5 Dariya News

ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ 34 ਸਾਲਾ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ

2 ਮਾਸੂਮ ਬੱਚਿਆਂ ਦੇ ਪਿਤਾ ਸੁਖਵਿੰਦਰ ਸਿੰਘ ਦੀ 1 ਜੂਨ ਨੂੰ ਦੁਬਈ 'ਚ ਹੋ ਗਈ ਸੀ ਮੌਤ, ਡਾ.ਓਬਰਾਏ ਨੇ ਹੁਣ ਤੱਕ 357 ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਵਾਰਸਾਂ ਤੱਕ ਪਹੁੰਚਾਏ

5 Dariya News

ਅੰਮ੍ਰਿਤਸਰ 16-Jun-2024

ਪੂਰੀ ਦੁਨੀਆਂ ਅੰਦਰ ਆਪਣੇ ਨਿਵੇਕਲੇ ਸੇਵਾ ਕਾਰਜਾਂ ਕਾਰਨ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਨਾਮਵਰ ਸ਼ਹਿਰ ਮੰਡੀ ਗੋਬਿੰਦਗੜ੍ਹ ਨੇੜਲੇ ਪਿੰਡ ਦਰਹੇੜੀ ਨਾਲ ਸਬੰਧਿਤ 34 ਸਾਲਾ ਸੁਖਵਿੰਦਰ ਸਿੰਘ ਪੁੱਤਰ ਹਰਨੇਕ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਦੋ ਮਸੂਮ ਬੱਚਿਆਂ ਦਾ ਪਿਤਾ ਸੁਖਵਿੰਦਰ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਬਿਹਤਰ ਭਵਿੱਖ ਦੇ ਸੁਪਨੇ ਲੈ ਕੇ ਕਰੀਬ ਦੋ ਸਾਲ ਪਹਿਲਾਂ ਦੁਬਈ ਆਇਆ ਸੀ ਬੀਤੀ 1 ਜੂਨ ਨੂੰ ਦਿਲ ਦਾ ਦੌਰਾ ਪੈਣ ਕਾਰਨ ਉਸਦੀ ਮੌਤ ਹੋ ਗਈ। ਡਾ.ਓਬਰਾਏ ਨੇ ਦੱਸਿਆ ਕਿ ਇਸ ਮੰਦਭਾਗੀ ਘਟਨਾ ਸਬੰਧੀ ਮ੍ਰਿਤਕ ਦੇ ਪਿੰਡ ਦੇ ਸਰਪੰਚ ਗੁਰਪ੍ਰੀਤ ਸਿੰਘ ਨੇ ਟਰੱਸਟ ਦੇ ਨੌਰਥ ਇੰਡੀਆ ਦੇ ਪ੍ਰਧਾਨ ਜੱਸਾ ਸਿੰਘ ਸੰਧੂ ਰਹੀਂ ਉਨ੍ਹਾਂ ਨੂੰ ਪਟਿਆਲਾ ਦਫ਼ਤਰ ਵਿਖੇ ਮਿਲ ਕੇ ਸੁਖਵਿੰਦਰ ਸਿੰਘ ਦੇ ਮ੍ਰਿਤਕ ਸਰੀਰ ਨੂੰ ਭਾਰਤ ਭੇਜਣ ਲਈ ਕਿਹਾ ਸੀ। 

ਜਿਸ ਉਪਰੰਤ ਉਨ੍ਹਾਂ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਦੇਖ-ਰੇਖ 'ਚ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਅੱਜ ਸੁਖਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ ਹੈ। ਉਨ੍ਹਾਂ ਦੱਸਿਆ ਕਿ ਸੁਖਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਆਇਆ ਖਰਚ ਭਾਰਤੀ ਦੂਤਾਵਾਸ ਵੱਲੋਂ ਕੀਤਾ ਗਿਆ ਹੈ ।

ਸੁਖਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਲੈਣ ਪਹੁੰਚੇ ਉਸ ਦੇ ਪਿੰਡ ਦੇ ਸਰਪੰਚ ਗੁਰਪ੍ਰੀਤ ਸਿੰਘ, ਪਿਤਾ ਹਰਨੇਕ ਸਿੰਘ,ਭਰਾ ਹਰਪ੍ਰੀਤ ਸਿੰਘ ਤੇ ਹੋਰਨਾਂ ਪਰਿਵਾਰਿਕ ਮੈਂਬਰਾਂ ਨੇ ਭਾਵੁਕ ਹੁੰਦਿਆਂ ਦੱਸਿਆ ਕਿ ਸੁਖਵਿੰਦਰ ਸਿੰਘ ਆਪਣੇ ਘਰ ਦੀ ਗੁਰਬਤ ਨੂੰ ਦੂਰ ਕਰਨ ਲਈ ਕਰੀਬ ਦੋ ਸਾਲ ਪਹਿਲਾਂ ਮਜ਼ਦੂਰੀ ਕਰਨ ਲਈ ਦੁਬਈ ਗਿਆ ਸੀ ਕਿ ਅਚਾਨਕ ਬੀਤੀ 1 ਜੂਨ ਨੂੰ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। 

ਉਨ੍ਹਾਂ ਦੱਸਿਆ ਕਿ ਪਰਿਵਾਰ ਨੂੰ ਜਦੋਂ ਅਚਾਨਕ ਉਸ ਦੀ ਮੌਤ ਦੀ ਖ਼ਬਰ ਮਿਲੀ ਤਾਂ ਉਨ੍ਹਾਂ ਦੇ ਪੈਰਾਂ ਥੱਲਿਓਂ ਜ਼ਮੀਨ ਨਿਕਲ ਗਈ। ਸੁਖਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਡਾ.ਐੱਸ.ਪੀ. ਸਿੰਘ ਓਬਰਾਏ ਦਾ ਇਸ ਵੱਡੇ ਉਪਰਾਲੇ ਲਈ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਦੀ ਬਦੌਲਤ ਹੀ ਪਰਿਵਾਰ ਨੂੰ ਸੁਖਵਿੰਦਰ ਦੇ ਅੰਤਿਮ ਦਰਸ਼ਨ ਨਸੀਬ ਹੋ ਸਕੇ ਹਨ।

ਪੀਡ਼ਤ ਪਰਿਵਾਰ ਨਾਲ ਹਵਾਈ ਅੱਡੇ 'ਤੇ ਦੁੱਖ ਸਾਂਝਾ ਕਰਨ ਪਹੁੰਚੀ ਟਰੱਸਟ ਦੀ ਟੀਮ ਵੱਲੋਂ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜ਼ਿਲ੍ਹਾ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ ਅਤੇ ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ ਚਮਿਆਰੀ ਨੇ ਦੱਸਿਆ ਕਿ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 357 ਦੇ ਕਰੀਬ ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।