5 Dariya News

ਐਸਪੀਰੇਸ਼ਨਲ ਜ਼ਿਲ੍ਹਾ/ਬਲਾਕ ਪ੍ਰੋਗਰਾਮ ਤਹਿਤ ਸੰਪੂਰਨਤਾ ਅਭਿਆਨ ਦੀਆਂ ਗਤੀਵਿਧੀਆਂ 8 ਜੁਲਾਈ ਤੋਂ 30 ਸਤੰਬਰ ਤੱਕ ਚੱਲਣਗੀਆਂ

ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ

5 Dariya News

ਮੋਗਾ 28-Jun-2024

ਨੀਤੀ ਆਯੋਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਨੂੰ ਵੱਖ-ਵੱਖ ਖਾਸ ਖੇਤਰਾਂ ਵਿੱਚ ਅੱਗੇ ਲਿਜਾਣ ਲਈ ਐਸਪੀਰੇਸ਼ਨਲ ਜ਼ਿਲ੍ਹਾ ਤੇ ਬਲਾਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਸੀ, ਜਿਸ ਤਹਿਤ ਜ਼ਿਲ੍ਹਾ ਮੋਗਾ ਨੂੰ ਐਸਪੀਰੇਸ਼ਨਲ ਜ਼ਿਲ੍ਹਾ ਅਤੇ ਨਿਹਾਲ ਸਿੰਘ ਵਾਲਾ ਨੂੰ ਐਸਪੀਰੇਸ਼ਨਲ ਬਲਾਕ ਘੋਸ਼ਿਤ ਕੀਤਾ ਗਿਆ ਹੈ। ਪ੍ਰੋਗਰਾਮ ਤਹਿਤ ਜ਼ਿਲ੍ਹੇ ਅਤੇ ਬਲਾਕ ਦੇ ਕਮਜ਼ੋਰ ਖੇਤਰਾਂ ਨੂੰ ਮਜ਼ਬੂਤੀ ਦੇਣ ਲਈ ਬਹੁਤ ਸਾਰੇ ਮਹੱਤਵਪੂਰਨ ਕਾਰਜ ਪੂਰੇ ਹੋ ਚੁੱਕੇ ਹਨ ਅਤੇ ਕੁੱਝ ਕਾਰਵਾਈ ਅਧੀਨ ਹਨ। 

ਹੁਣ ਐਸਪੀਰੇਸ਼ਨਲ ਜ਼ਿਲ੍ਹਾ ਤੇ ਬਲਾਕ ਪ੍ਰੋਗਰਾਮ ਤਹਿਤ ਮਹੱਤਵਪੂਰਨ 6 ਪਹਿਲੂਆਂ ਦਾ ਸੰਪੂਰਨਤਾ ਅਭਿਆਨ ਤਹਿਤ 8 ਜੁਲਾਈ ਤੋਂ ਲੈ ਕੇ 30 ਸਤੰਬਰ 2024 ਤੱਕ ਚਲਾਇਆ ਜਾ ਰਿਹਾ ਹੈ। ਜਿਹੜੇ 6 ਪਹਿਲੂਆਂ ਦੇ ਟੀਚਿਆਂ ਨੂੰ ਸਤ ਫੀਸਦੀ ਪੂਰਾ ਕਰਨ ਲਈ ਇਸ ਮੁਹਿੰਮ ਤਹਿਤ ਜ਼ੋਰ ਦਿੱਤਾ ਜਾਵੇਗਾ ਉਨ੍ਹਾਂ ਵਿੱਚ ਸਿਹਤ,  ਪੋਸ਼ਣ, ਖੇਤੀਬਾੜੀ, ਸਿੱਖਿਆ, ਸਮਾਜਿਕ ਤਰੱਕੀ ਆਦਿ ਨਾਲ ਸਬੰਧਤ ਵੱਖ-ਵੱਖ ਮਹੱਤਵਪੂਰਨ ਕਾਰਜ ਸ਼ਾਮਲ ਹਨ। ਜ਼ਿਲ੍ਹਾ ਤੇ ਬਲਾਕ ਪੱਧਰ ਤੇ ਇਸ ਦਾ ਉਦਘਾਟਨੀ ਪ੍ਰੋਗਰਾਮ 8 ਜੁਲਾਈ ਨੂੰ ਆਯੋਜਿਤ ਕੀਤਾ ਜਾਵੇਗਾ।

