ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲਾ ਸੰਗਰੂਰ ਦੇ ਲੋਕਾਂ ਨੂੰ ਵਿਸ਼ਵ ਪੱਧਰ ਦੀਆਂ ਸਰਵੋਤਮ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮਿੱਥੇ ਟੀਚੇ ਨੂੰ ਪੂਰਾ ਕਰਨ ਲਈ ਵਿਕਾਸ ਕਾਰਜ ਜੋਸ਼ੋ ਖਰੋਸ਼ ਨਾਲ ਚੱਲ ਰਹੇ ਹਨ।ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਧੂਰੀ ਵਿਖੇ ਕਰੀਬ 21.65 ਕਰੋੜ ਦੀ ਲਾਗਤ ਨਾਲ ਤਿਆਰ ਹੋ ਰਹੇ ਸਬ ਡਵੀਜ਼ਨਲ ਹਸਪਤਾਲ ਦੇ ਨਵੇਂ ਬਲਾਕ ਅਤੇ ਮੈਟਰਨਲ ਤੇ ਚਾਇਲਡ ਕੇਅਰ ਬਿਲਡਿੰਗ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਕੀਤਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਸੰਗਰੂਰ ਨੂੰ ਸਿਹਤ ਸੇਵਾਵਾਂ ਪੱਖੋਂ ਮੋਹਰੀ ਬਣਾਉਣ ਦੀ ਦਿਸ਼ਾ ਵਿੱਚ ਇਹ ਬਹੁ ਕਰੋੜੀ ਲਾਗਤ ਵਾਲੇ ਪ੍ਰੋਜੈਕਟ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਖੇਤਰ ਵਿੱਚ ਮਹੱਤਵਪੂਰਨ ਭੂਮਿਕਾ ਅਦਾ ਕਰਨਗੇ ਅਤੇ ਇਸ ਪ੍ਰੋਜੈਕਟ ਤਹਿਤ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸੰਗਰੂਰ ਦੇ ਚਾਰ ਸਰਕਾਰੀ ਹਸਪਤਾਲਾਂ ਨੂੰ ਅਤਿ ਆਧੁਨਿਕ ਸਿਹਤ ਸੁਵਿਧਾਵਾਂ ਅਤੇ ਉਪਕਰਨਾਂ ਨਾਲ ਲੈਸ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਕੰਮ ਨੂੰ ਤਰਜੀਹ ਦੇ ਆਧਾਰ ਤੇ ਨੇਪਰੇ ਚੜ੍ਹਾਉਣ ਲਈ ਉਹ ਖੁਦ ਸਮੇਂ-ਸਮੇਂ 'ਤੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲੈ ਰਹੇ ਹਨ ਅਤੇ ਸਬੰਧਤ ਸਬ ਡਵੀਜ਼ਨ ਦੇ ਐਸ.ਡੀ.ਐਮ ਨੂੰ ਵੀ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਨਿਗਰਾਨੀ ਕਰਦੇ ਰਹਿਣ ਦੀ ਹਦਾਇਤ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਵਿੱਚ ਸਿਵਲ ਹਸਪਤਾਲ ਸੰਗਰੂਰ, ਸਬ ਡਵੀਜ਼ਨਲ ਹਸਪਤਾਲ ਧੂਰੀ, ਕਮਿਊਨਿਟੀ ਹੈਲਥ ਸੈਂਟਰ ਕੌਹਰੀਆਂ ਅਤੇ ਰੂਰਲ ਹਸਪਤਾਲ ਚੀਮਾ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ। ਉਸਾਰੀ ਕਾਰਜਾਂ ਦੇ ਨਿਰੀਖਣ ਦੌਰਾਨ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਐਕਸੀਅਨ ਪੰਜਾਬ ਮੰਡੀ ਬੋਰਡ ਪੁਨੀਤ ਸ਼ਰਮਾ ਤੋਂ ਸਬੰਧਤ ਹਸਪਤਾਲ ਦੀ ਅਪਗ੍ਰੇਡੇਸ਼ਨ ਸਬੰਧੀ ਮੌਜੂਦਾ ਸਥਿਤੀ ਅਤੇ ਹੋਰ ਜ਼ਰੂਰਤਾਂ ਬਾਰੇ ਨਕਸ਼ਿਆਂ ਰਾਹੀਂ ਜਾਣਕਾਰੀ ਹਾਸਿਲ ਕੀਤੀ ਅਤੇ ਮੌਕੇ ਉਤੇ ਮੌਜੂਦ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਅਗਲੇ ਸਾਲ ਇਹ ਚਾਰੇ ਹੀ ਮਹੱਤਵਪੂਰਨ ਸਿਹਤ ਪ੍ਰੋਜੈਕਟ ਪੂਰੀ ਤਰ੍ਹਾਂ ਮੁਕੰਮਲ ਹੋ ਜਾਣਗੇ ਅਤੇ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਮਰਪਿਤ ਕਰ ਦਿੱਤੇ ਜਾਣਗੇ।