮਰੇ ਦੀ ਮੁਰੰਮਤ ਅਤੇ ਬੁਨਿਆਦੀ ਢਾਂਚਾ ਵਿਕਸਤ ਕਰ ਕੇ ਕਰੀਬ 03 ਲੱਖ ਰੁਪਏ ਦੀ ਲਾਗਤ ਨਾਲ ਇਹ ਸਟੋਰ ਖੋਲ੍ਹਿਆ ਜਾ ਰਿਹਾ ਹੈ, ਜਿਸ ਨਾਲ ਲੋਕਾਂ ਨੂੰ ਬਹੁਤ ਲਾਭ ਮਿਲੇਗਾ। ਇਸ ਸਟੋਰ ਸੀ.ਸੀ.ਟੀ.ਵੀ. ਕੈਮਰਿਆਂ ਦੀ ਨਿਰਾਨੀ ਵਿੱਚ ਹੋਵੇਗਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਹਤ ਖੇਤਰ ਵਿੱਚ ਇੱਕ ਹੋਰ ਮਜ਼ਬੂਤ ਕਦਮ ਅੱਗੇ ਵਧਾਉਂਦਿਆਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਪਿੰਡਾਂ ਵਿੱਚ ਜਾ ਕੇ ਸਿਹਤ ਜਾਂਚ ਕੈਂਪ ਲਾਏ ਜਾਣਗੇ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਾਏ ਜਾਂਦੇ ਹਰ ਕਿਸਮ ਦੇ ਕੈਂਪਾਂ ਦਾ ਲੋਕ ਵੱਧ ਤੋਂ ਵੱਧ ਲਾਹਾ ਲੈਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੁਸਾਇਟੀ ਵੱਲੋਂ ਦਿਵਿਆਂਗਾਂ ਨੂੰ ਲੋੜੀਂਦੀ ਸਮੱਗਰੀ ਦੇਣ ਲਈ ਵੀ ਕੈਂਪ ਲਾਏ ਜਾਣਗੇ।

ਇਸ ਮੌਕੇ ਸੁਸਾਇਟੀ ਦੇ ਮੈਂਬਰਾਂ ਵੱਲੋਂ ਰੈੱਡ ਕਰਾਸ ਦੀਆਂ ਗਤੀਵਿਧੀਆਂ ਵਧਾਉਣ ਬਾਬਤ ਵੀ ਸਲਾਹਵਾਂ ਦਿੱਤੀਆਂ ਗਈਆਂ, ਜਿਨ੍ਹਾਂ ਵਿੱਚ ਰਿਹਾਇਸ਼ੀ ਸੁਸਾਇਟੀਆਂ ਵਿੱਚ ਮੁਫ਼ਤ ਸੀ.ਪੀ.ਆਰ. ਸਿਖਲਾਈ ਦਿੱਤੇ ਜਾਣ ਦਾ ਸੁਝਾਅ ਵੀ ਸ਼ਾਮਲ ਸੀ, ਜਿਸ ਸਬੰਧੀ ਡਿਪਟੀ ਕਮਿਸ਼ਨਰ ਸਮੇਤ ਸਮੂਹ ਅਧਿਕਾਰੀ ਵੱਲੋਂ ਗੰਭੀਰਤਾ ਨਾਲ ਵਿਚਾਰ ਕੀਤਾ ਗਿਆ ਤੇ ਇਸ ਨੂੰ ਅਮਲੀ ਰੂਪ ਵਿੱਚ ਲਾਗੂ ਕਰਨ ਹਿਤ ਨਿਰਦੇਸ਼ ਜਾਰੀ ਕੀਤੇ ਗਏ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਵਿਰਾਜ ਐਸ.ਤਿੜਕੇ, ਵਧੀਕ ਡਿਪਟੀ ਕਮਿਸ਼ਨਰ ਪੇਂਡੂ (ਵਿਕਾਸ) ਸ਼੍ਰੀਮਤੀ ਸੋਨਮ ਚੌਧਰੀ, ਵਧੀਕ ਡਿਪਟੀ ਕਸ਼ਿਨਰ (ਸ਼ਹਿਰੀ ਵਿਕਾਸ) ਸ਼੍ਰੀ ਦਮਨਜੀਤ ਸਿੰਘ ਮਾਨ, ਸਿਵਲ ਸਰਜਨ ਸ਼੍ਰੀ ਦਵਿੰਦਰ ਕੁਮਾਰ ਪੁਰੀ, ਐਸ.ਡੀ.ਐਮ. (ਮੋਹਾਲੀ) ਸ਼੍ਰੀ ਦੀਪਾਂਕਰ ਗਰਗ, ਐਸ.ਡੀ.ਐਮ. (ਡੇਰਾਬਸੀ) ਸ਼੍ਰੀ ਹਿਮਾਂਸ਼ੂ ਗੁਪਤਾ, ਐਸ.ਡੀ.ਐਮ. (ਖਰੜ) ਗੁਰਮੰਦਰ ਸਿੰਘ, ਸਕੱਤਰ ਰੈੱਡ ਕਰਾਸ ਹਰਬੰਸ ਸਿੰਘ ਸਮੇਤ ਸੁਸਾਇਟੀ ਦੇ ਮੈਂਬਰਾਂ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।