5 Dariya News

ਡਿਪਟੀ ਕਮਿਸ਼ਨਰ ਵੱਲੋਂ “ਮੇਰਾ ਘਰ, ਮੇਰੇ ਨਾਮ” ਸਕੀਮ ਅਧੀਨ ਨੋਟੀਫਾਈ ਪਿੰਡਾਂ ਵਿੱਚ ਕੰਮ ਨੂੰ ਸੁਚੱਜੇ ਢੰਗ ਨਾਲ ਮੁਕੰਮਲ ਕਰਨ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਮੇਰਾ ਘਰ, ਮੇਰੇ ਨਾਮ” ਸਕੀਮ ਤਹਿਤ ਲਾਲ ਲਕੀਰ ਅੰਦਰ ਆਉਂਦੀ ਜਾਇਦਾਦ ਦੇ ਮਾਲਕ ਕਾਨੂੰਨੀ ਤੌਰ ‘ਤੇ ਆਪਣੀ ਜਾਇਦਾਦ ਦੇ ਦਸਤਾਵੇਜ਼ ਪ੍ਰਾਪਤ ਕਰਨ ਦੇ ਹੋਣਗੇ ਹੱਕਦਾਰ

5 Dariya News

ਤਰਨ ਤਾਰਨ 26-Jun-2024

ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਹੋਈ ਮੀਟਿੰਗ ਦੌਰਾਨ “ਮੇਰਾ ਘਰ, ਮੇਰੇ ਨਾਮ” ਸਕੀਮ ਅਧੀਨ ਗਰਾਊਂਡ ਟਰੁਥਿੰਗ ਸਰਵੈ ਦੀ ਪ੍ਰਗਤੀ ਨੂੰ ਵਾਚਿਆ ਗਿਆ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ ਅਤੇ ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਨਵਕੀਰਤ ਸਿੰਘ ਤੋਂ ਇਲਾਵਾ ਮਾਲ ਵਿਭਾਗ ਦੇ ਸਮੂਹ ਅਧਿਕਾਰੀਆਂ ਹਾਜ਼ਰ ਸਨ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ “ਮੇਰਾ ਘਰ, ਮੇਰੇ ਨਾਮ” ਯੋਜਨਾ ਦਾ ਲਾਭ ਦੇਣ ਲਈ ਜ਼ਿਲ੍ਹਾ ਤਰਨ  ਤਾਰਨ ਦੇ ਲਾਲ ਲਕੀਰ ਤਹਿਤ ਆਉਂਦੇ 460 ਪਿੰਡਾਂ ਨੂੰ ਅਧਿਸੂਚਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਪਿੰਡ ਦਾ ਡਰੋਨ ਸਰਵੇਖਣ ਕਰਕੇ ਸਰਵੇ ਆਫ਼ ਇੰਡੀਆ, ਭਾਰਤ ਸਰਕਾਰ ਨੂੰ ਭੇਜਿਆ ਜਾਂਦਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਤੱਕ 174 ਪਿੰਡਾਂ ਦਾ ਡਰੋਨ ਸਰਵੇਖਣ ਕੀਤਾ ਜਾ ਚੁੱਕਾ ਹੈ, ਜਿਸ ਦੀ ਗਰਾਊਂਡ ਟਰੁਥਿੰਗ ਤੋਂ ਬਾਅਦ ਇਤਰਾਜ਼ ਮੰਗ ਕੇ ਅੰਤਿਮ ਰੂਪ ਦੇਣ ਲਈ ਸਰਵੇ ਆਫ਼ ਇੰਡੀਆ ਨੂੰ ਭੇਜਿਆ ਗਿਆ ਹੈ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਡਰੋਨ ਸਰਵੇਖਣ ਤੋਂ ਬਾਅਦ 62 ਪਿੰਡਾਂ ਦੇ ਮੈਪ-2 ਪ੍ਰਾਪਤ ਹੋਏ ਹਨ, ਜਿੰਨ੍ਹਾਂ ਸਬੰਧੀ ਇਤਰਾਜ਼ ਲੈਣ ਦੀ ਪ੍ਰਕਿਰਿਆ ਜਾਰੀ ਹੈ। ਇਸ ਉਪਰੰਤ ਇਸ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨੋਟੀਫਾਈ ਪਿੰਡਾਂ ਵਿਚ ਕੰਮ ਨੂੰ ਸੁਚੱਜੇ ਢੰਗ ਨਾਲ ਜਲਦ ਮੁਕੰਮਲ ਕਰਨ ਵਿੱਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਚਲਾਈ ਜਾ ਰਹੀ “ਮੇਰਾ ਘਰ, ਮੇਰੇ ਨਾਮ” ਸਕੀਮ ਯੋਜਨਾਬੰਦੀ ਅਤੇ ਮਾਲੀਆ ਉਗਰਾਹੀ ਨੂੰ ਸੁਚਾਰੂ ਬਣਾਉਣ ਵਿਚ ਸਹਾਈ ਸਾਬਤ ਹੋਵੇਗੀ, ਇਸੇ ਤਰ੍ਹਾਂ ਇਹ ਪੇਂਡੂ ਹਲਕਿਆਂ ਵਿਚ ਜਾਇਦਾਦ ਦੇ ਅਧਿਕਾਰਾਂ ਬਾਰੇ ਸਪੱਸ਼ਟਤਾ ਨੂੰ ਯਕੀਨੀ ਬਣਾਏਗੀ, ਜਿਸ ਨਾਲ ਜਾਇਦਾਦ ਸਬੰਧੀ ਵਿਵਾਦ ਨੂੰ ਸੁਲਝਾਉਣ ਵਿੱਚ ਮੱਦਦ ਮਿਲੇਗੀ।

ਉਹਨਾਂ ਕਿਹਾ ਕਿ “ਮੇਰਾ ਘਰ, ਮੇਰੇ ਨਾਮ” ਸਕੀਮ ਤਹਿਤ ਲਾਲ ਲਕੀਰ ਅੰਦਰ ਆਉਂਦੀ ਜਾਇਦਾਦ ਦੇ ਮਾਲਕ ਕਾਨੂੰਨੀ ਤੌਰ ‘ਤੇ ਆਪਣੀ ਜਾਇਦਾਦ ਦੇ ਦਸਤਾਵੇਜ਼ ਪ੍ਰਾਪਤ ਕਰਨ ਦੇ ਹੱਕਦਾਰ ਹੋਣਗੇ, ਜਿਸ ਨਾਲ ਉਨ੍ਹਾਂ ਨੂੰ ਆਪਣੀ ਜਾਇਦਾਦ ਦੀ ਖਰੀਦ-ਵੇਚ ਅਤੇ ਮਾਲ ਵਿਭਾਗ ਨਾਲ ਸਬੰਧਤ ਕੰਮਾਂ ਵਿਚ ਕੋਈ ਔਕੜ ਨਹੀਂ ਆਵੇਗੀ।