5 Dariya News

ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਕੀਤੇ ਜਾਣ ਵਾਲੇ ਕੰਮਾਂ ਦੀ ਐਸ.ਡੀ.ਐਮਜ਼ ਖੁਦ ਨਿਗਰਾਨੀ ਕਰਨ : ਪਰਨੀਤ ਸ਼ੇਰਗਿੱਲ

ਡਿਪਟੀ ਕਮਿਸ਼ਨਰ ਵੱਲੋਂ ਪ੍ਰਬੰਧਾਂ ਦੇ ਜਾਇਜ਼ਾ ਲੈਣ ਲਈ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

5 Dariya News

ਫ਼ਤਹਿਗੜ੍ਹ ਸਾਹਿਬ 14-Jun-2024

ਬਰਸਾਤਾਂ ਦੇ ਮੱਦੇਨਜ਼ਰ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਹੜ੍ਹਾਂ ਤੋਂ ਬਚਾਅ ਸਬੰਧੀ ਚੱਲ ਰਹੇ ਕਾਰਜਾਂ ਦੀ ਸਮੀਖਿਆ ਕੀਤੀ ਤੇ ਅਜਿਹੇ ਸਾਰੇ ਕਾਰਜ ਵੇਲੇ ਸਿਰ ਨਿਬੇੜਨ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਆਖਿਆ ਕਿ ਇਨ੍ਹਾਂ ਕਾਰਜਾਂ ਸਬੰਧੀ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਨ੍ਹਾਂ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਆਪੋ ਆਪਣੇ ਸਬ-ਡਵੀਜ਼ਨ ਵਿੱਚ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਕੀਤੇ ਜਾਣ ਵਾਲੇ ਕੰਮਾਂ ਦੀ ਖੁਦ ਨਿਗਰਾਨੀ ਕਰਨ ਤਾਂ ਜੋ ਬਰਸਾਤਾਂ ਦੌਰਾਨ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਸਮੂਹ ਕਾਰਜ ਸਾਧਕ ਅਫਸਰਾਂ ਨੂੰ ਕਿਹਾ ਕਿ ਸ਼ਹਿਰੀ ਇਲਾਕਿਆਂ ਵਿੱਚ ਬਣੀਆਂ ਡਰੇਨਾਂ ਦੀ ਤੁਰੰਤ ਸਫਾਈ ਕਰਵਾਈ ਜਾਵੇ ਅਤੇ ਜਿਥੇ ਕਿਧਰੇ ਵੀ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਆ ਰਹੀ ਹੈ, ਉਥੇ ਤੁਰੰਤ ਸਫਾਈ ਕਰਵਾਕੇ ਪਾਣੀ ਦੀ ਨਿਕਾਸੀ ਕਰਵਾਈ ਜਾਵੇ ਤਾਂ ਜੋ ਬਿਮਾਰੀਆਂ ਨਾ ਫੈਲ ਸਕਣ।

ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਪਾਣੀ ਦੀ ਨਿਕਾਸੀ ਵਿੱਚ ਕਿਸੇ ਵੀ ਕਿਸਮ ਦਾ ਵਿਘਨ ਪਾਉਣ ਵਾਲੇ ਵਿਅਕਤੀਆਂ ਖਿਲਾਫ ਤੁਰੰਤ ਕਾਰਵਾਈ ਕੀਤੀ ਜਾਵੇ ਤਾਂ ਜੋ ਪਾਣੀ ਦੀ ਨਿਕਾਸੀ ਵਿੱਚ ਰੁਕਾਵਟ ਨਾ ਆਵੇ। ਉਨ੍ਹਾਂ ਦੱਸਿਆ ਕਿ ਸੰਭਾਵੀ ਹੜ੍ਹਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਸੂਚਨਾ ਲਈ ਜ਼ਿਲ੍ਹਾ ਪੱਧਰ ਤੇ ਹੜ੍ਹ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਇਸ ਹੜ੍ਹ ਕੰਟਰੋਲ ਰੂਮ ਦੇ ਟੈਲੀਫੋਨ ਨੰਬਰ 01763-232838 ਤੇ ਸੰਪਰਕ ਕਰਕੇ ਹੜ੍ਹਾਂ ਸਬੰਧੀ ਸੂਚਨਾ ਦਿੱਤੀ ਜਾ ਸਕਦੀ ਹੈ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਵਿਚੋਂ ਲੰਘਦੇ ਚੋਅ, ਨਾਲ਼ੇ ਤੇ ਡਰੇਨਾਂ ਦੀ ਸਫ਼ਾਈ ਯਕੀਨੀ ਬਣਾਈ ਜਾਵੇ। ਸੜਕਾਂ 'ਤੇ ਆਉਂਦੀਆਂ ਪੁਲੀਆਂ ਜਾਂ ਰੇਲਵੇ ਲਾਈਨਜ਼ ਦੇ ਥੱਲਿਓਂ ਪਾਣੀ ਲੰਘਣ ਲਈ ਬਣਾਏ ਲਾਂਘੇ ਹਰ ਹਾਲ ਸਾਫ਼ ਕੀਤੇ ਜਾਣ ਤੇ ਸੜਕਾਂ ਦੇ ਨਾਲ ਨਾਲ ਬਣੀਆਂ ਡਰੇਨਾਂ ਦੀ ਸਫਾਈ ਕਰ ਕੇ ਉਨ੍ਹਾਂ ਉਤੇ ਢੱਕਣ ਰੱਖੇ ਹੋਣੇ ਯਕੀਨੀ ਬਣਾਏ ਜਾਣ। ਉਨ੍ਹਾਂ ਸਮੂਹ ਮਾਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿੰਡਾਂ ਤੇ ਸ਼ਹਿਰਾਂ ਵਿਚਲੀਆਂ ਪੁਲੀਆਂ ਸਬੰਧੀ ਮਿਲਣ ਵਾਲੀਆਂ ਕਿਸੇ ਵੀ ਕਿਸਮ ਦੀਆਂ ਸ਼ਿਕਾਇਤਾਂ ਤੇ ਤੁਰੰਤ ਕਾਰਵਾਈ ਕਰਨੀ ਯਕੀਨੀ ਬਣਾਈ ਜਾਵੇ।

ਉਨ੍ਹਾਂ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ ਨੂੰ ਆਦੇਸ਼ ਦਿੱਤੇ ਕਿ ਸੰਭਾਵੀ ਹੜ੍ਹਾਂ ਮੌਕੇ ਬਣਾਏ ਜਾਣ ਵਾਲੇ ਰਾਹਤ ਸੈਂਟਰਾਂ ਦੀਆਂ ਇਮਾਰਤਾਂ ਦੀ ਸ਼ਨਾਖਤ ਕਰਕੇ ਰਿਪੋਰਟ ਭੇਜੀ ਜਾਵੇ। ਉਨ੍ਹਾਂ ਸਿਵਲ ਸਰਜਨ ਨੂੰ ਕਿਹਾ ਕਿ ਲੋੜੀਂਦੀਆਂ ਦਵਾਈਆਂ ਦਾ ਪਹਿਲਾਂ ਹੀ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਨੂੰ ਕਿਹਾ ਕਿ ਹੜ੍ਹਾਂ ਦੌਰਾਨ ਪਸ਼ੂਆਂ ਲਈ ਲੋੜੀਂਦੀਆਂ ਦਵਾਈਆਂ ਦਾ ਪ੍ਰਬੰਧ ਕਰਨ ਦੇ ਨਾਲ-ਨਾਲ ਹੜ੍ਹ ਕੰਟਰੋਲ ਰੂਮ ਵੀ ਸਥਾਪਤ ਕੀਤੇ ਜਾਣ ਅਤੇ ਉਨ੍ਹਾਂ ਬਾਰੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਣੂ ਕਰਵਾਇਆ ਜਾਵੇ।

ਸ਼੍ਰੀਮਤੀ ਸ਼ੇਰਗਿੱਲ ਨੇ ਕਿਹਾ ਕਿ ਰੇਲਵੇ ਅੰਡਰ ਪਾਸਾਂ ਵਿੱਚੋਂ ਵੀ ਪਾਣੀ ਦੀ ਬੇਰੋਕ ਨਿਕਾਸੀ ਯਕੀਨੀ ਬਣਾਈ ਜਾਵੇ। ਉਨ੍ਹਾਂ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਬਰਸਾਤ ਦੇ ਮੌਸਮ ਤੋਂ ਪਹਿਲਾਂ-ਪਹਿਲਾਂ ਪੰਪਾਂ ਦਾ ਪ੍ਰਬੰਧ ਯਕੀਨੀ ਬਣਾਇਆ ਜਾਵੇ ਤਾਂ ਜੋ ਲੋੜ ਪੈਣ ਉਤੇ ਕੋਈ ਦਿੱਕਤ ਨਾ ਆਵੇ।

