5 Dariya News

ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਬਣਾਈ ਰਣਨੀਤੀ ਦੀ ਸਮੀਖਿਆ

ਹੜ੍ਹਾਂ ਤੋਂ ਬਚਾਅ ਲਈ ਸਬ ਡਵੀਜ਼ਨ ਪੱਧਰ 'ਤੇ ਹਰੇਕ ਸੈਕਟਰ ਦਾ ਪਲਾਨ ਤਿਆਰ ਕੀਤਾ ਜਾਵੇ : ਡਿਪਟੀ ਕਮਿਸ਼ਨਰ

5 Dariya News

ਪਟਿਆਲਾ 14-Jun-2024

ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਪਟਿਆਲਾ ਜ਼ਿਲ੍ਹੇ 'ਚ ਹੜ੍ਹਾਂ ਤੋਂ ਬਚਾਅ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਣਾਈ ਗਈ ਰਣਨੀਤੀ ਦੀ ਸਮੀਖਿਆ ਕਰਦਿਆਂ ਸਬੰਧਤ ਵਿਭਾਗਾਂ ਨੂੰ ਆਦੇਸ਼ ਦਿੱਤੇ ਕਿ ਬਰਸਾਤਾਂ ਦੇ ਮੌਸਮ ਸ਼ੁਰੂ ਹੋਣ ਤੋਂ ਪਹਿਲਾ ਸਾਰੇ ਪ੍ਰਬੰਧ ਪੁਖ਼ਤਾ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਹੜ੍ਹਾਂ ਤੋਂ ਬਚਾਅ ਦੇ ਡਰੇਨੇਜ਼ ਵਿਭਾਗ ਸਮੇਤ ਹੋਰਨਾਂ ਵਿਭਾਗਾਂ ਅਧੀਨ ਚੱਲ ਰਹੇ ਸਾਰੇ ਕੰਮਾਂ ਦੀ ਰੋਜ਼ਾਨਾ ਰਿਪੋਰਟ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜਮ੍ਹਾਂ ਕਰਵਾਉਣੀ ਯਕੀਨੀ ਬਣਾਈ ਜਾਵੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿਛਲੇ ਸਾਲ ਦੌਰਾਨ ਜਿਨ੍ਹਾਂ ਖੇਤਰਾਂ ਵਿੱਚ ਬਰਸਾਤਾਂ ਦੇ ਮੌਸਮ ਦੌਰਾਨ ਹੜ੍ਹ ਆਏ ਸਨ, ਉਨ੍ਹਾਂ ਖੇਤਰਾਂ 'ਚ ਵਿਸ਼ੇਸ਼ ਤੌਰ 'ਤੇ ਕੰਮ ਕੀਤਾ ਜਾਵੇ। ਉਨ੍ਹਾਂ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਸਮੇਤ ਹਰੇਕ ਸਬ ਡਵੀਜ਼ਨ ਪੱਧਰ 'ਤੇ ਫਲੱਡ ਕੰਟਰੋਲ ਰੂਮ ਸਥਾਪਤ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਬਰਸਾਤੀ ਮੌਸਮ ਵਿੱਚ ਸ਼ੀਟ ਫਲੋਅ ਰੋਕਣ ਕਾਰਨ ਹੜ੍ਹ ਵਰਗੇ ਹਾਲਾਤ ਬਣ ਜਾਂਦੇ ਹਨ, ਇਸ ਸਬੰਧੀ ਲੋਕਾਂ ਨੂੰ ਪਹਿਲਾਂ ਹੀ ਜਾਗਰੂਕ ਕੀਤਾ ਜਾਵੇ ਕਿ ਪਾਣੀ ਦੇ ਕੁਦਰਤੀ ਵਹਾਅ ਵਿੱਚ ਰੁਕਾਵਟ ਪਾਉਣ 'ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਸ਼ੌਕਤ ਅਹਿਮਦ ਪਰੇ ਨੇ ਸਬ ਡਵੀਜ਼ਨ ਪੱਧਰ ਦੇ ਪਲਾਨ 'ਤੇ ਗੱਲ ਕਰਦਿਆਂ ਕਿਹਾ ਕਿ ਐਸ.ਡੀ.ਐਮ. ਦੀ ਅਗਵਾਈ 'ਚ ਟੀਮਾਂ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਸਥਿਤੀ 'ਚ ਤੁਰੰਤ ਐਕਸ਼ਨ ਲਿਆ ਜਾ ਸਕੇ। ਉਨ੍ਹਾਂ ਐਸ.ਡੀ.ਐਮਜ਼ ਨੂੰ ਸਬ ਡਵੀਜ਼ਨ ਪੱਧਰ 'ਤੇ ਹਰੇਕ ਸੈਕਟਰ ਦਾ ਪਲਾਨ ਤਿਆਰ ਕਰਨ ਲਈ ਕਿਹਾ ਜਿਸ ਵਿੱਚ ਹਰੇਕ ਵਿਭਾਗ ਦੇ ਨੋਡਲ ਅਫ਼ਸਰ ਦਾ ਪੂਰਾ ਵੇਰਵਾ ਹੋਵੇ ਤਾਂ ਜੋ ਲੋੜ ਪੈਣ 'ਤੇ ਸੈਕਟਰ ਪਲਾਨ ਨੂੰ ਤੁਰੰਤ ਲਾਗੂ ਕੀਤਾ ਜਾ ਸਕੇ।   

