5 Dariya News

ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਅਹਿਮ ਭੂਮਿਕਾ ਅਦਾ ਕਰੇਗਾ ਨਹਿਰੀ ਪਾਣੀ ਪ੍ਰੋਜੈਕਟ : ਵਿਧਾਇਕ ਰੁਪਿੰਦਰ ਹੈਪੀ

ਪੌਣ, ਪਾਣੀ ਤੇ ਜ਼ਮੀਨ ਨੂੰ ਬਚਾਉਣਾ ਸਾਡੀ ਪਹਿਲੀ ਜ਼ਿੰਮੇਵਾਰੀ

5 Dariya News

ਸੰਘੋਲ/ਫ਼ਤਹਿਗੜ੍ਹ ਸਾਹਿਬ 13-Jun-2024

ਜਦੋਂ ਤੋਂ ਸੂਬੇ ਅੰਦਰ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠਲੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਕਿਸਾਨਾਂ ਦੇ ਹਿੱਤਾਂ ਵਿੱਚ ਇਤਿਹਾਸਕ ਫੈਸਲੇ ਲਏ ਜਾ ਰਹੇ ਹਨ ਅਤੇ ਹੁਣ ਸਰਕਾਰ ਵੱਲੋਂ ਖੇਤੀਬਾੜੀ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣ ਦੀ ਯੋਜਨਾ ਇੱਕ ਅਜਿਹੀ ਅਹਿਮ ਯੋਜਨਾ ਹੈ ਜੋ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਅਹਿਮ ਭੂਮਿਕਾ ਅਦਾ ਕਰੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਬਸੀ ਪਠਾਣਾ ਦੇ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸੰਘੋਲ ਵਿਖੇ ਆਯੋਜਿਤ ਕੀਤੇ ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਤੇ ਪ੍ਰਦਰਸ਼ਨੀਆਂ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨੀ ਨੂੰ ਹੋਰ ਖੁਸ਼ਹਾਲ ਬਣਾਉਣ ਲਈ ਕਈ ਪਹਿਲ ਕਦਮੀਆਂ ਕੀਤੀਆਂ ਜਾ ਰਹੀਆਂ ਹਨ ਜਿਨ੍ਹਾਂ ਵਿੱਚ ਖੇਤੀ ਲਈ ਨਿਰਵਿਘਨ ਬਿਜਲੀ ਸਪਲਾਈ, ਖਾਲਾਂ, ਨਾਲਿਆਂ ਤੇ ਸੂਇਆਂ ਰਾਹੀਂ ਨਹਿਰੀ ਪਾਣੀ ਦੇਣਾ ਆਦਿ ਪ੍ਰਮੁੱਖ ਹਨ। ਵਿਧਾਇਕ ਨੇ ਕਿਹਾ ਕਿ ਪੌਣ, ਪਾਣੀ ਤੇ ਜ਼ਮੀਨ ਕੁਦਰਤ ਦੇ ਉਹ ਅਨਮੋਲ ਕੁਦਰਤੀ ਸਰੌਤ ਹਨ ਜਿਨ੍ਹਾਂ ਤੋਂ ਬਿਨਾਂ ਮਨੁੱਖੀ ਜੀਵਨ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। 

ਸਾਡੇ ਧਾਰਮਿਕ ਗ੍ਰੰਥਾਂ ਵਿੱਚ ਪੌਣ, ਪਾਣੀ ਤੇ ਧਰਤੀ ਨੂੰ ਉਚਤਮ ਦਰਜ਼ਾ ਦਿੱਤਾ ਗਿਆ ਹੈ ਅਤੇ ਇਨ੍ਹਾਂ ਨੂੰ ਬਚਾਉਣਾ ਸਾਡੀ ਸਾਰਿਆਂ ਦੀ ਪਹਿਲੀ ਜਿੰਮੇਵਾਰੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀ ਲਈ ਪਾਣੀ ਦੀ ਸੰਜਮ ਨਾਲ ਵਰਤੋਂ ਕਰਨ ਅਤੇ ਬੇਲੋੜੀਆਂ ਮੋਟਰਾਂ ਚਲਾਉਣ ਤੋਂ ਗੁਰੇਜ ਕਰਨ। ਉਨ੍ਹਾਂ ਕਿਸਾਨਾਂ ਨੂੰ ਖੇਤੀਬਾੜੀ ਦੇ ਸਹਾਇਕ ਧੰਦੇ ਅਪਣਾਉਣ ਲਈ ਵੀ ਪ੍ਰੇਰਿਤ ਕੀਤਾ।

