5 Dariya News

ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਹਰੇਕ ਯੋਗ ਲਾਭਪਾਤਰੀ ਨੂੰ ਦਿੱਤਾ ਜਾਵੇਗਾ ਲਾਭ : ਵਿਧਾਇਕ ਰੁਪਿੰਦਰ ਸਿੰਘ ਹੈਪੀ

ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਘਰਾਂ ਨੇੜੇ ਜਾ ਕੇ ਕਰਨ ਲਈ ਸਰਕਾਰ ਨੇ ਜਨ ਸੁਵਿਧਾ ਕੈਂਪ ਕੀਤੇ ਸ਼ੁਰੂ

5 Dariya News

ਫ਼ਤਹਿਗੜ੍ਹ ਸਾਹਿਬ 28-Jun-2024

ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਯੋਗ ਲਾਭਪਾਤਰੀਆਂ ਤੱਕ ਲਾਭ ਪਹੁੰਚਾਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੇ ਮੰਤਵ ਨਾਲ ਸਰਕਾਰ ਵੱਲੋਂ ਚਲਾਏ ਜਾ ਰਹੇ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਅੱਜ ਬਸੀ ਪਠਾਣਾ ਸਬ ਡਵੀਜ਼ਨ ਦੇ ਪਿੰਡ ਨੌਗਾਵਾਂ ਵਿਖੇ ਜਨ ਸੁਵਿਧਾ ਕੈਂਪ ਲਗਾਇਆ ਗਿਆ ਜਿਸ ਵਿੱਚ ਹਲਕਾ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ, ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਈਸ਼ਾ ਸਿੰਗਲ ਤੇ ਐਸ.ਡੀ.ਐਮ. ਸ਼੍ਰੀ ਸੰਜੀਵ ਕੁਮਾਰ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।

ਇਸ ਕੈਂਪ ਦਾ ਜਾਇਜ਼ਾ ਲੈਣ ਮੌਕੇ ਗੱਲਬਾਤ ਕਰਦਿਆਂ ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਪਹੁੰਚਾਉਣ ਦੇ ਮੰਤਵ ਨਾਲ ਜਨ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਸਰਕਾਰੀ ਸਹੂਲਤਾਂ ਦਾ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੇ ਸਰਵਪੱਖੀ ਵਿਕਾਸ ਲਈ ਪੂਰੀ ਗੰਭੀਰਤਾ ਨਾਲ ਕੰਮ ਕਰ ਰਹੇ ਹਨ ਤਾਂ ਜ਼ੋ ਪੰਜਾਬ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। 

ਉਨ੍ਹਾਂ ਇਹ ਵੀ ਕਿਹਾ ਕਿ ਅਜਿਹੇ ਕੈਂਪ ਲਗਾਉਣ ਨਾਲ ਜਿਥੇ ਲੋਕਾਂ ਦੇ ਘਰਾਂ ਨੇੜੇ ਸਰਕਾਰੀ ਸਹੂਲਤਾਂ ਮੁਹੱਈਆ ਹੋਣਗੀਆਂ ਉਥੇ ਹੀ ਲੋਕਾਂ ਦੇ ਕੰਮ ਪੂਰੀ ਪਾਰਦਰਸ਼ਤਾ ਨਾਲ ਹੋ ਸਕਣਗੇ। ਵਿਧਾਇਕ ਹੈਪੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਗਈ ਹੈ ਜਿਸ ਤਹਿਤ ਕਈ ਭ੍ਰਿਸ਼ਟ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਾਬੂ ਕਰਕੇ ਜੇਲ੍ਹਾਂ ਵਿੱਚ ਡੱਕਿਆ ਗਿਆ ਹੈ। 

ਉਨ੍ਹਾਂ ਕਿਹਾ ਕਿ ਅਸੀਂ ਲੋਕਾਂ ਨਾਲ ਵਾਅਦਾ ਕੀਤਾ ਹੈ ਕਿ ਲੋਕਾਂ ਦੇ ਪੈਸਿਆਂ ਦੀ ਲੁੱਟ ਕਰਨ ਵਾਲੇ ਕਿਸੇ ਵੀ ਹਾਲਤ ਵਿੱਚ ਬਖਸ਼ੇ ਨਹੀਂ ਜਾਣਗੇ ਅਤੇ ਸਰਕਾਰ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਮੁਕੰਮਲ ਸਫਾਏ ਲਈ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਜਨ ਸੁਵਿਧਾ ਕੈਂਪਾਂ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਇਸ ਦਾ ਲਾਭ ਲੈਣ।

ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਲਗਾਏ ਜਾ ਰਹੇ ਜਨ ਸੁਵਿਧਾ ਕੈਂਪਾਂ ਵਿੱਚ ਸਾਰੇ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਰਹਿੰਦੇ ਹਨ ਤੇ ਲੋਕਾਂ ਦੇ ਕੰਮ ਮੌਕੇ ਤੇ ਹੀ ਨੇਪਰੇ ਚਾੜਨ ਲਈ ਅਗਲੇਰੀ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਲੋਕਾਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਦੇਣ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ਤੇ ਹੱਲ ਕੀਤਾ ਜਾਵੇਗਾ। 

ਉਨ੍ਹਾਂ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਆਮ ਲੋਕਾਂ ਦੇ ਕੰਮਾਂ ਨੂੰ ਪੂਰੀ ਇਮਾਨਦਾਰੀ ਤੇ ਪਾਰਦਰਸ਼ਤਾ ਨਾਲ ਨੇਪਰੇ ਚਾੜਿਆ ਜਾਵੇ। ਇਸ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਇਲਾਕੇ ਦੇ ਵੱਡੀ ਗਿਣਤੀ ਲੋਕ ਹਾਜਰ ਸਨ।