ਇਸ ਮੁਹਿੰਮ ਦੀ ਸਫ਼ਲਤਾ ਲਈ ਅਤੇ ਇਨ੍ਹਾਂ ਮਹੱਤਵਪੂਰਨ 6 ਪਹਿਲੂਆਂ ਨੂੰ ਪੂਰਾ ਕਰਨ ਲਈ ਅੱਜ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕੀਤੀ। ਮਹੱਤਵਪੂਰਨ ਕਾਰਜਾਂ ਨੂੰ ਐਕਸ਼ਨ ਪਲਾਨ ਜ਼ਰੀਏ ਨੇਪਰੇ ਚਾੜ੍ਹਨ ਲਈ ਮੀਟਿੰਗ ਵਿੱਚ ਵਿਚਾਰ-ਵਟਾਂਦਰਾ ਕੀਤਾ ਗਿਆ। 

ਉਨ੍ਹਾਂ ਦੱਸਿਆ ਕਿ ਸਿੱਖਿਆ ਪਹਿਲੂ ਬਾਰੇ ਗੱਲ ਕੀਤੀ ਜਾਵੇ ਤਾਂ ਸਾਰੇ ਸੈਕੰਡਰੀ ਸਕੂਲਾਂ ਵਿੱਚ ਬਿਜਲੀ ਸਪਲਾਈ, ਵਿਦਿਆਰਥੀਆਂ ਨੂੰ ਪਾਠ ਪੁਸਤਕਾਂ ਵੰਡਣ ਦੇ ਕੰਮ ਨੂੰ ਸਤ ਫੀਸਦੀ ਪੂਰਾ ਕਰ ਲਿਆ ਗਿਆ ਹੈ। ਸਿਹਤ ਤੇ ਪੋਸ਼ਣ ਪਹਿਲੂ ਵਿੱਚ ਗਰਭਵਤੀ ਔਰਤਾਂ ਨੂੰ ਏ.ਐਨ.ਸੀ ਤਹਿਤ ਰਜਿਸਟਰਡ ਕਰਨ, ਆਈ.ਸੀ.ਡੀ.ਐਸ ਪ੍ਰੋਗਰਾਮ ਤਹਿਤ ਗਰਭਵਤੀ ਔਰਤਾਂ ਨੂੰ ਪੋਸ਼ਣ ਮੁਹੱਈਆ ਕਰਵਾਉਣ ਦਾ ਕੰਮ ਵੀ ਤਕਰੀਬਨ ਪੂਰਾ ਹੋਣ ਵਾਲਾ ਹੈ। 

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨੀਤੀ ਆਯੋਗ ਦੇ  ਇਸ ਪ੍ਰੋਗਰਾਮ ਦੇ  ਸੰਪੂਰਨਤਾ ਅਭਿਆਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਸਮੂਹ ਵਿਭਾਗ ਆਪਣਾ ਬਣਦਾ ਯੋਗਦਾਨ ਪਾਉਣ। ਇਸ ਪ੍ਰੋਗਰਾਮ ਤਹਿਤ ਭਵਿੱਖ ਵਿੱਚ ਚਲਾਈਆਂ ਜਾ ਰਹੀਆਂ ਗਤੀਵਿਧੀਆ ਬਾਰੇ ਵੀ ਡਿਪਟੀ ਕਮਿਸ਼ਨਰ ਨੇ ਦੱਸਿਆ।

ਜ਼ਿਕਰਯੋਗ ਹੈ ਕਿ  ਐਸਪੀਰੇਸ਼ਨਲ ਜ਼ਿਲ੍ਹਾ ਅਤੇ ਬਲਾਕ ਪ੍ਰੋਗਰਾਮ ਭਾਰਤ ਸਰਕਾਰ ਦੀ ਇੱਕ ਪਹਿਲਕਦਮੀ ਹੈ, ਜਿਸ ਤਹਿਤ ਵੱਖ-ਵੱਖ ਮਾਪਦੰਡਾਂ ਵਿੱਚ ਪਛੜ ਰਹੇ ਜ਼ਿਲ੍ਹਿਆਂ ਦੀ ਕਾਰਗੁਜ਼ਾਰੀ ਵਿੱਚ ਸੁਧਾਰ ਅਤੇ ਆਰਥਿਕ ਵਿਕਾਸ ਕਰਨਾ ਹੈ।