5 Dariya News

ਯੋਗ ਲਈ ਰੋਜ਼ਾਨਾ ਕੁਝ ਸਮਾਂ ਕੱਢ ਕੇ ਅਸੀਂ ਭੱਜ ਦੌੜ ਅਤੇ ਤਣਾਅ ਭਰੀ ਜਿੰਦਗੀ ਵਿੱਚ ਪੂਰੀ ਤਰਾਂ ਬਤੀਤ ਕਰ ਸਕਦੇ ਹਾਂ ਤੰਦਰੁਸਤ ਜੀਵਨ-ਸੰਦੀਪ ਕੁਮਾਰ

ਯੋਗ ਵਿੱਚ ਲਗਾਇਆ ਗਿਆ ਸਮਾਂ ਸਾਡੇ ਸਮੁੱਚੇ ਜੀਵਨ ਨੂੰ ਖੁਸ਼ਹਾਲ ਬਣਾਉਣ ਵਿੱਚ ਪਾਉਂਦਾ ਹੈ ਵੱਡਾ ਯੋਗਦਾਨ

5 Dariya News

ਤਰਨ ਤਾਰਨ 21-Jun-2024

ਯੋਗ ਸਾਨੂੰ ਵਿਰਾਸਤ ਵਿੱਚ ਰਿਸ਼ੀਆਂ ਮੁਨੀਆਂ ਤੋਂ ਹਾਸਲ ਹੋਇਆ ਹੈ, ਜਿਸਨੂੰ ਅੰਤਰ-ਰਾਸ਼ਟਰੀ ਪੱਧਰ ‘ਤੇ ਮਾਨਤਾ ਹਾਸਲ ਹੋਈ ਹੈ ਤੇ ਇਹ ਸਾਡੇ ਲਈ ਬੜੇ ਹੀ ਮਾਣ ਦੀ ਗੱਲ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਅੱਜ ਅੰਤਰ ਰਾਸ਼ਟਰੀ ਯੋਗ ਦਿਵਸ ਮੌਕੇ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਆਯੋਜਿਤ ਕੀਤੇ ਗਏ ਜ਼ਿਲ੍ਹਾ ਪੱਧਰੀ ਯੋਗ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ ।

ਇਸ ਯੋਗ ਸਮਾਗਮ ਵਿੱਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਸਚਿਨ ਪਾਠਕ, ਜ਼ਿਲ੍ਹਾ ਯੂਥ ਅਫ਼ਸਰ ਸ਼੍ਰੀਮਤੀ ਜਸਲੀਨ ਕੌਰ ਅਤੇ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਹਰਪਾਲ ਸਿੰਘ ਪੰਨੂ ਤੋਂ ਇਲਾਵਾ ਜ਼ਿਲ੍ਹੇ ਭਰ ਤੋਂ ਖੇਡਾਂ ਨਾਲ ਜੁੜੇ ਹੋਏ ਖਿਡਾਰੀਆਂ, ਵਿਦਿਆਰਥੀਆਂ ਅਤੇ ਆਮ ਨਾਗਰਿਕਾਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।ਆਯੂਸ਼ ਵਿਭਾਗ ਦੇ ਡਾਕਟਰਾਂ ਵੱਲੋਂ ਸਮੂਹ ਹਾਜ਼ਰੀਨ ਨੂੰ ਯੋਗ ਆਸਣ ਕਰਵਾਏ ਗਏ।  

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਯੋਗ ਨੂੰ ਹਰ ਉਮਰ ਦਾ ਵਿਅਕਤੀ ਸਹਿਜੇ ਹੀ ਆਪਣੇ ਜੀਵਨ ਦਾ ਹਿੱਸਾ ਬਣਾ ਸਕਦਾ ਹੈ। ਉਹਨਾਂ ਕਿਹਾ ਕਿ ਯੋਗ ਲਈ ਰੋਜ਼ਾਨਾ ਕੁਝ ਸਮਾਂ ਕੱਢ ਕੇ ਅਸੀਂ ਭੱਜ ਦੌੜ ਅਤੇ ਤਣਾਅ ਭਰੀ ਜਿੰਦਗੀ ਵਿੱਚ ਪੂਰੀ ਤਰਾਂ ਤੰਦਰੁਸਤ ਜੀਵਨ ਬਤੀਤ ਕਰ ਸਕਦੇ ਹਾਂ। ਯੋਗ ਨੂੰ ਅਪਣਾ ਕੇ ਦਵਾਈਆਂ ਤੇ ਵੱਡੀ ਮਾਤਰਾ ਵਿੱਚ ਹੋਣ ਵਾਲੇ ਖਰਚੇ ਨੂੰ ਬਚਾਇਆ ਜਾ ਸਕਦਾ ਹੈ ਅਤੇ ਯੋਗ ਵਿੱਚ ਲਗਾਇਆ ਗਿਆ ਸਮਾਂ ਸਾਡੇ ਸਮੁੱਚੇ ਜੀਵਨ ਨੂੰ ਖੁਸ਼ਹਾਲ ਬਣਾਉਣ ਵਿੱਚ ਵੱਡਾ ਯੋਗਦਾਨ ਪਾਉਂਦਾ ਹੈ। 

ਉਹਨਾਂ ਕਿਹਾ ਕਿ ਯੋਗ ਨੂੰ ਅਪਨਾਉਣ ਵਿੱਚ ਕਿਸੇ ਤਰਾਂ ਦਾ ਕੋਈ ਖਰਚਾ ਨਹੀਂ ਆਉਂਦਾ। ਇਸ ਨੂੰ ਹਰ ਵਿਅਕਤੀ ਬੜੀ ਆਸਾਨੀ ਨਾਲ ਘਰ ਜਾਂ ਬਾਹਰ ਕਿਤੇ ਵੀ ਕਰ ਸਕਦਾ ਹੈ ਅਤੇ ਇਸਨੂੰ ਅਪਣਾ  ਕੇ ਅਸੀਂ ਮਾਨਸਿਕ ਅਤੇ ਸ਼ਰੀਰਕ ਤੰਦਰੁਸਤੀ ਹਾਸਲ ਕਰ ਸਕਦੇ ਹਾਂ ।ਉਹਨਾ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੀ ਨਿਵੇਕਲੀ ਪਹਿਲ ਸੀ. ਐੱਮ ਦੀ ਯੋਗਸ਼ਾਲਾ ਤਹਿਤ ਤਰਨ ਤਾਰਨ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ `ਤੇ ਲਾਏ ਜਾ ਰਹੇ ਰੋਜ਼ਾਨਾ ਯੋਗ ਸੈਸ਼ਨਾਂ ਵਿੱਚ ਸ਼ਾਮਲ ਹੋ ਕੇ ਹਜ਼ਾਰਾਂ ਵਸਨੀਕ ਲਾਭ ਉਠਾ ਰਹੇ ਹਨ।

ਉਹਨਾਂ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਮੁਹੱਲੇ, ਪਿੰਡ ਜਾ ਸ਼ਹਿਰ ਵਾਸੀਆਂ ਨੇ ਯੋਗ ਕਲਾਸਾਂ ਦਾ ਲਾਭ ਉਠਾਉਣਾ ਹੈ ਤਾਂ ਉਹ ਸਮਰਪਿਤ ਹੈਲਪਲਾਈਨ ਨੰਬਰ 76694-00500  ਤੇ ਸੰਪਰਕ ਕਰ ਕਰਕੇ, ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।