ਚੋਣ ਕਮਿਸ਼ਨ ਵੱਲੋਂ ਪੰਜਾਬ ਤੇ ਹਰਿਆਣਾ ਸੂਬਿਆਂ ਲਈ ਨਿਯੁਕਤ ਕੀਤੇ ਸਪੈਸ਼ਲ ਜਨਰਲ ਅਬਜ਼ਰਬਰ ਸ਼੍ਰੀ ਰਾਮ ਮੋਹਨ ਮਿਸ਼ਰਾ ਆਈ.ਏ.ਐਸ. (ਸੇਵਾ ਮੁਕਤ) ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੋਕ ਸਭਾ ਹਲਕਾ 08-ਫ਼ਤਹਿਗੜ੍ਹ ਸਾਹਿਬ (ਅ:ਜ:) ਦੇ ਜਨਰਲ ਚੋਣ ਅਬਜ਼ਰਵਰ ਆਈ.ਏ.ਐਸ. ਅਧਿਕਾਰੀ ਰਕੇਸ਼ ਸ਼ੰਕਰ, ਪੁਲਿਸ ਅਬਜਰਵਰ ਸੰਦੀਪ ਗਜਾਨਨ ਦੀਵਾਨ ਆਈ.ਪੀ.ਐਸ., ਚੋਣ ਖਰਚਾ ਅਬਜ਼ਰਵਰ ਆਨੰਦ ਕੁਮਾਰ ਆਈ.ਆਰ.ਐਸ., ਜ਼ਿਲ੍ਹਾ ਚੋਣ ਅਫਸਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ, ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ, ਵਧੀਕ ਜ਼ਿਲ੍ਹਾ ਚੋਣ ਅਫਸਰ ਸ਼੍ਰੀਮਤੀ ਈਸ਼ਾ ਸਿੰਗਲ ਅਤੇ ਸਹਾਇਕ ਰੀਟਰਨਿੰਗ ਅਫਸਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਉਨ੍ਹਾਂ ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਪੁਲਿਸ ਜ਼ਿਲ੍ਹਾ ਖੰਨਾਂ, ਲੁਧਿਆਣਾ, ਮਲੇਰਕੋਟਲਾ ਅਤੇ ਜਗਰਾਓਂ ਨਾਲ ਵੀਡੀਓ ਕਾਨਫਰਸਿੰਗ ਰਾਹੀਂ ਗੱਲਬਾਤ ਵੀ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼੍ਰੀ ਮਿਸ਼ਰਾ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਚੋਣਾ ਸਾਡੇ ਦੇਸ਼ ਦਾ ਇੱਕ ਅਹਿਮ ਮੌਕਾ ਹੈ ਅਤੇ ਸਾਨੂੰ ਇਸ ਗੱਲ ਦਾ ਮਾਣ ਹੋਣਾ ਚਾਹੀਦਾ ਹੈ ਕਿ ਅਸੀਂ ਚੋਣ ਪ੍ਰਕ੍ਰਿਆ ਦਾ ਇੱਕ ਹਿੱਸਾ ਬਣ ਕੇ ਕੰਮ ਕਰ ਰਹੇ ਹਾਂ।
ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਚੋਣਾਂ ਦੇ ਇਸ ਮਹਾਨ ਅਵਸਰ ਤੇ ਆਪੋ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਅਦਾ ਕੀਤੀ ਜਾਵੇ ਤਾਂ ਜੋ ਸਾਡੇ ਲੋਕਤੰਤਰ ਨੂੰ ਹੋਰ ਮਜਬੂਤ ਕੀਤਾ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਵੋਟਾਂ ਪੈਣ ਤੋਂ ਪਹਿਲਾਂ ਦੇ ਕੁਝ ਅੰਤਿਮ ਘੰਟਿਆਂ ਵਿੱਚ ਵਧੇਰੇ ਚੌਕਸੀ ਵਰਤੀ ਜਾਵੇ ਤਾਂ ਜੋ ਚੋਣ ਪ੍ਰਕ੍ਰਿਆ ਅਮਨ ਸ਼ਾਂਤੀ ਤੇ ਨਿਰਪੱਖ ਢੰਗ ਨਾਲ ਨੇਪਰੇ ਚੜ੍ਹ ਸਕੇ।