ਵਿਧਾਇਕ ਹੈਪੀ ਨੇ ਕਿਸਾਨਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਦਿਨੋਂ ਦਿਨ ਵੱਧ ਰਹੇ ਵਾਤਾਵਰਣ ਪ੍ਰਦੂਸ਼ਣ ਅੱਜ ਇੱਕ ਗੰਭੀਰ ਸਮੱਸਿਆ ਦਾ ਰੂਪ ਧਾਰਨ ਕਰਦਾ ਜਾ ਰਿਹਾ ਹੈ ਅਤੇ ਸਾਡੀ ਇਹ ਸਮਾਜਿਕ ਜਿੰਮੇਵਾਰੀ ਬਣਦੀ ਹੈ ਕਿ ਵਾਤਾਵਰਣ ਪ੍ਰਦੂਸ਼ਣ ਨੂੰ ਠੱਲ ਪਾਉਣ ਲਈ ਅੱਗੇ ਆ ਕੇ ਲੋਕ ਲਹਿਰ ਸ਼ੁਰੂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਾਡੇ ਬੱਚੇ ਖੇਤੀਬਾੜੀ ਨੂੰ ਛੱਡ ਕੇ ਵਿਦੇਸ਼ਾਂ ਵੱਲ ਭੱਜ ਰਹੇ ਹਨ ਜਿਸ ਨੂੰ ਰੋਕਣ ਲਈ ਜਿਥੇ ਸਰਕਾਰ ਵੱਲੋਂ ਕਈ ਉਪਰਾਲੇ ਕੀਤੇ ਜਾ ਰਹੇ ਹਨ ਉਥੇ ਹੀ ਸਾਡਾ ਵੀ ਇਹ ਫਰਜ਼ ਬਣਦਾ ਹੈ ਕਿ ਆਪਣੇ ਬੱਚਿਆਂ ਨੂੰ ਖੇਤੀ ਨਾਲ ਜੋੜਨ ਲਈ ਵੱਧ ਤੋਂ ਵੱਧ ਉਪਰਾਲੇ ਕੀਤੇ ਜਾਣ। 

ਉਨ੍ਹਾਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਕੂਲ ਪੱਧਰ ਤੇ ਵਿਦਿਆਰਥੀਆਂ ਨੂੰ ਖੇਤੀ ਬਾਰੇ ਜਾਗਰੂਕ ਕਰਨ ਲਈ ਪ੍ਰੋਗਰਾਮ ਉਲੀਕੇ ਜਾਣ ਤਾਂ ਜੋ ਖੇਤੀ ਨੂੰ ਹੋਰ ਵਧੇਰੇ ਮਜਬੂਤ ਕੀਤਾ ਜਾ ਸਕੇ। ਉਨ੍ਹਾਂ ਇਹ ਐਲਾਨ ਕੀਤਾ ਕਿ ਬਸੀ ਪਠਾਣਾ ਤੇ ਖਮਾਣੋਂ ਵਿਖੇ ਬਲਾਕ ਖੇਤੀਬਾੜੀ ਦਫ਼ਤਰ ਛੇਤੀ ਹੀ ਬਣਾਏ ਜਾਣਗੇ। 

ਇਸ ਸਮਾਗਮ ਵਿੱਚ ਵਾਤਾਵਰਣ ਨੂੰ ਬਚਾਉਣ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ 39 ਅਗਾਂਹਵਧੂ ਕਿਸਾਨਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਵਿਧਾਇਕ ਹੈਪੀ ਨੇ ਵੱਖ-ਵੱਖ ਵਿਭਾਗਾਂ ਵੱਲੋਂ ਲਗਾਈਆਂ ਪ੍ਰਦਰਸ਼ਨੀਆਂ ਦਾ ਜਾਇਜ਼ਾ ਵੀ ਲਿਆ।ਇਸ ਮੌਕੇ ਐੱਸ ਡੀ ਐਮ ਖਮਾਣੋਂ ਸ੍ਰੀਮਤੀ ਮਨਰੀਤ ਰਾਣਾ ਨੇ ਖੇਤੀਬਾੜੀ ਵਿੱਚ ਕੀਟਨਾਸ਼ਕਾਂ ਤੇ ਹੋਰ ਖਾਦਾਂ ਦੀ ਕੀਤੀ ਜਾ ਰਹੀ ਅੰਨੇਵਾਹ ਵਰਤੋਂ ਤੇ ਗੰਭੀਰ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਾਨੂੰ ਹਮੇਸ਼ਾ ਮਾਹਿਰਾਂ ਦੀ ਸਲਾਹ ਅਨੁਸਾਰ ਹੀ ਖਾਦਾਂ ਅਤੇ ਕੀਟਨਾਸ਼ਕਾਂ ਦੀ ਵਰਤੋਂ ਕਰਨੀ ਚਾਹੀਦੀ ਹੈ। 