ਉਨ੍ਹਾਂ ਜਲ ਨਿਕਾਸ, ਸਿੰਚਾਈ, ਲੋਕ ਨਿਰਮਾਣ, ਮੰਡੀ ਬੋਰਡ, ਜਲ ਸਪਲਾਈ ਤੇ ਸੀਵਰੇਜ ਬੋਰਡ, ਸਥਾਨਕ ਸਰਕਾਰਾਂ ਸਮੇਤ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਬਣਾਏ ਗਏ ਕਮਿਉਨੀਕੇਸ਼ਨ ਪਲਾਨ ਤੇ ਹੜ੍ਹਾਂ ਤੋਂ ਬਚਾਅ ਲਈ ਬਣਾਈ ਯੋਜਨਾ ਦੀ ਸਮੀਖਿਆ ਕਰਦਿਆਂ ਕਿਹਾ ਕਿ ਸੰਭਾਵਤ ਹੜ੍ਹਾਂ ਵਾਲੇ ਸੰਵੇਦਨਸ਼ੀਲ ਸਥਾਨਾਂ ਅਤੇ ਨੀਂਵੇਂ ਖੇਤਰਾਂ ਲਈ ਵਿਸ਼ੇਸ਼ ਕਾਰਜ ਯੋਜਨਾ 'ਤੇ ਕੰਮ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਭਾਰਤੀ ਫ਼ੌਜ, ਪੁਲਿਸ, ਸਿਹਤ ਤੇ ਖੁਰਾਕ ਤੇ ਸਿਵਲ ਸਪਲਾਈਜ਼, ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ) ਆਦਿ ਵਿਭਾਗਾਂ ਦੇ ਅਧਿਕਾਰੀਆਂ ਨਾਲ ਆਫ਼ਤ ਪ੍ਰਬੰਧਨ ਯੋਜਨਾ 'ਤੇ ਵੀ ਚਰਚਾ ਕੀਤੀ। 

ਇਸ ਤੋਂ ਇਲਾਵਾ ਪੁਲੀਆਂ, ਕਲਵਰਟ, ਸਾਈਫ਼ਨ, ਨਹਿਰਾਂ, ਨਾਲਿਆਂ ਤੇ ਛੱਪੜਾਂ ਆਦਿ ਦੀ ਸਾਫ਼ ਸਫ਼ਾਈ, ਨਿਰਵਿਘਨ ਬਿਜਲੀ ਸਪਲਾਈ, ਸੜਕਾਂ ਦਾ ਰੋਡ ਮੈਪ ਤਿਆਰ ਕਰਨ ਨੂੰ ਵੀ ਕਿਹਾ। ਉਨ੍ਹਾਂ ਕਿਹਾ ਕਿ ਕਿਸੇ ਕੰਮ 'ਚ ਕੋਈ ਕੁਤਾਹੀ ਨਾ ਵਰਤੀ ਜਾਵੇ ਅਤੇ ਸਮੂਹ ਅਧਿਕਾਰੀ ਸਾਰੇ ਕਾਰਜਾਂ ਦੀ ਨਿਗਰਾਨੀ ਖ਼ੁਦ ਕਰਨ।

ਮੀਟਿੰਗ 'ਚ ਐਸ.ਪੀ. ਮੁਹੰਮਦ ਸਰਫ਼ਰਾਜ ਆਲਮ, ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਮਨੀਸ਼ਾ ਰਾਣਾ, ਏ.ਡੀ.ਸੀ ਮੈਡਮ ਕੰਚਨ, ਡਾ. ਹਰਜਿੰਦਰ ਸਿੰਘ ਬੇਦੀ ਤੇ ਨਵਰੀਤ ਕੌਰ ਸੇਖੋਂ, ਐਸ.ਪੀ. ਹਰਵੰਤ ਕੌਰ ਸਮੇਤ ਸਮੂਹ ਐਸ.ਡੀ.ਐਮਜ਼ ਤੇ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।