ਡਿਪਟੀ ਕਮਿਸ਼ਨਰ ਨੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਕੁਦਰਤੀ ਜਲ ਸਰੋਤ ਸਾਧਨਾਂ ਦੇ ਕੰਢੇ ਮਜ਼ਬੂਤ ਕੀਤੇ ਜਾਣ ਦੇ ਕਾਰਜ ਜਲਦ ਤੋਂ ਜਲਦ ਪੂਰੇ ਕੀਤੇ ਜਾਣ ਅਤੇ ਉਨ੍ਹਾਂ ਵਿੱਚੋਂ ਗਾਰ ਕੱਢਣ ਦਾ ਕੰਮ ਵੀ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ।ਉਨ੍ਹਾਂ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਕੁਦਰਤੀ ਜਲ ਸਰੋਤ ਸਾਧਨਾਂ ਦੀ ਸਫਾਈ ਤੇ ਮਜ਼ਬੂਤੀ ਸਬੰਧੀ ਵੀ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ।

ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਉਪ ਮੰਡਲ ਮੈਜਿਸਟਰੇਟਸ ਨੂੰ ਆਖਿਆ ਕਿ ਉਹ ਫੀਲਡ ਵਿੱਚ ਜਾ ਕੇ ਸਾਰੇ ਕਾਰਜਾਂ ਦੀ ਨਜ਼ਰਸਾਨੀ ਕਰਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਥਾਂ ਕੋਈ ਵੀ ਬੋਰਵੈੱਲ ਖੁੱਲ੍ਹਾ ਨਹੀਂ ਹੋਣਾ ਚਾਹੀਦਾ। ਇਸ ਦੇ ਨਾਲ ਹੀ ਉਨ੍ਹਾਂ ਨੇ ਪੀ.ਡਬਲਿਊ.ਡੀ. ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੜਕਾਂ ਦੇ ਬਰਮ ਮਜ਼ਬੂਤ ਕੀਤੇ ਜਾਣ ਤਾਂ ਜੋ ਪਾਣੀ ਆਉਣ ਦੀ ਸੂਰਤ ਵਿੱਚ ਸੜਕਾਂ ਨੂੰ ਨੁਕਸਾਨ ਤੋਂ ਬਚਾਇਆ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਸ਼ਤੀਆਂ, ਜੈਕਟਾਂ ਤੇ ਜੇਸੀਬੀ ਮਸ਼ੀਨਾਂ ਦਾ ਪ੍ਰਬੰਧ ਕਰਨ ਦੇ ਨਾਲ ਨਾਲ ਐਨ.ਡੀ.ਆਰ.ਐਫ. ਨਾਲ ਵੀ ਰਾਬਤਾ ਰੱਖਣ ਲਈ ਵੀ ਕਿਹਾ। ਇਸ ਦੇ ਨਾਲ ਹੀ ਉਨ੍ਹਾਂ ਨੇ ਸਕੂਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਕੂਲਾਂ ਦੀਆਂ ਇਮਾਰਤਾਂ ਦੀ ਜਾਂਚ ਕਰ ਕੇ ਉਨ੍ਹਾਂ ਦੇ ਸੁਰੱਖਿਅਤ ਹੋਣ ਬਾਬਤ ਰਿਪੋਰਟ ਦਿੱਤੀ ਜਾਵੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਸੁਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐਮ. ਅਮਲੋਹ ਸ਼੍ਰੀ ਕਿਰਨਦੀਪ ਸਿੰਘ, ਐਸ.ਡੀ.ਐਮ. ਬਸੀ ਪਠਾਣਾ ਸ਼੍ਰੀ ਸੰਜੀਵ ਕੁਮਾਰ, ਜ਼ਿਲ੍ਹਾ ਮਾਲ ਅਫਸਰ ਸ਼੍ਰੀ ਅਮਨਦੀਪ ਸਿੰਘ ਚਾਵਲਾ, ਸਿਵਲ ਸਰਜਨ ਡਾ: ਦਵਿੰਦਰਜੀਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।