ਉਨ੍ਹਾਂ ਇਹ ਵੀ ਕਿਹਾ ਕਿ ਦਿਨੋ-ਦਿਨ ਤੇਜ਼ੀ ਨਾਲ ਹੇਠਾਂ ਜਾ ਰਹੇ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਜੇਕਰ ਅਸੀਂ ਹੁਣ ਤੋਂ ਹੀ ਸੁਚੇਤ ਨਾ ਹੋਏ ਤਾਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈਣਗੇ। ਇਸ ਲਈ ਕਿਸਾਨਾਂ ਨੂੰ ਚਾਹੀਦਾ ਹੈ ਕਿ ਘੱਟ ਪਾਣੀ ਵਾਲੀਆਂ ਫ਼ਸਲਾਂ ਨੂੰ ਤਰਜੀਹ ਦਿੱਤੀ ਜਾਵੇ। ਉਨ੍ਹਾਂ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਖੇਤਾਂ ਵਿੱਚ ਵਾਹੁਣ ਲਈ ਸਬਸਿਡੀ ਤੇ ਦਿੱਤੀਆਂ ਜਾਂਦੀਆਂ ਖੇਤੀ ਮਸ਼ੀਨਾਂ ਦੀ ਵਰਤੋਂ ਕਰਨ ਦੀ ਅਪੀਲ ਵੀ ਕੀਤੀ।

ਇਸ ਮੌਕੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਸੰਯੁਕਤ ਡਾਇਰੈਕਟਰ (ਹ,ਜ) ਡਾ  ਅਰੁਣ ਕੁਮਾਰ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਸਬੰਧੀ ਪ੍ਰੇਰਿਤ ਕੀਤਾ। ਖੇਤੀਬਾੜੀ ਅਫ਼ਸਰ ਡਾ: ਇਕਬਾਲਜੀਤ ਸਿੰਘ ਬੈਨੀਪਾਲ ਨੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਬਾਰੇ, ਡਾ: ਅਜੇ ਕੁਮਾਰ ਨੇ ਮਿੱਟੀ ਤੇ ਪਾਣੀ ਦੀ ਪਰਖ਼ ਕਰਵਾਉਣ ਸਬੰਧੀ, ਡਾ: ਰੀਤ ਵਰਮਾ ਨੇ ਫਸਲਾਂ ਨੂੰ ਲੱਗਣ ਵਾਲੇ ਕੀੜਿਆਂ ਦੀ ਰੋਕਥਾਮ ਸਬੰਧੀ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਸੀਨੀਅਰ ਮੱਛੀ ਪਾਲਣ ਅਫਸਰ ਸ੍ਰੀਮਤੀ ਸੁਖਵਿੰਦਰ ਕੌਰ ਨੇ ਮੱਛੀ ਪਾਲਣ ਦਾ ਧੰਦਾ ਸ਼ੁਰੂ ਕਰਨ ਦੀ ਜਾਣਕਾਰੀ ਦਿੱਤੀ।

ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਤੇ ਪ੍ਰਦਰਸ਼ਨੀਆਂ ਵਿਚ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗੀ ਡਾਇਰੈਕਟਰ (ਸਿਖਲਾਈ) ਡਾ: ਵਿਪਨ ਕੁਮਾਰ ਰਾਮਪਾਲ, ਖੇਤੀਬਾੜੀ ਅਫ਼ਸਰ ਜਸਵਿੰਦਰ ਸਿੰਘ, ਖੇਤੀ ਵਿਕਾਸ ਅਫਸਰ ਦਮਨ ਝਾਂਜੀ ਤੇ ਮੀਨਾ ਰਾਣੀ, ਖੇਤੀਬਾੜੀ ਅਫ਼ਸਰ ਕ੍ਰਿਪਾਲ ਸਿੰਘ, ਸਹਾਇਕ ਮੰਡੀਕਰਨ ਅਫਸਰ ਗੁਰਮੀਤ ਸਿੰਘ, ਭੂਮੀ ਰੱਖਿਆ ਅਫ਼ਸਰ ਇੰਦਰਪਾਲ ਸਿੰਘ, ਕ੍ਰਿਸ਼ੀ ਵਿਗਿਆਨ ਕੇਂਦਰ ਦੀ ਡਾ: ਅਰਵਿੰਦਪ੍ਰੀਤ ਕੌਰ, ਡਿਪਟੀ ਪ੍ਰੋਜੈਕਟ ਡਾਇਰੈਕਟਰ ਆਤਮਾ ਜਤਿੰਦਰ ਸਿੰਘ ਤੇ ਹਰਮਨਜੀਤ ਸਿੰਘ ਨੇ ਆਤਮਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਤੇ ਹੋਰ ਪਤਵੰਤੇ ਹਾਜਰ ਸਨ।