ਸ਼੍ਰੀ ਮਿਸ਼ਰਾ ਨੇ ਸੂਬੇ ਵਿੱਚ ਪੈ ਰਹੀ ਅੱਤ ਦੀ ਗਰਮੀ ਤੋਂ ਵੋਟਰਾਂ ਨੂੰ ਬਚਾਉਣ ਵਾਸਤੇ ਪ੍ਰਸ਼ਾਸ਼ਨ ਵੱਲੋਂ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕਰਦਿਆਂ ਕਿਹਾ ਕਿ ਵੋਟਰਾਂ ਦੀ ਸਹੂਲਤ ਲਈ ਪੋਲਿੰਗ ਸਟੇਸ਼ਨਾਂ ਤੇ ਪੁਖਤਾ ਪ੍ਰਬੰਧ ਕੀਤੇ ਜਾਣ ਅਤੇ ਚੋਣ ਕਮਿਸ਼ਨ ਵੱਲੋਂ ਵੋਟਰਾਂ ਦੀ ਸਹੂਲਤ ਲਈ ਜਾਰੀ ਕੀਤੀ ਗਈ " ਵੋਟਰ ਕਤਾਰ ਸੂਚਨਾ ਐਪ" ਬਾਰੇ ਵੱਧ ਤੋਂ ਵੱਧ ਵੋਟਰਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਵੋਟਰਾਂ ਨੂੰ ਵਧੇਰੇ ਸਮਾਂ ਪੋਲਿੰਗ ਸਟੇਸ਼ਨਾਂ ਤੇ ਨਾ ਖੜਾ ਹੋਣਾ ਪਵੇ। ਉਨ੍ਹਾਂ ਇਹ ਵੀ ਕਿਹਾ ਕਿ ਨਿਗਰਾਨ ਟੀਮਾਂ ਤੇ ਓੜਨ ਦਸਤਿਆਂ ਨੂੰ ਵੀ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਜਾਣ ਕਿ ਨਾਕਿਆਂ ਤੇ ਪੂਰੀ ਚੌਕਸੀ ਵਰਤੀ ਜਾਵੇ।
ਇਸ ਮੌਕੇ ਜ਼ਿਲ੍ਹਾ ਚੋਣ ਅਫਸਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਵੋਟਰਾਂ ਨੂੰ ਹੀਟ ਵੇਬ ਤੋਂ ਬਚਾਉਣ ਵਾਸਤੇ ਪੋਲਿੰਗ ਸਟੇਸ਼ਨਾਂ ਤੇ ਠੰਡੇ ਤੇ ਮਿੱਠੇ ਪਾਣੀ ਦੀਆਂ ਛਬੀਲਾਂ ਲਗਾਈਆਂ ਜਾਣਗੀਆਂ ਅਤੇ ਪੋਲਿੰਗ ਲੋਕੇਸ਼ਨਾਂ ਤੇ ਆਸ਼ਾ ਵਰਕਰਾਂ ਨੂੰ ਵੀ ਤਾਇਨਾਤ ਕੀਤਾ ਜਾਵੇਗਾ ਜਿਨ੍ਹਾਂ ਕੋਲ ਲੋੜੀਂਦੀਆਂ ਦਵਾਈਆਂ ਤੇ ਓ.ਆਰ.ਐਸ. ਦੇ ਪੈਕਟ ਮੌਜੂਦ ਹੋਣਗੇ। ਉਨ੍ਹਾਂ ਦੱਸਿਆ ਕਿ ਵੋਟਰਾਂ ਨੂੰ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੀਆਂ ਮੋਬਾਇਲ ਐਪ ਬਾਰੇ ਜਾਣਕਾਰੀ ਦੇਣ ਵਾਸਤੇ ਪ੍ਰਸ਼ਾਸ਼ਨ ਵੱਲੋਂ ਕਿਓ.ਆਰ. ਕੋਡ ਦਾ ਪੋਸਟਰ ਵੀ ਛਪਵਾਇਆ ਗਿਆ ਹੈ ਜੋ ਕਿ ਵੋਟਰਾਂ ਤੱਕ ਪਹੁੰਚਦਾ ਕੀਤਾ ਗਿਆ ਹੈ।
ਉਨ੍ਹਾਂ ਭਰੋਸਾ ਦਿਵਾਇਆ ਕਿ ਚੋਣ ਪ੍ਰਕ੍ਰਿਆ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਮੁਕੰਮਲ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਮੀਟਿੰਗ ਉਪਰੰਤ ਜਨਰਲ ਚੋਣ ਅਬਜ਼ਰਵਰ ਆਈ.ਏ.ਐਸ. ਅਧਿਕਾਰੀ ਰਕੇਸ਼ ਸ਼ੰਕਰ, ਪੁਲਿਸ ਅਬਜਰਵਰ ਸੰਦੀਪ ਗਜਾਨਨ ਦੀਵਾਨ ਆਈ.ਪੀ.ਐਸ., ਚੋਣ ਖਰਚਾ ਅਬਜ਼ਰਵਰ ਆਨੰਦ ਕੁਮਾਰ ਆਈ.ਆਰ.ਐਸ., ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਵੈਬ ਕਾਸਟਿੰਗ ਸੈਂਟਰ ਦਾ ਜਾਇਜ਼ਾ ਵੀ ਲਿਆ।